* ਟੌਲ ਪਲਾਜ਼ਾ ਕਾਲਾਝਾੜ ਵਿਖੇ ਕਿਸਾਨੀ ਧਰਨਾ ਜਾਰੀ
ਭਵਾਨੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਧਰਨੇ ਵਿੱਚ ਬੁਲਾਰਿਆਂ ਨੇ ਕਿਸਾਨ ਸੰਘਰਸ਼ ਦੇ ਅਖਾੜਿਆਂ ਨੂੰ ਹੋਰ ਮਘਾਉਣ ਦਾ ਸੱਦਾ ਦਿੱਤਾ। ਧਰਨੇ ਵਿੱਚ ਯੂਨੀਅਨ ਦੇ ਬਲਾਕ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਅਤੇ ਮੀਤ ਪ੍ਰਧਾਨ ਜਗਤਾਰ ਸਿੰਘ ਲੱਡੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਲੜਦਿਆਂ ਨੂੰ ਜਿੱਥੇ ਪੰਜਾਬ ਵਿੱਚ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਉਥੇ ਹੀ ਦਿੱਲੀ ਦੇ ਬਾਰਡਰਾਂ ਉੱਪਰ ਬੈਠੇ ਕਿਸਾਨਾਂ ਨੂੰ ਅੱਜ 352 ਦਿਨ ਪੂਰੇ ਹੋ ਚੁੱਕੇ ਹਨ। ਜੱਥੇਬੰਦੀ ਦੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌਰ ਜੱਟਾਂ ਨੇ ਕਿਹਾ ਕਿ ਸਾਲ ਭਰ ਦੇ ਜਾਨ ਹੂਲਵੇਂ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਫਿਰ ਵੀ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਨੂੰ ਕਿਸਾਨ ਸਿਦਕ ਅਤੇ ਦ੍ਰਿੜ ਸੰਘਰਸ਼ ਨਾਲ ਭੰਨਕੇ ਮੋਰਚਾ ਫਤਹਿ ਕਰਨਗੇ। ਇਸ ਮੌਕੇ ਜੱਥੇਬੰਦੀ ਦੇ ਬਲਾਕ ਮੀਤ ਪ੍ਰਧਾਨ ਜਗਤਾਰ ਸਿੰਘ ਲੱਡੀ ਨੇ ਦੱਸਿਆ ਕਿ ਦਿੱਲੀ ਦੇ ਬਾਰਡਰਾਂ ਉੱਤੇ ਅਤੇ ਪੰਜਾਬ ਦੇ ਮੋਰਚਿਆ ਵਿੱਚ ਕਿਸਾਨ ਮਜ਼ਦੂਰ ਅਤੇ ਮਾਵਾ ਭੈਣਾ ਚੜਦੀ ਕਲਾ ਨਾਲ ਵੱਡੀ ਗਿਣਤੀ ਦੇ ਵਿੱਚ ਪਹੁੰਚਕੇ ਜੁਮੇਵਾਰੀਆ ਨਿਭਾ ਰਹੇ ਹਨ।
Boota Singh Basi
President & Chief Editor