ਹਰਪਾਲ ਚੀਮਾ ਤੇ ਅਮਨ ਅਰੋੜਾ ਵੱਲੋਂ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ
ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ
ਸੰਗਰੂਰ ਵਾਸੀਆਂ ਵੱਲੋਂ ਮਿਲ ਰਹੇ ਪਿਆਰ ਦਾ ਸਾਰੀ ਉਮਰ ਰਿਣੀ ਰਹਾਂਗਾ: ਮੀਤ ਹੇਅਰ
ਦਿੜ੍ਹਬਾ, 1 ਮਈ, 2024: ਸੰਗਰੂਰ ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੂਰੇ ਹਲਕੇ ਵਿੱਚ ਕੀਤੀਆਂ ਜਾ ਰਹੀਆਂ ਚੋਣ ਮੀਟਿੰਗਾਂ ਵਿੱਚ ਜੁੜ ਰਹੇ ਭਾਰੀ ਇਕੱਠ ਦੇ ਚੱਲਦਿਆਂ ਦਿੜ੍ਹਬਾ ਦੇ ਅਟਵਾਲ ਪੈਲਿਸ ਵਿਖੇ ਰੱਖੀ ਚੋਣ ਮੀਟਿੰਗ ਵਿੱਚ ਜੁੜੇ ਭਾਰੀ ਇਕੱਠ ਵਿੱਚ ਹਲਕਾ ਵਿਧਾਇਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।
ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਭਾਵੁਕ ਹੁੰਦਿਆਂ ਕਿਹਾ ਕਿ ਇਸ ਚੋਣ ਵਿੱਚ ਸੰਗਰੂਰ ਵਾਸੀਆਂ ਵੱਲੋਂ ਮਿਲ ਰਹੇ ਅਥਾਹ ਪਿਆਰ ਦਾ ਉਹ ਅਤੇ ਉਨ੍ਹਾਂ ਦਾ ਸਾਰਾ ਪਰਿਵਾਰ ਸਾਰੀ ਉਮਰ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹੋ ਪਿਆਰ ਤੇ ਆਸ਼ੀਰਵਾਦ ਹੀ ਉਨ੍ਹਾਂ ਨੂੰ ਅੱਗੇ ਹੋ ਕੇ ਕੰਮ ਕਰਨ ਅਤੇ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਖੜ੍ਹੇ ਹੋਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਉਹ ਸੰਗਰੂਰ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਮੀਤ ਹੇਅਰ ਨੇ ਪਾਰਟੀ ਕਾਡਰ ਦਾ ਉਚੇਚੇ ਤੌਰ ਉਤੇ ਧੰਨਵਾਦ ਕੀਤਾ ਜਿਹੜਾ ਦਿਨ-ਰਾਤ ਮਿਹਨਤ ਕਰ ਕੇ ਪਾਰਟੀ ਦਾ ਪ੍ਰੋਗਰਾਮ ਅਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਪਿੰਡ-ਪਿੰਡ, ਸ਼ਹਿਰ-ਸ਼ਹਿਰ ਅਤੇ ਹਰ ਘਰ ਲੈ ਕੇ ਜਾ ਰਹੇ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਪਿਛਲੇ ਦੋ ਸਾਲ ਵਿੱਚ ਸਰਕਾਰ ਨੇ ਹਰ ਸੂਬਾ ਵਾਸੀ ਨੂੰ 600 ਯੂਨਿਟ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦਿੱਤੇ।14 ਟੋਲ ਪਲਾਜ਼ੇ ਬੰਦ ਕੀਤੇ, ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ 10 ਘੰਟੇ ਬਿਜਲੀ ਦਿੱਤੀ। ਦੋਵਾਂ ਆਗੂਆਂ ਨੇ ਮੀਤ ਹੇਅਰ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਵੇਕਲੀ ਖੇਡ ਨੀਤੀ ਬਣਾਈ ਅਤੇ ਸਿੰਜਾਈ ਵਿਭਾਗ ਵਿੱਚ ਕੰਮ ਕਰਦਿਆਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ।
ਇਸ ਮੌਕੇ ਜੁੜੇ ਪਾਰਟੀ ਅਹੁਦੇਦਾਰਾਂ ਤੇ ਵਲੰਟੀਅਰਾਂ ਦੇ ਲਾਮਿਸਾਲ ਇਕੱਠ ਨੇ ਪਾਰਟੀ ਦੀ ਮੁਹਿੰਮ ਬੂਥ-ਬੂਥ, ਘਰ-ਘਰ ਤੱਕ ਮੁਹਿੰਮ ਲਿਜਾਣ ਦਾ ਵਿਸ਼ਵਾਸ ਦਿਵਾਇਆ।