ਸੰਗਰੂਰ, 25 ਮਾਰਚ, 2024: ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਸੰਗਰੂਰ ਡਾ.ਕਿਰਪਾਲ ਸਿੰਘ ਦੀ ਅਗਵਾਈ ਵਿੱਚ ਪਿਛਲੇ ਦਿਨੀਂ ਜਿਲ੍ਹਾ ਸੰਗਰੂਰ ‘ਚ ਹੋਈਆਂ ਗੈਰ ਕੁਦਰਤੀ ਮੌਤਾਂ ਸੰਬੰਧੀ ਟਿੱਬੀ ਰਵੀਦਾਸਪੁਰਾ, ਜਖੇਪਲ ਆਦਿ ਪਿੰਡਾਂ ‘ਚ ਸਿਹਤ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਕਿਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ ਹਨ। ਸਿਹਤ ਵਿਭਾਗ ਦੀਆਂ ਟੀਮਾਂ ਘਰੋਂ ਘਰੀਂ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ।ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਆਪਣੇ ਕਾਰਜ ਜਾਰੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ੱਕੀ ਮਰੀਜਾਂ ਨੂੰ ਸਰਕਾਰੀ ਹਸਪਤਾਲ ਰੈਫਰ ਕੀਤਾ ਜਾਵੇ। ਇਸ ਤੋਂ ਇਲਾਵਾ ਵਿਭਾਗ ਵੱਲੋਂ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਭੱਠਿਆਂ, ਪਥੇਰਾਂ ਅਤੇ ਫੈਕਟਰੀਆਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ। ਕਿਸੇ ਵੀ ਸਿਹਤ ਸਮੱਸਿਆ ਆਉਣ ‘ਤੇ ਸਿਹਤ ਵਿਭਾਗ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਅਜੋਏ ਸ਼ਰਮਾ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ.ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਈ ਐਸ ਆਈ) ਡਾ. ਅਮਰਜੀਤ ਸਿੰਘ, ਡਿਪਟੀ ਡਾਇਰੈਕਟਰ ਡਾ. ਪਰਮਿੰਦਰ ਕੌਰ ਵੱਲੋਂ ਵੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ।