ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦੀ ਦਵਾਈ ਲਗਾਈ-ਲਾਲਜੀਤ ਸਿੰਘ ਭੁੱਲਰ

0
390
ਚੋਹਲਾ ਸਾਹਿਬ/ਤਰਨਤਾਰਨ,9 ਅਗਸਤ (ਰਾਕੇਸ਼ ਨਈਅਰ) -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੰਪੀ ਸਕਿਨ ਪ੍ਰਭਾਵਤ ਖੇਤਰਾਂ ਦੇ ਦੌਰੇ ਕਰਨ ਦੀਆਂ ਹਦਾਇਤਾਂ ਦੇ ਸਨਮੁਖ ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵੈਟਰਨਰੀ ਡਾਕਟਰਾਂ ਅਤੇ ਪਸ਼ੂ ਮਾਹਰਾਂ ਸਣੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਿੰਦਾਂਵਾਲਾ,ਨਬੀਪੁਰ ਅਤੇ ਨੌਸ਼ਹਿਰਾ ਪੰਨੂਆਂ ਦਾ ਦੌਰਾ ਕੀਤਾ। ਉਨ੍ਹਾਂ ਜਿਥੇ ਪਸ਼ੂ ਪਾਲਣ ਵਿਭਾਗ ਵੱਲੋਂ ਅਰੰਭੇ ਗਏ ਰਾਹਤ ਤੇ ਜਾਗਰੂਕਤਾ ਕਾਰਜਾਂ ਦੀ ਜਾਣਕਾਰੀ ਲਈ,ਉਥੇ ਪਿੰਡਾਂ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਕੈਬਨਿਟ ਮੰਤਰੀ ਪਿਛਲੇ ਹਫਤੇ ਤੋਂ ਸੂਬੇ ਦੇ ਵੱਖ-ਵੱਖ ਪ੍ਰਭਾਵਤ ਪਿੰਡਾਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।
ਇਸੇ ਦੌਰਾਨ ਪੱਤਰਕਾਰਾਂ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦਵਾਈ ਬਿਲਕੁਲ ਮੁਫ਼ਤ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗੋਟ ਪੌਕਸ ਦੀਆਂ 2 ਲੱਖ 33 ਹਜ਼ਾਰ ਤੋਂ ਵੱਧ ਡੋਜ਼ਿਜ਼ ਦੋ ਪੜਾਵਾਂ ਵਿੱਚ ਸੂਬੇ ਵਿੱਚ ਪਹੁੰਚ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਅਹਿਮਦਾਬਾਦ ਤੋਂ ਲਿਆਂਦੀ ਗਈ 1,67,000 ਡੋਜ਼ਿਜ਼ ਦੀ ਦੂਜੀ ਖੇਪ ਨੂੰ ਸਮੂਹ ਜ਼ਿਲ੍ਹਿਆਂ ਅਤੇ ਪ੍ਰਭਾਵਤ ਖੇਤਰਾਂ ਵਿੱਚ ਵੰਡ ਦਿੱਤਾ ਗਿਆ ਹੈ। ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਜੁਟੇ ਡਿਪਟੀ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਵਾਈ ਸਬੰਧੀ ਹੋਰ ਲੋੜ ਬਾਰੇ ਤੁਰੰਤ ਮੁੱਖ ਦਫ਼ਤਰ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਟੀਕਾਕਰਨ ਵਿੱਚ ਕੋਈ ਰੁਕਾਵਟ ਨਾ ਆਵੇ।
ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀਆਂ 673 ਟੀਮਾਂ ਬਣਾਈਆਂ ਗਈਆਂ ਹਨ, ਜੋ ਨਿਰੰਤਰ ਗੋਟ ਪੌਕਸ ਦਵਾਈ ਦੇ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਮੁਲਾਜ਼ਮ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੇ ਹਨ ਜਿਸ ਅਨੁਸਾਰ ਪ੍ਰਭਾਵਤ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕਰਨਾ, ਪ੍ਰਭਾਵਤ ਪਸ਼ੂਆਂ ਦੀ ਆਵਾਜਾਈ ਰੋਕਣਾ ਅਤੇ ਵਾਇਰਸ ਨੂੰ ਕਾਬੂ ਕਰਨ ਲਈ ਦਵਾਈ ਦਾ ਛਿੜਕਾਅ ਆਦਿ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਬੀਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। /ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਜਾਗਰੂਕਤਾ ਕੈਂਪਾਂ, ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here