ਸੂਬੇ ਵਿੱਚ ਪੰਚਾਇਤੀ ਚੋਣਾਂ ਦਾ ਅਮਲ ਸ਼ੁਰੂ ਹੁੰਦੇ ਹੀ ਵੱਡੇ ਪੱਧਰ ‘ਤੇ ਧਾਂਦਲੀ ਕਰਕੇ ਲੋਕਤੰਤਰ ਦਾ ਗਲਾ ਘੁੱਟਿਆ : ਗਰਚਾ

0
101
ਸੂਬੇ ਵਿੱਚ ਪੰਚਾਇਤੀ ਚੋਣਾਂ ਦਾ ਅਮਲ ਸ਼ੁਰੂ ਹੁੰਦੇ ਹੀ ਵੱਡੇ ਪੱਧਰ ‘ਤੇ ਧਾਂਦਲੀ ਕਰਕੇ ਲੋਕਤੰਤਰ ਦਾ ਗਲਾ ਘੁੱਟਿਆ : ਗਰਚਾ
ਲੁਧਿਆਣਾ, 6 ਅਕਤੂਬਰ ( ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਸਰਕਾਰ ਨੇ ਚੱਲ ਰਹੀਆਂ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ ’ਤੇ ਧਾਂਦਲੀ ਕਰਕੇ ਲੋਕਤੰਤਰ ਦਾ ਗਲਾ ਘੁੱਟਿਆ ਹੈ ਪਿੰਡਾਂ ਵਿੱਚ ਆਪਸੀ ਭਾਈਚਾਰੇ ਦੀ ਥਾਂ ਨਫ਼ਰਤ ਅਤੇ ਹਿੰਸਾ ਦੇ ਬੀਜ ਬੀਜੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅਫਸਰਸ਼ਾਹੀ ‘ਤੇ ਇੰਨਾ ਦਬਾਅ ਪਾ ਦਿੱਤਾ ਹੈ ਕਿ ਉਨ੍ਹਾਂ ਨੇ ਚੋਣਾਂ ਕਰਵਾਉਣ ‘ਚ ਹਰ ਪੱਧਰ ‘ਤੇ ਧਾਂਦਲੀ ਅਤੇ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੱਖ-ਵੱਖ ਵਿਭਾਗਾਂ ਤੋਂ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਲੈਣ ਤੋਂ ਰੋਕਿਆ ਗਿਆ ਅਤੇ ਫਿਰ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਉਨ੍ਹਾਂ ਨੂੰ ਦਫ਼ਤਰਾਂ ਵਿੱਚ ਵੜਨ ਨਹੀਂ ਦਿੱਤਾ ਗਿਆ। ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਸਰਕਾਰੀ ਅਧਿਕਾਰੀ ਭਗਵੰਤ ਮਾਨ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ, ਉਹ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਤੋਂ ਇਤਰਾਜ਼ ਲਿਖਕੇ ਇਕੱਠੇ ਕਰ ਰਹੇ ਹਨ ਤਾਂ ਜੋ ਵਿਰੋਧੀ ਪਾਰਟੀਆਂ ਦੇ ਸਮਰਥਕ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਜਾ ਸਕਣ। ਸ਼ਰੇਆਮ ਧੱਕੇਸ਼ਾਹੀ ਰਾਹੀਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਕਾਰਨ ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਹੋ ਪਾਉਣਾ ਸੰਭਵ ਦਿਖਾਈ ਨਹੀਂ ਦੇ ਰਿਹਾ।

LEAVE A REPLY

Please enter your comment!
Please enter your name here