ਸੱਤਾ ਦੇ ਨਸ਼ੇ ‘ਚ ਚੂਰ – ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਭੁੱਲ ਗਈ ਆਪ: ਜੈਵੀਰ ਸ਼ੇਰਗਿੱਲ

0
184

ਆਪ ਪੰਜਾਬ ‘ਚ ਸੁਸਤ, ਨਸ਼ੇ ਦਾ ਕਾਰੋਬਾਰ ਚੁਸਤ

ਮੁੱਖ ਮੰਤਰੀ ਸਾਹਿਬ, ਆਪ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਕਿੰਨੀਆਂ ਵੱਡੀਆਂ ਮੱਛੀਆਂ ਫੜੀਆਂ ਹਨ – ਭਾਜਪਾ

ਚੰਡੀਗੜ੍ਹ, 11 ਅਪਰੈਲ: ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਸਮੱਸਿਆ ਅਜੇ ਵੀ ਬਰਕਰਾਰ ਹੈ। ਅਸਲ ਵਿਚ ਇਸਨੇ ਹੋਰ ਵੀ ਗੰਭੀਰ ਰੂਪ ਲੈ ਲਿਆ ਹੈ, ਜੋ ਇਸ ਨਾਲ ਨਜਿੱਠਣ ਵਿਚ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਦਰਸਾਉਂਦਾ ਹੈ।

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਆਉਣ ‘ਤੇ 3 ਮਹੀਨਿਆਂ ‘ਚ ਨਸ਼ਾ ਖਤਮ ਕਰਨ ਦੇ ਦਾਅਵਿਆਂ ‘ਤੇ ਫਟਕਾਰ ਲਗਾਉਂਦੇ ਕਿਹਾ ਕਿ ਪਿਛਲੇ ਇਕ ਸਾਲ ‘ਚ ਮੁੱਖ ਮੰਤਰੀ ਇਸ ਦਿਸ਼ਾ ‘ਚ ਕੁਝ ਠੋਸ ਕਾਰਵਾਈ ਕਰਨ ‘ਚ ਨਾਕਾਮ ਰਹੇ ਹਨ, ਜਿਸ ਤੇ ਉਹਨਾਂ ਨੂੰ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਅੰਗਮਈ ਢੰਗ ਨਾਲ ਪੁੱਛਿਆ, ਕਯਾ ਹੁਆ ਤੇਰਾ ਵਾਇਦਾ, ਵੋ ਕਸਮ, ਵੋ ਇਰਾਦਾ?

ਇੱਥੇ ਜਾਰੀ ਇੱਕ ਜ਼ੋਰਦਾਰ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਆਈਆਂ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 200 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਥਿਤੀ ਇੰਨੀ ਗੰਭੀਰ ਹੈ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਦੀਆਂ ਰਿਪੋਰਟਾਂ ਲਗਾਤਾਰ ਆ ਰਹੀਆਂ ਹਨ। ਉਨ੍ਹਾਂ ਇਸ ਸਾਲ ਜਨਵਰੀ ਵਿੱਚ ਜਲੰਧਰ ਵਿੱਚ ਨਸ਼ਾ ਵਿਰੋਧੀ ਕਾਰਕੁਨ ਲੰਬੜਦਾਰ ਰਾਮ ਗੋਪਾਲ ਦੇ ਕਤਲ ਦੀ ਦੁਖਦਾਈ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਨਸ਼ਾ ਤਸਕਰਾਂ ਵਿੱਚ ਪੁਲੀਸ ਦਾ ਕੋਈ ਡਰ ਨਹੀਂ ਹੈ।

ਜੈਵੀਰ ਨੇ ਕਿਹਾ ਕਿ ਮਾਨ ਸਮੇਤ ਹੋਰ ਆਪ ਆਗੂ ਪਿਛਲੀਆਂ ਸਰਕਾਰਾਂ ਵੱਲੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਵੱਡੀਆਂ ਮੱਛੀਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ ‘ਤੇ ਬੋਲਣ ਦਾ ਕੋਈ ਮੌਕਾ ਨਹੀਂ ਛੱਡਦੇ ਸਨ। ਉਹ ਮੁੱਖ ਮੰਤਰੀ ਨੂੰ ਸਵਾਲ ਕਰਨਾ ਚਾਹੁੰਦੇ ਹਨ ਕਿ ਪਿਛਲੇ ਇੱਕ ਸਾਲ ਦੌਰਾਨ ਆਪ ਸਰਕਾਰ ਨੇ ਕਿੰਨੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿੱਧਾ ਹਮਲਾ ਕਰਦੇ ਹੋਏ, ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਨਿਊਜ਼ ਚੈਨਲਾਂ ‘ਤੇ ਦਿੱਤੇ ਗਏ ਉਨ੍ਹਾਂ ਦੇ ਉਸ ਬਿਆਨ ਦੀ ਯਾਦ ਦਿਵਾਉਣਾ ਚਾਹੁੰਦੇ ਹਨ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਨਸ਼ੇ ਦੇ ਸੌਦਾਗਰਾਂ ਨਾਲ ਮਿਲੀ ਨਾ ਹੋਵੇ ਤਾਂ ਉਹ ਸਰਕਾਰ 3-4 ਮਹੀਨਿਆਂ ਵਿੱਚ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਕਰ ਸਕਦੀ ਹੈ। ਕੇਜਰੀਵਾਲ ਦੇ ਕਹਿਣ ਅਨੁਸਾਰ ਸੋਚਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣੇ ਨੂੰ ਇੱਕ ਸਾਲ ਬੀਤ ਚੁੱਕਾ ਹੈ, ਪਰ ਨਸ਼ੇ ਦੀ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ, ਜੋ ਪੰਜਾਬ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਤਬਾਹ ਕਰ ਰਹੀ ਹੈ।

ਭਾਜਪਾ ਆਗੂ ਨੇ ਦੱਸਿਆ ਕਿ ਕਿਵੇਂ ਦਸੰਬਰ 2022 ਦੇ ਪਹਿਲੇ ਹਫ਼ਤੇ ਸੁਪਰੀਮ ਕੋਰਟ ਨੇ ਪੰਜਾਬ ਵਿੱਚ ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਲਈ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਸਰਹੱਦੀ ਪਿੰਡਾਂ ਦੇ ਦੋ ਦਿਨਾਂ ਦੌਰੇ ਦੌਰਾਨ ਕਿਹਾ ਸੀ ਕਿ ਇਹ ਸਿਰਫ਼ ਨੌਜਵਾਨਾਂ ਦਾ ਸਵਾਲ ਨਹੀਂ ਹੈ, ਸਗੋਂ ਨਸ਼ੇ ਸਕੂਲਾਂ ਵਿੱਚ ਦਾਖਲ ਹੋ ਚੁਕੇ ਹਨ ਅਤੇ ਬੱਚੇ ਇਸਦਾ ਸ਼ਿਕਾਰ ਹੋ ਰਹੇ ਹਨ। ਰਾਜਪਾਲ ਨੇ ਇੱਥੋਂ ਤੱਕ ਜ਼ਿਕਰ ਕੀਤਾ ਸੀ ਕਿ ਉਹ ਜਿਨ੍ਹਾਂ ਪਿੰਡਾਂ ਵਿੱਚ ਗਏ ਸਨ, ਉਨ੍ਹਾਂ ਵਿੱਚ ਲੋਕ ਕਹਿ ਰਹੇ ਸਨ ਕਿ ਨਸ਼ੇ ਜਨਰਲ ਸਟੋਰ ਵਿੱਚ ਕਰਿਆਨੇ ਵਾਂਗ ਵਿਕ ਰਹੇ ਹਨ।

ਸ਼ੇਰਗਿੱਲ ਨੇ ਮੰਗ ਕੀਤੀ ਕਿ ‘ਆਪ’ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਗਏ ਕਦਮਾਂ ਬਾਰੇ ਵਾਈਟ ਪੇਪਰ ਲੈ ਕੇ ਆਵੇ। ਭਾਜਪਾ ਦੇ ਸੀਨੀਅਰ ਆਗੂ ਨੇ ਮਾਨ ਨੂੰ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਦੇ ਨਾਂ ‘ਤੇ ਲੀਪਾਪੋਤੀ ‘ਚੋਂ ਬਾਹਰ ਨਿਕਲਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਨੌਜਵਾਨਾਂ ਨੂੰ ਬਚਾਉਣਾ ਚਾਹੀਦਾ ਹੈ, ਖੁਫੀਆ ਤੰਤਰ ਨੂੰ ਮਜ਼ਬੂਤ ਕੀਤਾ ਜਾਵੇ, ਨਸ਼ੇ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਨਸ਼ਟ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਨਸ਼ਾ ਛੁਆਓ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਪ੍ਰੇਰਕ ਸੈਮੀਨਾਰ ਕਰਵਾਏ ਜਾਣ ਅਤੇ ਮੁੜ ਵਸੇਬਾ ਕੇਂਦਰਾਂ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ।

LEAVE A REPLY

Please enter your comment!
Please enter your name here