ਸਿੱਖ ਹਲਕਿਆਂ ਵਿਚ ਵਿਆਪਕ ਰੋਸ, ਘਟਨਾ ਪਿੱਛੇ ਸਾਜਿਸ਼ ਦਾ ਪਤਾ ਲਾਉਣ ਦੀ ਮੰਗ
ਅੰਮ੍ਰਿਤਸਰ (ਸਾਂਝੀ ਸੋਚ ਬਿਊਰੋ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਦਾਖ਼ਲ ਹੋ ਕੇ ਬੇਅਦਬੀ ਦਾ ਯਤਨ ਕਰਨ ਵਾਲੇ ਇਕ ਵਿਅਕਤੀ ਨੂੰ ਰੋਹ ਵਿਚ ਆਈ ਸੰਗਤ ਨੇ ਬੁਰੀ ਤਰ੍ਹਾਂ ਕੁੱਟਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਿਅਕਤੀ ਦੀ ਅਜੇ ਸ਼ਨਾਖਤ ਨਹੀਂ ਹੋ ਸਕੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਵਿਅਕਤੀ ਸੱਚਖੰਡ ਦੇ ਅੰਦਰ ਜੰਗਲਾ ਟੱਪ ਕੇ ਪ੍ਰਕਾਸ਼ ਵਾਲੇ ਅਸਥਾਨ ’ਤੇ ਪਹੁੰਚ ਗਿਆ ਸੀ। ਉਨ੍ਹਾਂ ਦੱਸਿਆ ਕਿ ਸੰਗਤ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਸੀ। ਇਸ ਵਿਅਕਤੀ ਦੀ ਸ਼ਨਾਖਤ ਬਾਰੇ ਉਨ੍ਹਾਂ ਕਿਹਾ ਕਿ ਇਹ ਕੰਮ ਪੁਲੀਸ ਵਲੋਂ ਕੀਤਾ ਜਾਵੇਗਾ। ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਵਿਅਕਤੀ ਨੇ ਬੇਅਦਬੀ ਕਰਨ ਦਾ ਯਤਨ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਵੇਰਵਿਆਂ ਮੁਤਾਬਕ ਇਹ ਘਟਨਾ ਸ਼ਾਮ ਲਗਭਗ ਛੇ ਵਜੇ ਰਹਿਰਾਸ ਦੇ ਪਾਠ ਸਮੇਂ ਵਾਪਰੀ। ਅਚਨਚੇਤੀ ਇਕ ਵਿਅਕਤੀ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ‘ਚ ਦਾਖ਼ਲ ਹੋਇਆ ਅਤੇ ਉਸ ਨੇ ਸਰੂਪ ਸਾਹਮਣੇ ਪਈ ਕਿਰਪਾਨ ਚੁੱਕ ਲਈ। ਇਸ ਦੌਰਾਨ ਉਥੇ ਬੈਠੇ ਕਰਮਚਾਰੀਆਂ ਨੇ ਇਸ ਵਿਅਕਤੀ ਨੂੰ ਤੁਰੰਤ ਕਾਬੂ ਕਰ ਲਿਆ। ਸਾਰੀ ਘਟਨਾ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਚ ਬੈਠੇ ਗ੍ਰੰਥੀ ਸਿੰਘ ਵਲੋਂ ਪਾਠ ਨਿਰੰਤਰ ਜਾਰੀ ਰੱਖਿਆ ਗਿਆ। ਜਦੋਂ ਇਹ ਘਟਨਾ ਵਾਪਰੀ, ਉਸ ਵੇਲੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਚੱਲ ਰਿਹਾ ਸੀ ਅਤੇ ਇਸ ਨੂੰ ਦੇਸ਼-ਵਿਦੇਸ਼ ਵਿਚ ਦੇਖਿਆ ਗਿਆ। ਘਟਨਾ ਦਾ ਪਤਾ ਚਲਦਿਆਂ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸੋਸ਼ਲ ਮੀਡੀਆ ’ਤੇ ਸ੍ਰੀ ਹਰਿਮੰਦਰ ਸਾਹਿਬ ਇਕੱਠੇ ਹੋਣ ਦਾ ਸੱਦਾ ਵੀ ਦਿੱਤਾ ਗਿਆ। ਸਿੱਖ ਜਥੇਬੰਦੀਆਂ ਦੇ ਕਾਰਕੁੰਨ ਅਤੇ ਹੋਰ ਲੋਕ ਵੱਡੀ ਗਿਣਤੀ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਅਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਸਨ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਇਸ ਵਿਅਕਤੀ ਨੂੰ ਸੱਚਖੰਡ ਦੇ ਅੰਦਰੋਂ ਕਾਬੂ ਕੀਤਾ ਤਾਂ ਉਸ ਵੇਲੇ ਹੀ ਉਥੇ ਹਾਜ਼ਰ ਕੁਝ ਵਿਅਕਤੀਆਂ ਨੇ ਉਸ ਦੀ ਮਾਰਕੁੱਟ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਸ ਨੂੰ ਪੁਲੀਸ ਹਵਾਲੇ ਕਰਨ ਲਈ ਬਾਹਰ ਲਿਆਂਦਾ ਗਿਆ ਤਾਂ ਰੋਹ ਵਿਚ ਆਈ ਸੰਗਤ ਨੇ ਉਸ ਦੀ ਇੰਨੀ ਮਾਰਕੁੱਟ ਕੀਤੀ ਕਿ ਉਸ ਦੀ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਹਰ ਰੱਖਿਆ ਗਿਆ ਸੀ। 15 ਦਸੰਬਰ ਨੂੰ ਵੀ ਇਕ ਨੌਜਵਾਨ ਨੇ ਇਥੇ ਸਰੋਵਰ ਵਿਚ ਗੁਟਕਾ ਸੁੱਟ ਕੇ ਬੇਅਦਬੀ ਕੀਤੀ ਸੀ। ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਫੋਨ ਕਰਕੇ ਇਸ ਮਾਮਲੇ ‘ਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਮੰਦਭਾਗੀ ਘਟਨਾ ਦੀ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਅਕਾਲੀ ਦਲ ਸੰਯੁਕਤ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਹੋਰਾਂ ਨੇ ਆਖਿਆ ਕਿ ਬੇਅਦਬੀ ਦੀ ਸਾਜਿਸ਼ ਪਿਛਲੀਆਂ ਤਾਕਤਾਂ ਦਾ ਪਤਾ ਲਾਇਆ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਦੋਸ਼ ਲਾਇਆ ਕਿ ਕੁਝ ਤਾਕਤਾਂ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਹੀਆਂ ਹਨ।
Boota Singh Basi
President & Chief Editor