ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0
75
ਚੰਡੀਗੜ, 26 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਪਹਿਲਾਂ ਇਸ ਸਬੰਧੀ 5 ਹਜ਼ਾਰ ਰੁਪਏ ਮੌਕੇ ‘ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

LEAVE A REPLY

Please enter your comment!
Please enter your name here