ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ

0
82

ਬਜੁਰਗ ਸਾਡਾ ਕੀਮਤੀ ਸਰਮਾਇਆ ਹਨ: ਉਹਨਾਂ ਦੀ ਸਾਂਭ-ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ: ਡਾ. ਬਲਜੀਤ ਕੌਰ

ਮੰਤਰੀ ਵੱਲੋਂ ਜਾਇਜ਼ ਮੰਗਾਂ ਪੂਰਾ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਅਗਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮਾਤਾ ਪਿਤਾ ਅਤੇ ਬਜੁਰਗ ਨਾਗਰਿਕਾ ਦੀ ਦੇਖਭਾਲ ਅਤੇ ਭਲਾਈ ਨਿਯਮ 2012 ਦੇ ਨਿਯਮ 24 ਅਧੀਨ ਗਠਿਤ ਕੀਤੇ ਗਏ ਰਾਜ ਪ੍ਰੀਸ਼ਦ ਦੀ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀਆਂ ਵੱਖ ਵੱਖ ਮੰਗਾਂ ਸਬੰਧੀ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ , ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੰਤਰੀ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀਆਂ ਮੁੱਖ ਮੰਗਾਂ, ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਸੀਨੀਅਰ ਸਿਟੀਜ਼ਨ ਲਈ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਨਾ, ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਬਿਰਧ ਆਸ਼ਰਮ ਖੋਲਣਾ, ਬਜੁਰਗਾਂ ਲਈ ਸਰਕਾਰੀ ਸਿਹਤ ਅਦਾਰਿਆਂ ਵਿੱਚ ਸਿਹਤ ਸੇਵਾਵਾਂ ਮੁਫ਼ਤ ਕਰਨਾ, ਮਾਪਿਆਂ ਅਤੇ ਬਜੁਰਗਾਂ ਦੀ ਭਲਾਈ ਅਤੇ ਦੇਖਭਾਲ 2007 ਐਕਟ ਪੰਜਾਬ ਰਾਜ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣਾ ਹੈ। ਇਸ ਤੋਂ ਇਲਾਵਾ ਜਾਨ ਮਾਲ ਦੀ ਸੁਰੱਖਿਆ ਐਕਟ ਨੂੰ ਹੂ-ਬਹੂ ਲਾਗੂ ਕਰਨਾ, ਸਰਕਾਰੀ ਦਫਤਰਾਂ, ਸਮਾਜ ਤੇ ਪਰਿਵਾਰਾਂ ਨੂੰ ਬਜੁਰਗਾਂ ਦੀ ਸੇਵਾ ਸੰਭਾਲ ਸਬੰਧੀ ਸਰਕਾਰੀ ਨਿਯਮਾਂ ਤੋਂ ਜਾਣੂ ਕਰਵਾਉਣਾ, ਸੀਨੀਅਰ ਸਿਟੀਜ਼ਨ ਲਈ ਵੱਖਰਾ ਡਾਇਰੈਕਟੋਰੇਟ ਬਣਾਉਣਾ। ਇਸੇ ਤਰ੍ਹਾਂ ਹੀ ਬਜੁਰਗਾਂ ਦੀ ਭਲਾਈ ਲਈ ਸਟੇਟ ਪਾਲਿਸੀ ਬਣਾਉਣ ਅਤੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਹੈਲਪ ਲਾਈਨ ਨੰਬਰ 14567 ਸਬੰਧੀ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ, ਇਹਨਾਂ ਦੀ ਸਾਂਭ ਸੰਭਾਲ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਮੰਗਾਂ ਸਬੰਧੀ ਸਬੰਧਤ ਵਿਭਾਗਾਂ ਨਾਲ ਲਿਖਾ-ਪੜੀ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸਨਲ ਡਾਇਰੈਕਟਰ ਸ. ਚਰਨਜੀਤ ਸਿੰਘ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here