ਸੰਘਰਸ਼ੀ ਮਹਿਲਾ ਪਹਿਲਵਾਨਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗਿਰਫਤਾਰ ਕਰਨ ਦੀ ਡੀਟੀਐੱਫ ਵੱਲੋਂ ਸਖ਼ਤ ਨਿਖੇਧੀ

0
175

ਚੰਡੀਗੜ੍ਹ, 28 ਮਈ, 2023: ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਸੰਘਰਸ਼ ਕਰਦੇ ਹੋਏ ਨਵੀਂ ਸੰਸਦ ਮਾਰਚ ਕਰਨ ਜਾ ਰਹੇ ਲੋਕਾਂ ਨੂੰ ਗ੍ਰਿਫਤਾਰ ਕਰਨ, ਖਦੇੜਨ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਨੂੰ ਸੰਸਦ ਵਿੱਚ ਸੱਦਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਔਰਤ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਆਗੂਆਂ ਨੇ ਕਿਹਾ ਕਿ ਇਸ ਘਟਨਾ ਨਾਲ ਸਾਫ਼ ਜ਼ਾਹਰ ਹੋ ਗਿਆ ਹੈ ਕਿ ਇਸ ਸਰਕਾਰ ਅੰਦਰ ਔਰਤ ਵਿਰੋਧੀ ਮਾਨਸਿਕਤਾ ਵਾਲੇ ਲੋਕਾਂ ਨੂੰ ਸੰਸਦ ਵਿੱਚ ਸੱਦਿਆ ਜਾਂਦਾ ਹੈ ਜਦਕਿ ਔਰਤਾਂ ਦੇ ਸਨਮਾਨ ਲਈ ਸੰਘਰਸ਼ ਕਰ ਰਹੇ ਲੋਕਾਂ ਨੂੰ ਗਿਰਫ਼ਤਾਰ ਕਰਕੇ ਜੇਲ੍ਹ ਅੰਦਰ ਸੁੱਟਿਆ ਜਾਂਦਾ ਹੈ। ਡੀਟੀਐੱਫ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਇਸ ਕਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਗ੍ਰਿਫਤਾਰ ਕੀਤੇ ਇਨਸਾਫ ਪਸੰਦ ਲੋਕਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ, ਉਨ੍ਹਾਂ ਮਹਿਲਾਂ ਪਹਿਲਵਾਨਾਂ ਦੇ ਸੰਘਰਸ਼ ਨੂੰ ਜਾਇਜ਼ ਅਤੇ ਹੱਕੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਰ ਖੇਤਰ ਵਿੱਚ ਸਨਮਾਨ ਸਹਿਤ ਅਤੇ ਅਜ਼ਾਦੀ ਨਾਲ ਕੰਮ ਕਰਦੇ ਰਹਿਣ ਲਈ ਇਸ ਸੰਘਰਸ਼ ਦਾ ਸਾਥ ਦੇਣਾ ਜ਼ਰੂਰੀ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਸੂਬਾਈ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਰਘਵੀਰ ਸਿੰਘ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਜਿੱਥੇ ਡੀ ਟੀ ਐੱਫ ਦੇ ਸੱਦੇ ‘ਤੇ ਸਕੂਲਾਂ ਵਿੱਚ ਅਧਿਆਪਕਾਂ ਨੇ ਇਸ ਸੰਘਰਸ਼ ਨਾਲ ਇੱਕਜੁੱਟਤਾ ਪ੍ਰਗਟਾਈ ਸੀ ਹੁਣ ਆਉਣ ਵਾਲੇ ਦਿਨਾਂ ਵਿੱਚ ਡੀ ਟੀ ਐੱਫ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕਰੇਗੀ।

LEAVE A REPLY

Please enter your comment!
Please enter your name here