ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਪੁਸਤਕ ਸੱਭਿਆਚਾਰ ਪੈਦਾ ਕਰਨਾ ਦਾ ਸੱਦਾ, 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ

0
527

* ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਨਿਖਾਰਨ ਵਿੱਚ ਲਾਇਬ੍ਰੇਰੀਆਂ ਤੇ ਪੁਸਤਕਾਂ ਦਾ ਅਹਿਮ ਯੋਗਦਾਨ
* ਮੈਡੀਟੇਸ਼ਨ, ਯੋਗਾ ਤੇ ਸਰੀਰਕ ਸਿੱਖਿਆ ਨਾਲ ਜੁੜੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ ਉਤੇ ਜ਼ੋਰ
ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਾਇਬ੍ਰੇਰੀਆਂ ਅਤੇ ਪੁਸਤਕਾਂ ਦਾ ਵਿਦਿਆਰਥੀਆਂ ਦੀ ਸਖਸ਼ੀਅਤ ਨਿਖਾਰਨ ਵਿੱਚ ਅਹਿਮ ਯੋਗਦਾਨ ਦੱਸਦਿਆਂ ਲਾਇਬ੍ਰੇਰੀਅਨਾਂ ਨੂੰ ਸਕੂਲਾਂ ਵਿੱਚ ਪੁਸਤਕ ਸੱਭਿਆਚਾਰ ਪੈਦਾ ਕਰਨਾ ਦਾ ਸੱਦਾ ਦਿੱਤਾ। ਉਹ ਇਥੇ ਚੰਡੀਗੜ ਦੇ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਸ. ਪਰਗਟ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲੀ ਸਿਲੇਬਸ ਤੋਂ ਇਲਾਵਾ ਸਾਹਿਤਕ, ਖੇਡਾਂ ਆਦਿ ਗਤੀਵਿਧੀਆਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਤੰਦਰੁਸਤ ਰੱਖਣ ਲਈ ਮੈਡੀਟੇਸਨ, ਯੋਗਾ ਤੇ ਸਰੀਰਕ ਸਿੱਖਿਆ ਨਾਲ ਸਬੰਧਤ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾਵੇ ਕਿਉਂਕਿ ਸਿਹਤਮੰਦ ਸਰੀਰ ਵਿੱਚ ਹੀ ਸਿਹਤਮੰਦ ਦਿਮਾਗ ਦਾ ਵਾਸਾ ਹੁੰਦਾ ਹੈ। ਲਾਇਬ੍ਰੇਰੀਅਨਾਂ ਦੀ ਭਰਤੀ ਨਾਲ ਸਕੂਲਾਂ ਦੀਆਂ ਲਾਇਬ੍ਰੇਰੀਆਂ ਨੂੰ ਨਵੀਂ ਦਿੱਖ ਮਿਲੇਗੀ। ਉਨ੍ਹਾਂ ਨਵੇਂ ਭਰਤੀ ਹੋਏ ਲਾਇਬ੍ਰੇਰੀਅਨਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਅਜੋਕੇ ਬੱਚੇ ਇਲੈਕਟ੍ਰਾਨਿਕ ਯੰਤਰਾਂ ਦੀ ਨਾਲ ਜ਼ਿਆਦਾ ਜੁੜੇ ਹੋਏ ਹਨ ਜਿਨਾਂ ਨੂੰ ਕਿਤਾਬਾਂ ਨਾਲ ਜੋੜਨ ਵਾਸਤੇ ਉਪਰਾਲੇ ਕੀਤੇ ਜਾਣ। ਸਿੱਖਿਆ ਮੰਤਰੀ ਨੇ ਸਿੱਖਿਆ ਨੂੰ ਕਿੱਤਾ ਮੁਖੀ ਬਣਾਉਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਰਸਾਂ ਨੂੰ ਤਿਆਰ ਕਰਨ ਮੌਕੇ ਉਦਯੋਗਾਂ ਦੀ ਮੰਗ ਅਤੇ ਰੋਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਦੇਖਣਾ ਜ਼ਰੂਰੀ ਹੈ ਤਾਂ ਜੋ ਡਿਗਰੀ ਕਰਨ ਉਪਰੰਤ ਵਿਦਿਆਰਥੀਆਂ ਆਪਣੇ ਪੈਰਾਂ ਉਤੇ ਖੜੇ ਹੋ ਸਕਣ। ਉਨ੍ਹਾਂ ਨੌਜਵਾਨਾਂ ਨੂੰ ਵੀ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਸਾਰੂ ਤੇ ਸਕਰਾਤਮਕ ਸੋਚ ਨਾਲ ਕੰਮ ਕਰਨ ਲਈ ਪ੍ਰੇਰਿਆ। ਸ. ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ 14,500 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਅੱਜ ਸੌਂਪੇ ਗਏ ਨਿਯੁਕਤੀ ਪੱਤਰਾਂ ਤੋਂ ਇਲਾਵਾ 18,900 ਹੋਰ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਜਿਹੜੀ ਜਲਦ ਮੁਕੰਮਲ ਕਰਕੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਅਧਿਆਪਕ ਯੂਨੀਅਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮਾਮਲੇ ਹੱਲ ਹੋ ਸਕਦੇ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਤੋਂ ਪਹਿਲਾਂ ਸਿੱਖਿਆ ਸਕੱਤਕ ਸ੍ਰੀ ਅਜੋਏ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਸ.ਐਸ.ਬੋਰਡ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਨਿਰੋਲ ਮੈਰਿਟ ਦੇ ਆਧਾਰ ਉਤੇ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਵਿਦਿਆਰਥੀਆਂ ਵਿੱਚ ਪੜਨ ਦੀ ਰੁਚੀ ਪੈਦਾ ਕਰਨ, ਸਿੱਖਿਆ ਹਾਸਲ ਕਰਨ ਦੇ ਤਰੀਕਿਆਂ ਵਿੱਚ ਹੋਰ ਉਸਾਰੂ ਸੁਧਾਰ ਲਿਆਉਣ ਅਤੇ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਸੁਖਜੀਤ ਪਾਲ ਸਿੰਘ ਨੇ ਕਿਹਾ ਕਿ ਲਾਇਬ੍ਰੇਰੀਅਨਾਂ ਦੀ ਭਰਤੀ ਮਿਆਰੀ ਸਿੱਖਿਆ ਦੇ ਟੀਚਿਆਂ ਨੂੰ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਪੜਨ ਦੀਆਂ ਆਦਤਾਂ ਵਿਕਸਤ ਹੋਣਗੀਆਂ। ਇਸ ਮੌਕੇ ਡਾਇਰੈਕਟਨ ਜਨਰਲ ਸਕੂਲ ਸਿੱਖਿਆ ਸ੍ਰੀ ਬੀ. ਸ੍ਰੀਨਿਵਾਸਨ ਵੀ ਹਾਜਰ ਸਨ।

LEAVE A REPLY

Please enter your comment!
Please enter your name here