ਹੋਲੀ ਸਿਟੀ ਕਾਲੋਨੀ ਵਾਸੀਆਂ ਵਲੋਂ ਸੁਰੱਖਿਆ ਨੂੰ ਲੈ ਕੇ ਕਲੋਨਾਈਜ਼ਰ ਤੇ ਪ੍ਰਸ਼ਾਸ਼ਨ ਵਿਰੁੱਧ ਰੋਸ ਮੁਜ਼ਾਹਰਾ

0
269
ਅੰਮ੍ਰਿਤਸਰ,ਰਾਜਿੰਦਰ ਰਿਖੀ -ਕਲੋਨਾਈਜ਼ਰ ਤੇ ਪ੍ਰਸ਼ਾਸ਼ਨ ਦੀਆਂ ਧੱਕੇਸ਼ਾਹੀਆਂ ਸ਼ਿਕਾਰ ਹੋ ਰਹੇ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ੀ ਕਲੋਨੀ ਹੋਲੀ ਸਿਟੀ ਦੇ ਵਾਸੀਆਂ ਵਲੋਂ ਹੁਣ ਆਪਣੀ ਕੋਈ ਸੁਣਵਾਈ ਨਾ ਹੁੰਦੇ ਵੇਖ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਨੂੰ ਤੁਰੰਤ ਕਲੋਨਾਈਜ਼ਰ ਤੇ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।
ਕਾਲੋਨੀ ਵਿੱਚ ਬੀਤੀ ਦਿਨੀਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਕਾਲੋਨੀ ਦੇ ਵਾਸੀ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਤੋਂ ਬਾਅਦ ਕਾਲੋਨੀ ਵਾਸੀਆਂ ਵਲੋਂ ਆਪਣੀ ਸੁਰੱਖਿਆ ਖੁਦ ਕਰਨ ਦੇ ਮਕਸਦ ਨਾਲ ਆਪਣੇ ਪੱਧਰ ‘ਤੇ ਸੁਰੱਖਿਆ ਕਰਮਚਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਪਰ ਕਲੋਨਾਈਜ਼ਰ ਵਲੋਂ ਗੁੰਢਾਗਰਦੀ ਵਿਖਾਈ ਜਾਣ ਦੇ ਰੋਸ ਵਜੋਂ ਲੋਕ ਸੜਕਾਂ ‘ਤੇ ਉਤਰ ਆਏ ਹਨ। ਲੋਕਾਂ ਵਲੋਂ ਕਲੋਨਾਈਜ਼ਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ। ਹੋਲੀ ਸਿਟੀ ਟਾਊਨਸ਼ਿਪ ਐਸੋਸੀੲਏਸ਼ਨ ਦੇ ਚੀਫ ਪੈਟਰਨ ਰਿਟਾਇਰਡ ਜੁਆਇੰਟ ਡਿਪਟੀ ਡਾਇਰੈਕਟਰ ਇੰਟੈਲੀਜੈਂਸ ਬਿਊਰੋ ਐਚ.ਐਸ.ਘੁੰਮਣ, ਸਾਬਕਾ ਵਾਈਸ ਚਾਂਸਲਰ ਡਾ.ਐਮ.ਪੀ.ਐਸ.ਈਸ਼ਰ, ਰਾਜਨ ਮਾਨ, ਕੈਲਾਸ਼ ਬਾਂਸਲ, ਗੁਰਦੇਵ ਸਿੰਘ ਮਾਹਲ, ਗੁਰਪ੍ਰੀਤ ਸਿੰਘ ਸਿੱਧੂ, ਸਾਬਕਾ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ, ਵਿਜੇ ਸ਼ਰਮਾਂ, ਸੰਦੀਪ ਖੋਸਲਾ, ਡਾ. ਨਰਿੰਦਰਪਾਲ ਸਿੰਘ ਸੈਣੀ ਨੇ ਦੱਸਿਆ ਕਿ ਕਤਲ ਦੀ ਵਾਰਦਾਤ ਤੋਂ ਬਾਅਦ ਕਾਲੋਨੀ ਵਾਸੀਆਂ ਵਲੋਂ ਆਪਣੀ ਸੁਰੱਖਿਆ ਖੁਦ ਕਰਨ ਲਈ ਚੁੱਕੇ ਗਏ ਕਦਮਾਂ ਤਹਿਤ ਕਲੋਨਾਈਜ਼ਰ ਢਿੱਲੋਂ ਬਿਲਡਰ ਵਲੋਂ ਆ ਕੇ ਉਹਨਾਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਅਜਿਹਾ ਕਰਨ ਤੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਵਲੋਂ ਕੁਝ ਦਿਨ ਪਹਿਲਾਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੂੰ ਇੱਕ ਪੱਤਰ ਵੀ ਦਿੱਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਪੁਲਿਸ ਲਾਅ ਐਂਡ ਆਰਡਰ ਨੂੰ ਮਿਲਕੇ ਕਲੋਨਾਈਜ਼ਰ ਵਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਸਬੰਧੀ ਮੰਗ ਪੱਤਰ ਵੀ ਦਿੱਤਾ ਹੈ। ਇਸ ਤੋਂ ਇਲਾਵਾ ਏ ਸੀ ਪੀ ਅਤੇ ਐਸ ਐਚ ਓ ਨੂੰ ਵੀ ਪੱਤਰ ਦਿੱਤੇ ਗਏ ਹਨ ਪਰ ਪੁਲਿਸ ਸਾਡੀ ਕੋਈ ਸੁਣਵਾਈ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਕਾਲੋਨੀ ਦੀ ਸੁਰੱਖਿਆ ‘ਤੇ ਹੋਰ ਕਈ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਉਹ ਕਲੋਨਾਈਜ਼ਰ ਵਿਰੁੱਧ ਪ੍ਰਸ਼ਾਸ਼ਨ ਨੂੰ ਪਹਿਲਾਂ ਵੀ ਕਈ ਵਾਰ ਲਿਖਕੇ ਦੇ ਚੁੱਕੇ ਹਨ ਪਰ ਕਲੋਨਾਈਜ਼ਰ ਤੇ ਪ੍ਰਸ਼ਾਸ਼ਨ ਦੀ ਕਥਿਤ ਮਿਲੀਭੁਗਤ ਦਾ ਖਮਿਆਜ਼ਾ ਉਹਨਾਂ ਨੂੰ ਭੁਗਤਣਾ ਪੈ ਰਿਹਾ ਹੈ।
 ਉਹਨਾਂ ਕਿਹਾ ਕਿ ਲੁੱਟ ਖਸੁੱਟ ਦੀਆਂ ਪਹਿਲਾਂ ਵੀ ਬਹੁਤ ਵਾਰਦਾਤਾਂ ਹੋ ਚੁੱਕੀਆਂ ਹਨ ਅਤੇ ਹੁਣ ਸ਼ਰੇਆਮ ਕਤਲ ਕਰਨ ਤੱਕ ਨੌਬਤ ਆ ਗਈ ਹੈ। ਉਹਨਾਂ ਕਿਹਾ ਕਿ ਆਪਣੀ ਸੁਰੱਖਿਆ ਕਰਨ ਦਾ ਅਧਿਕਾਰ ਹਰ ਵਿਅਕਤੀ ਨੂੰ ਹੈ ਪਰ ਇਥੇ ਜਦੋਂ ਅਸੀਂ ਕਾਲੋਨੀ ਦੇ ਸੁਰੱਖਿਆ ਪ੍ਰਬੰਧ ਆਪਣੇ ਖਰਚੇ ‘ਤੇ ਕਰਨ ਦਾ ਫੈਸਲਾ ਕੀਤਾ ਹੈ ਤਾਂ ਪੁਲਿਸ ਕਲੋਨਾਈਜ਼ਰ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸਾਨੂੰ ਸਮਝਾਉਣ ਦੀਆਂ ਬਾਤਾਂ ਪਾ ਰਹੀ ਹੈ। ਉਹਨਾਂ ਕਿਹਾ ਕਿ ਇਕ ਪਾਸੇ ਹਜ਼ਾਰਾਂ ਕਾਲੋਨੀ ਵਾਸੀਆਂ ਦੀ ਜਿੰਦਗੀਆਂ ਦਾ ਸਵਾਲ ਹੈ ਅਤੇ ਦੂਜੇ ਪਾਸੇ ਗੁੰਢਾਗਰਦੀ ਕਰ ਰਹੇ ਕਲੋਨਾਈਜ਼ਰ ਦੀਆਂ ਧੱਕੇਸ਼ਾਹੀਆਂ ਹਨ। ਉਹਨਾਂ ਕਿਹਾ ਕੇ ਜੇਕਰ ਪੁਲਿਸ ਪ੍ਰਸ਼ਾਸ਼ਨ ਨੇ ਸਾਨੂੰ ਆਪਣੀ ਸੁਰੱਖਿਆ ਕਰਨ ਤੋਂ ਰੋਕਿਆ ਤਾਂ ਉਹ  ਸੜਕੀ ਆਵਾਜਾਈ ਬੰਦ ਕਰਕੇ ਧਰਨਾ ਦੇਣਗੇ। ਉਹਨਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਡੀ ਜੀ ਪੀ ਪੰਜਾਬ  ਨੂੰ ਵੀ ਪੱਤਰ ਲਿਖਕੇ ਮੰਗ ਕੀਤੀ ਗਈ ਹੈ ਕਿ ਇਸ ਕਲੋਨਾਈਜ਼ਰ ਵਿਰੁੱਧ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।
ਉਹਨਾਂ ਕਿਹਾ ਕੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਕਲੋਨਾਈਜ਼ਰ ਦੇ ਲਾਇਸੰਸ ਕਈ ਸਾਲ ਪਹਿਲਾਂ ਦੇ ਖਤਮ ਹੋ ਚੁੱਕੇ ਹਨ ਅਤੇ ਇਹ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾ ਰਿਹਾ ਹੈ ਪਰ ਸਰਕਾਰ ਇਸ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ।  ਲੋਕਾਂ ਨੇ ਹੱਥਾਂ ਵਿੱਚ ਕਾਲੇ ਝੰਡੇ ਫੜੇ ਹੋਏ ਸਨ। ਲੋਕਾਂ ਨੇ ਕਾਲੋਨੀ ਦਾ ਮੁੱਖ ਗੇਟ ਬੰਦ ਕਰਕੇ ਕਲੋਨਾਈਜ਼ਰ ਦਾ ਪਿੱਟ ਸਿਆਪਾ ਕੀਤਾ। ਲੋਕਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਸੀ। ਲੋਕ ” ਕਲੋਨਾਈਜ਼ਰ ਮੁਰਦਾਬਾਦ ” ਅਤੇ ” ਪ੍ਰਸ਼ਾਸ਼ਨ ਮੁਰਦਾਬਾਦ ” ਦੇ ਨਾਅਰੇ ਲਾ ਰਹੇ ਸਨ। ਉਹਨਾਂ ਕਿਹਾ ਕਿ ਕਲੋਨਾਈਜ਼ਰ ਸਿਆਸੀ ਦਬਾਉ ਪਾ ਕੇ ਅਧਿਕਾਰੀਆਂ ਨੂੰ ਹੁਣ ਤੱਕ ਡਰਾਉੰਦਾ ਆ ਰਿਹਾ ਹੈ ਪਰ ਹੁਣ ਆਪ ਦੀ ਸਰਕਾਰ ਬਣਨ ਤੇ ਉਹਨਾਂ ਨੂੰ ਆਸ ਦੀ ਕਿਰਨ ਨਜ਼ਰ ਆਈ ਸੀ ਪਰ ਹੁਣ ਵੀ ਕੋਈ ਕਾਰਵਾਈ ਨਹੀਂ ਹੋਈ।
 ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਅਜਿਹੇ ਕਲੋਨਾਈਜ਼ਰਾਂ ਵਿਰੁੱਧ ਸਖਤ ਐਕਸ਼ਨ ਲਿਆ ਜਾਵੇ ਜੋ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾ ਰਿਹਾ ਹੈ। ਇਸਦੀ ਜਾਇਦਾਦ ਦੀ ਜਾਂਚ ਕਰਵਾਈ ਜਾਵੇ। ਇਸ ਮੌਕੇ ‘ਤੇ ਸ਼੍ਰੀ ਦਿਲਬਾਗ ਸਿੰਘ ਸੋਹਲ, ਰਾਜਬੀਰ ਸਿੰਘ ਸੰਧੂ, ਜਗਜੀਤ ਸਿੰਘ ਰੰਧਾਵਾ, ਸੁਰਿੰਦਰਪਾਲ ਸਿੰਘ ਮਾਹਲ, ਡਾ. ਬਿਕਰਮਜੀਤ ਸਿੰਘ ਬਾਜਵਾ,ਕਰਨ ਸਿੰਘ, ਸ਼੍ਰੀ ਅਮਨਦੀਪ ਸਿੰਘ ਸੇਠੀ, ਯੁਗੇਸ਼ ਕਾਮਰਾ, ਸੰਦੀਪ ਸਿੰਘ ਬਾਜਵਾ, ਜੀ ਐਸ ਲਾਲੀ, ਦਿਲਬਾਗ ਸਿੰਘ ਸੰਧੂ ਨੌਸ਼ਹਿਰਾ, ਸੁਰਜੀਤ ਸਿੰਘ ਮਾਹਲ, ਗੁਰਪ੍ਰਤਾਪ ਸਿੰਘ ਛੀਨਾ, ਰਮਨਪ੍ਰੀਤ ਸਿੰਘ ਬਾਜਵਾ, ਕਾਬਲ ਸਿੰਘ, ਦਰਸ਼ਨ ਸਿੰਘ ਬਾਠ, ਡਾ. ਗਗਨਦੀਪ ਸਿੰਘ ਢਿੱਲੋਂ, ਮਨਜੀਤ ਸਿੰਘ ਭੁੱਲਰ ਸਮੇਤ ਸੈਂਕੜੇ ਹੋਲੀ ਸਿਟੀ ਨਿਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here