ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ‘ਚੰਡੀਗੜ੍ਹ ਕੂਚ’ ਦੀਆਂ ਤਿਆਰੀਆਂ ਦਾ ਜਾਇਜ਼ਾ
ਪੰਜਾਬ ਦੇ ਕੋਨੇ-ਕੋਨੇ ਤੋਂ ਟਰਾਲੀਆਂ, ਗੱਡੀਆਂ ਅਤੇ ਬੱਸਾਂ ਆਦਿ ਸਾਧਨਾਂ ਰਾਹੀਂ ਕਿਸਾਨ ਪੁੱਜਣਗੇ ਚੰਡੀਗੜ੍ਹ
ਪੰਜਾਬ ਸਰਕਾਰ ਐੱਮ ਐੱਸ ਪੀ ਤੇ ਖਰੀਦ ਦੀ ਗਾਰੰਟੀ ਤੋਂ ਭੱਜਣ ਦਾ ਰਾਹ ਲੱਭ ਰਹੀ ਹੈ: ਕਿਸਾਨ ਮੋਰਚਾ
ਮੰਡੀਆਂ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਦੀ ਨਿੰਦਾ
ਮੰਡੀਆਂ ਬੰਦ ਕਰਨ ਦਾ ਤੁਗਲਕੀ ਫਰਮਾਨ ਵਾਪਸ ਲੈਣ ਅਤੇ ਝੋਨੇ ਦਾ ਦਾਣਾ-ਦਾਣਾ ਖਰੀਦਣ ਦੀ ਕੀਤੀ ਮੰਗ
ਦਲਜੀਤ ਕੌਰ
ਲੁਧਿਆਣਾ, 13 ਨਵੰਬਰ, 2023: ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਲੁਧਿਆਣਾ ਵਿਖੇ ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਲਤਾਲਾ, ਬਲਵਿੰਦਰ ਸਿੰਘ ਮੱਲੀਨੰਗਲ ਅਤੇ ਸੁੱਖ ਗਿੱਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਵਿਖੇ 26 ਨਵੰਬਰ ਤੋਂ 28 ਨਵੰਬਰ ਤੱਕ ਲੱਗਣ ਵਾਲੇ ਲਗਾਤਾਰ ਧਰਨੇ ਦੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਵੱਖ ਵੱਖ ਕਮੇਟੀਆਂ ਬਣਾ ਕੇ ਪ੍ਰਬੰਧਕੀ ਜ਼ਿੰਮੇਵਾਰੀਆਂ ਲਗਾਈਆਂ ਗਈਆਂ।
ਮੀਟਿੰਗ ਦੌਰਾਨ ਕਿਸਾਨ ਮੋਰਚੇ ਦੇ ਆਗੂਆਂ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਵਲੋਂ ਪਰਾਲੀ ਦੇ ਪ੍ਰਦੂਸ਼ਣ ਦੇ ਸਵਾਲ ਤੇ ਲਈ ਗਈ ਪੁਜੀਸ਼ਨ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਐੱਮ ਐੱਸ ਪੀ ਤੇ ਖਰੀਦ ਦੀ ਗਾਰੰਟੀ ਤੋਂ ਭੱਜਣ ਦਾ ਰਾਹ ਲੱਭ ਰਹੀ ਹੈ ਜਦੋਂ ਕਿ ਚਾਹੀਦਾ ਤਾਂ ਇਹ ਹੈ ਕਿ ਪੰਜਾਬ ਸਰਕਾਰ ਝੋਨੇ, ਕਣਕ ਤੋਂ ਇਲਾਵਾ ਹੋਰ ਫਸਲਾਂ ਖਾਸ ਕਰਕੇ ਮੱਕੀ, ਮੂੰਗੀ, ਬਾਸਮਤੀ, ਗੰਨਾ ਅਤੇ ਸਬਜ਼ੀਆਂ ਆਦਿ ਦੀ ਐੱਮ ਐੱਸ ਪੀ ਤੇ ਖਰੀਦ ਦੀ ਗਾਰੰਟੀ ਲਈ ਕਦਮ ਚੁੱਕੇ। ਮੀਟਿੰਗ ਨੇ ਪਰਾਲੀ ਪ੍ਰਦੂਸ਼ਣ ਦੇ ਸਵਾਲ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਕੇਸ ਦਰਜ਼ ਕਰਨ ਦੀ ਥਾਂ ਕੌਮੀ ਗ੍ਰੀਨ ਟ੍ਰਿਬਿਊਨਲ ਵਲੋਂ ਦਿੱਤੇ ਫੈਸਲੇ ਨੂੰ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ।
ਮੀਟਿੰਗ ਦੌਰਾਨ ਕਿਸਾਨ ਮੋਰਚੇ ਦੇ ਆਗੂਆਂ ਨੇ ਨੇ ਮੰਡੀਆਂ ਬੰਦ ਕਰਕੇ ਝੋਨੇ ਦੀ ਖਰੀਦ ਤੋਂ ਹੱਥ ਪਿੱਛੇ ਖਿੱਚਣ ਦੇ ਸਰਕਾਰ ਦੇ ਫੈਸਲੇ ਦੀ ਨਿੰਦਾ ਕਰਦਿਆਂ ਝੋਨੇ ਦਾ ਦਾਣਾ ਦਾਣਾ ਖਰੀਦ ਕਰਨ ਲਈ ਸਰਕਾਰ ਨੂੰ ਪ੍ਰਬੰਧ ਕਰਨ ਦੀ ਮੰਗ ਕੀਤੀ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪ੍ਰਧਾਨਗੀ ਮੰਡਲ ਨੇ ਦੱਸਿਆ ਕਿ 26 ਨਵੰਬਰ ਨੂੰ ਪੰਜਾਬ ਦੇ ਕੋਨੇ ਕੋਨੇ ਤੋਂ ਟਰਾਲੀਆਂ, ਗੱਡੀਆਂ ਅਤੇ ਬੱਸਾਂ ਆਦਿ ਸਾਧਨਾਂ ਰਾਹੀਂ ਕਿਸਾਨ ਚੰਡੀਗੜ੍ਹ ਪਹੁੰਚਣਗੇ। ਦੂਰ ਵਾਲੇ ਜ਼ਿਲਿਆਂ ਦੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈਕੇ 25 ਨਵੰਬਰ ਨੂੰ ਚੱਲ ਪੈਣਗੇ। ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਅਤੇ ਦਹਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਸ ਪ੍ਰੋਗਰਾਮ ਵਿੱਚ ਪਹੁੰਚ ਰਹੇ ਹਨ। ਪ੍ਰੋਗਰਾਮ ਦੀ ਸਫਲਤਾ ਲਈ ਥਾਂ ਦਾ ਪ੍ਰਬੰਧ ਕਰਨ ਲਈ, ਸਟੇਜ ਵਗੈਰਾ ਦਾ ਪ੍ਰਬੰਧ ਕਰਨ ਲਈ ਅਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਉਣ ਲਈ ਕਮੇਟੀਆਂ ਬਣਾਈਆਂ ਗਈਆਂ। ਸਾਰੀਆਂ ਜਥੇਬੰਦੀਆਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਅਤੇ ਟਰੈਕਟਰ ਟਰਾਲੀਆਂ ਦੀ ਗਿਣਤੀ ਨੋਟ ਕਰਵਾਈ ਅਤੇ ਪਿੰਡਾਂ ਵਿੱਚ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਭਾਵੇਂ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਪ੍ਰੋਗਰਾਮ ਅਨੁਸਾਰ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਲੱਗਣ ਵਾਲੇ ਧਰਨਿਆਂ ਦੀ ਕੜੀ ਵਜੋਂ ਲਾਇਆ ਜਾ ਰਿਹਾ ਹੈ, ਪਰ ਮੀਟਿੰਗ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਵੀ ਵਿਚਾਰੀਆਂ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਵੀ ਜ਼ੋਰ ਦਿੱਤਾ ਜਾਵੇਗਾ। ਜੇਕਰ ਧਰਨੇ ਦੌਰਾਨ ਲੱਗਿਆ ਕਿ ਪੰਜਾਬ ਸਰਕਾਰ ਟਾਲ ਮਟੋਲ ਕਰ ਰਹੀ ਹੈ ਤਾਂ ਲੋੜ ਅਨੁਸਾਰ ਇਸ ਸੰਘਰਸ਼ ਨੂੰ ਨਵਾਂ ਰੂਪ ਦਿੱਤਾ ਜਾ ਸਕਦਾ ਹੈ।
ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਨਾਲ ਸਬੰਧਿਤ ਮੰਗਾਂ ਵਿੱਚ ਹੜਾਂ ਅਤੇ ਗੜੇਮਾਰੀ ਨਾਲ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ, ਸ਼ਹੀਦ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦੇਣੀਆਂ, ਕਿਸਾਨਾਂ ਦਾ ਕਰਜ਼ਾ ਰੱਦ ਕਰਨ,ਚਿਪ ਵਾਲੇ ਸਮਾਰਟ ਮੀਟਰ ਲਗਾਉਣੇ ਬੰਦ ਕਰਕੇ ਪਹਿਲਾਂ ਲਗਾਏ ਜਾਂਦੇ ਇਲੈਕਟ੍ਰਾਨਿਕ ਮੀਟਰ ਲਗਾਉਣ, ਗੰਨਾ ਕਾਸ਼ਤਕਾਰਾਂ ਨੂੰ 450 ਰੁ. ਪ੍ਰਤੀ ਕੁਇੰਟਲ ਭਾਅ ਦੇਣ ਸਮੇਤ ਬਕਾਇਆ ਰਾਸ਼ੀ ਸਮੇਤ ਵਿਆਜ਼ ਜਾਰੀ ਕਰਨ, ਸ਼ਬਜੀਆਂ ਮੂੰਗੀ ਅਤੇ ਮੱਕੀ ਸਮੇਤ ਬਾਕੀ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ਤੇ ਖਰੀਦ, ਸੁਸਾਇਟੀਆਂ ਵਿੱਚ ਨੈਨੋ ਖਾਦਾਂ ਦੀ ਪੈਕਿੰਗ ਜਬਰੀ ਦੇਣ ਅਤੇ ਪਰਾਲੀ ਸਬੰਧੀ ਕਿਸਾਨਾਂ ਤੇ ਦਰਜ ਕੀਤੇ ਪਰਚੇ ਅਤੇ ਰੈਡ ਐਂਟਰੀਆਂ ਰੱਦ ਕਰਨ ਦੀਆਂ ਮੰਗਾਂ ਸ਼ਾਮਲ ਹਨ। ਪੰਜਾਬ ਵਿੱਚ ਆਬਾਦਕਾਰ ਕਿਸਾਨਾਂ ਦੀਆਂ ਜਮੀਨਾਂ ਖੋਹਣ ਦਾ ਮਸਲਾ ਉਚੇਚੇ ਤੌਰ ਤੇ ਵਿਚਾਰਿਆ ਗਿਆ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਤੋਂ ਜਮੀਨਾਂ ਖੋਹ ਕੇ ਉਜਾੜਾ ਬੰਦ ਕਰਕੇ ਮਾਲਕੀ ਹੱਕ ਦਿੱਤੇ ਜਾਣ।
ਕਿਸਾਨ ਆਗੂਆਂ ਨੇ ਦੱਸਿਆ ਕਿ ਧਰਨੇ ਦੀਆਂ ਅੰਤਮ ਛੋਹਾਂ ਦੇਣ ਲਈ 22 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਬੁਲਾ ਲਈ ਗਈ ਹੈ। ਇਸ ਪ੍ਰੋਗਰਾਮ ਦੀ ਸਫਲਤਾ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਬਲਵੀਰ ਸਿੰਘ ਰਾਜੇਵਾਲ ਵਾਲੇ ਮੋਰਚੇ ਨਾਲ ਵੀ ਗੱਲਬਾਤ ਕਰਨ ਲਈ ਡਿਊਟੀ ਲਾਈ ਗਈ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਮਨਜੀਤ ਸਿੰਘ ਧਨੇਰ, ਬੀਕੇਯੂ ਏਕਤਾ ਮਾਲਵਾ ਤੋਂ ਮਲੂਕ ਸਿੰਘ ਹੀਰਕੇ, ਬੀਕੇਯੂ ਪੰਜਾਬ ਤੋਂ ਸੁੱਖ ਗਿੱਲ, ਕਿਸਾਨ ਸੰਘਰਸ਼ ਕਮੇਟੀ ਤੋਂ ਬਲਵਿੰਦਰ ਸਿੰਘ ਮੱਲੀ ਨੰਗਲ, ਕਿਰਤੀ ਕਿਸਾਨ ਯੂਨੀਅਨ ਨਿਰਭੈ ਸਿੰਘ ਢੁੱਡੀਕੇ, ਕੌਮੀ ਕਿਸਾਨ ਯੂਨੀਅਨ ਤੋਂ ਬਿੰਦਰ ਸਿੰਘ ਗੋਲੇਵਾਲਾ, ਜਮਹੂਰੀ ਕਿਸਾਨ ਸਭਾ ਤੋਂ ਕੁਲਵੰਤ ਸਿੰਘ ਸੰਧੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਗੁਰਮੀਤ ਸਿੰਘ ਮਹਿਮਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਤੋਂ ਕਿਰਨਜੀਤ ਸੇਖੋਂ, ਪੰਜਾਬ ਕਿਸਾਨ ਯੂਨੀਅਨ ਤੋਂ ਰੁਲਦੂ ਸਿੰਘ ਮਾਨਸਾ , ਬੀਕੇਯੂ ਡਕੌਂਦਾ ਤੋਂ ਬੂਟਾ ਸਿੰਘ ਬੁਰਜ ਗਿੱਲ, ਕਿਸਾਨ ਕਮੇਟੀ ਦੁਆਬਾ ਤੋਂ ਹਰਬੰਸ ਸਿੰਘ ਸੰਘਾ , ਕੁਲ ਹਿੰਦ ਕਿਸਾਨ ਸਭਾ ਤੋਂ ਬਲਦੇਵ ਸਿੰਘ ਲਤਾਲਾ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਤੋਂ ਸੂਰਤ ਸਿੰਘ ਧਰਮਕੋਟ, ਦੁਆਬਾ ਕਿਸਾਨ ਕਮੇਟੀ ਤੋਂ ਜੰਗਵੀਰ ਸਿੰਘ ਚੌਹਾਨ, ਬੀਕੇਯੂ ਲੱਖੋਵਾਲ ਤੋਂ ਹਰਿੰਦਰ ਸਿੰਘ ਲੱਖੋਵਾਲ , ਕਿਰਤੀ ਕਿਸਾਨ ਯੂਨੀਅਨ ਪੰਜਾਬ ਤੋਂ ਰਘਬੀਰ ਸਿੰਘ, ਬੀਕੇਯੂ ਕਾਦੀਆਂ ਤੋਂ ਵੀਰਪਾਲ ਸਿੰਘ ਸ਼ਾਦੀਪੁਰ ਤੋਂ ਇਲਾਵਾ ਗੁਰਜਿੰਦਰ ਸਿੰਘ ਕਾਲਾ ਮਾਜਰਾ, ਦਵਿੰਦਰ ਸਿੰਘ ਧਾਲੀਵਾਲ ਅਤੇ ਕੇਵਲ ਸਿੰਘ ਖਹਿਰਾ, ਰਮਿੰਦਰ ਸਿੰਘ ਪਟਿਆਲਾ ਅਤੇ ਅੰਗਰੇਜ਼ ਸਿੰਘ ਮੁਹਾਲੀ ਹਾਜ਼ਰ ਸਨ।