ਮਾਨਸਾ, 09 ਅਗਸਤ : 15 ਅਗਸਤ ਨੂੰ ਸੁਤੰਤਰਤਾ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਅਗੇਤਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੁਤੰਤਰਤਾ ਦਿਹਾੜੇ ਮੌਕੇ ਮਾਨਸਾ ਵਿਖੇ ਡਾ. ਬਲਜੀਤ ਕੌਰ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜਾਦੀ ਦੇ 75ਵੇਂ ਅੰਮਿ੍ਰਤ ਮਹਾਂਉਤਸਵ ਦੇ ਮੱਦੇਨਜ਼ਰ ਸੁਤੰਤਰਤਾ ਦਿਹਾੜਾ ਪੂਰੇ ਉਤਸ਼ਾਹ ਨਾਲ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ, ਜਿਸ ਸਬੰਧੀ ਪੂਰੇ ਜ਼ੋਰਾ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਜਿਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣ।
ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਵੱਖ-ਵੱਖ ਸਖ਼ਸ਼ੀਅਤਾਂ ਦੇ ਬੈਠਣ ਲਈ ਵੱਖਰੇ-ਵੱਖਰੇ ਬਲਾਕ ਤਿਆਰ ਕਰਵਾਏ ਜਾਣ ਅਤੇ ਇਸ ਸਬੰਧੀ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਉਚਿੱਤ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਉਨਾਂ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਸਵੱਛਤਾ ਅਭਿਆਨ ਤਹਿਤ ਮੁਹਿੰਮ ਚਲਾ ਕੇ ਜ਼ਿਲੇ ਅੰਦਰ ਸਾਫ਼-ਸਫਾਈ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੁਤੰਤਰਤਾ ਦਿਹਾੜੇ ਸਬੰਧੀ ਕਾਰਜਾਂ ਨੂੰ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸਮਾਗਮ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਉਨਾਂ ਦੱਸਿਆ ਕਿ ਅੰਤਿਮ ਰਿਹਰਸਲ 13 ਅਗਸਤ ਨੂੰ ਸਰਕਾਰੀ ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਮੈਡਮ ਪੂਨਮ ਸਿੰਘ, ਐਸ.ਪੀ. ਸ਼੍ਰੀ ਦਿਗਵਿਜੈ ਕਪਿਲ, ਮੈਡਮ ਤੂਸ਼ਿਤਾ ਗੁਲਾਟੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।