ਹਜ਼ਾਰਾਂ ਕਿਸਾਨਾਂ ਵੱਲੋਂ ਰਾਜ-ਭਵਨ ਵੱਲ ਮਾਰਚ; ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਅਤੇ ਕਿਸਾਨੀ ਕਰਜ਼ਿਆਂ ਨੂੰ ਮਾਫ਼ ਕਰਵਾਉਣ ਲਈ ਦੂਜੇ ਪੜਾਅ ਦੇ ਸੰਘਰਸ਼ ਦੀ ਕੀਤੀ ਸ਼ੁਰੂਆਤ

0
257
ਲਖੀਮੀਰਪੁਰ ਖੀਰੀ ਕਾਂਡ ਦਾ ਨਿਆਂ ਦੇਣ, ਮੁੱਖ ਸਾਜਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਝੂਠੇ ਕੇਸ ‘ਚ ਬੰਦ ਕੀਤੇ 4 ਕਿਸਾਨਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ
ਕਿਸਾਨੀ ਕਰਜੇ ਤੇ ਲਕੀਰ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਲਈ ਪੈਨਸ਼ਨ ਲਾਗੂ ਕਰਨ ਦੀ ਕੀਤੀ ਮੰਗ
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਦੇਸ਼ ਦੇ ਦਰਜਨ ਤੋਂ ਵੱਧ ਸੂਬਿਆਂ ‘ਚ ਮਾਰਚ
ਦਿੱਲੀ ਚਲੋ’ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਪੰਜਾਬ ਦੇ ਕਿਸਾਨ ਵੱਡੀ ਗਿਣਤੀ ‘ਚ ਮੁਹਾਲੀ ਵਿਖੇ ਇਕੱਠੇ
ਸੂਬੇ ਦੇ ਸਾਰੇ ਹਿੱਸਿਆਂ ਤੋਂ ਔਰਤਾਂ ਸਮੇਤ 33 ਯੂਨੀਅਨਾਂ ਦੇ ਬਹੁਤ ਕਿਸਾਨ ਦਾ ਭਾਰੀ ਇਕੱਠ
ਚੰਡੀਗੜ੍ਹ/ਐੱਸ. ਏ. ਐੱਸ. ਨਗਰ, 26 ਨਵੰਬਰ, 2022: ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ’ਤੇ ਪੰਜਾਬ ਦੀਆਂ 33 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਰਾਜ ਭਵਨ ਵੱਲ ਮਾਰਚ ਕਰਕੇ ਸੀ2+50% ਫਾਰਮੂਲੇ ਤਹਿਤ ਐੱਮ.ਐੱਸ.ਪੀ. ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਦੂਜੇ ਪੜਾਅ ਦੇ ਸੰਘਰਸ਼ ਦੀ ਸ਼ੁਰੂਆਤ ਦੀ ਜ਼ੋਰਦਾਰ ਧਮਕ ਪਾਈ ਹੈ।
ਵਰਣਨਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਦੇਸ਼ ਭਰ ‘ਚ ਰਾਜਭਵਨਾਂ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਸੀ, ਪ੍ਰਾਪਤ ਰਿਪੋਰਟਾਂ ਅਨੁਸਾਰ ਦੋ ਦਰਜਨ ਤੋਂ ਵੱਧ ਸੂਬਿਆਂ ਵਿੱਚ ਮਾਰਚ ਕੀਤੇ ਗਏ ਹਨ। ਪੰਜਾਬ ਦਾ ਅੱਜ ਦਾ ਮਾਰਚ ਉਸ ਕੜੀ ਦਾ ਅਹਿਮ ਹਿੱਸਾ ਸਾਬਤ ਹੋਇਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਸੂਬਿਆਂ ਦੇ ਰਾਜਪਾਲਾਂ ਰਾਹੀਂ ਭੇਜੇ ਗਏ ਮੰਗ ਪੱਤਰ ਵਿੱਚ ਸੀ2+50% ਫਾਰਮੂਲੇ ਨਾਲ ਐੱਮ.ਐੱਸ.ਪੀ. ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨੀ ਕਰਜ਼ਿਆਂ ‘ਤੇ ਲੀਕ ਮਾਰਨ, ਬਿਜਲੀ ਸੋਧ ਬਿੱਲ 2022 ਨੂੰ ਵਾਪਸ ਲੈਣ, ਲਖੀਮੀਰਪੁਰ ਖੀਰੀ ਕਾਂਡ ਦੇ ਮੁੱਖ ਸਾਜਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਅਤੇ ਲਖੀਮੀਰਪੁਰ ਜੇਲ ਵਿੱਚ ਝੂਠਾ ਕੇਸ ਦਰਜ਼ ਕਰਕੇ ਬੰਦ ਕੀਤੇ ਚਾਰ ਨੋਜਵਾਨ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ, ਸ਼ਹੀਦ ਅਤੇ ਜਖ਼ਮੀ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਨਾਲ-ਨਾਲ ਸਾਰੀਆਂ ਫ਼ਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਫ਼ਸਲੀ ਬੀਮਾ ਯੋਜਨਾ, ਕਿਸਾਨ ਅਤੇ ਖੇਤ-ਮਜ਼ਦੂਰਾਂ ਲਈ ਮਹੀਨਾਵਾਰ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਕਿਸਾਨ ਅੰਦੋਲਨ ਦੌਰਾਨ ਸਾਰੇ ਸੂਬਿਆਂ ਅਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਵਿੱਚ ਦਰਜ ਹੋਏ ਪੁਲੀਸ ਕੇਸ ਵਾਪਸ ਲੈਣ ਦੀਆਂ ਮੰਗਾਂ ਉਠਾਈਆਂ ਗਈਆਂ ਹਨ।
ਅੱਜ ਮਾਰਚ ਕਰਨ ਤੋਂ ਪਹਿਲਾਂ ਕਿਸਾਨ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਬਣਾਏ ਪੰਡਾਲ ਵਿੱਚ ਇੱਕਠੇ ਹੋਏ। ਕਿਸਾਨਾਂ ਨੂੰ 33 ਕਿਸਾਨ ਜੱਥੇਬੰਦੀਆਂ ਦੇ ਸੂਬਾਈ ਆਗੂਆਂ ਨੇ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦੇ ਦੂਜੇ ਪੜਾਅ ਦੀ ਸ਼ੁਰੂਆਤ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਦਿਆਂ ਇੱਕ ਦੇਸ਼ ਵਿਆਪੀ ਕਿਸਾਨ ਲਹਿਰ ਉਸਾਰਨ ਦੀ ਲੋੜ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ। ਉਨ੍ਹਾਂ ਪੰਜਾਬ ਦੇ ਲੋਕਾਂ ਵੱਲੋਂ ਦਿੱਲੀ ਮੋਰਚਾ ਫਤਿਹ ਕਰਨ ਵਿੱਚ ਨਿਭਾਏ ਇਤਿਹਾਸਕ ਆਗੂ ਰੋਲ ਤੋਂ ਸਿੱਖਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਦੂਜੇ ਪੜਾਅ ਵਿੱਚ ਵੀ ਪੰਜਾਬ ਦੇ ਲੋਕਾਂ ਨੂੰ ਆਗੂ ਭੂਮਿਕਾ ਨਿਭਾਉਣ ਲਈ ਅੱਗੇ ਆੳਉਣਾ ਪਵੇਗਾ।
ਕਿਸਾਨ ਮੋਰਚੇ ਦੇ ਆਗੂਆਂ ਨੇ ਪਿਛਲੇ ਕੁੱਝ ਦਿਨਾਂ ਤੋਂ ਲੋਕਾਂ ਦੇ ਸੰਘਰਸ਼ ਕਰਨ ਦੇ ਅਧਿਕਾਰ ਅਤੇ ਸੰਘਰਸ਼ ਦੇ ਵੱਖ-ਵੱਖ ਰੂਪ ਉੱਪਰ ਹੁਕਮਰਾਨਾਂ ਵੱਲੋਂ ਗਿਣ-ਮਿੱਥ ਕੇ ਕੀਤੀ ਜਾ ਰਹੀ ਬਿਆਨਬਾਜੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜਦੋਂ ਤੱਕ ਦੇਸ਼ ਵਿੱਚ ਤਾਕਤਾਂ ਦੇ ਕੇਂਦਰੀਕਰਨ ਦੀ ਭਾਜਪਾ ਦੀ ਮੋਦੀ ਸਰਕਾਰ ਦੀ ਹਿਟਲਰਸ਼ਾਹੀ ਦੇ ਨਾਲ-ਨਾਲ ਦੇਸੀ-ਵਿਦੇਸ਼ੀ ਕਾਰਪੋਰੇਟ ਨੂੰ ਖੁਸ਼ ਕਰਨ ਵਾਲੀਆਂ ਨੀਤੀਆਂ ਅਤੇ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਅਤੇ ਹੋਰ ਤਬਕਿਆਂ ਦੀ ਸੰਘੀ ਨੱਪਣ ਵਾਲੇ ਢੰਗ-ਤਰੀਕੇ ਜਾਰੀ ਰਹਿਣਗੇ ਓਨੀ ਦੇਰ ਤੱਕ ਸੰਘਰਸ਼ ਦੀ ਲੋਅ ਮੱਘਦੀ ਰਹੇਗੀ। ਹੁਕਮਰਾਨਾਂ ਵੱਲੋਂ ਕਿਸਾਨ ਲਹਿਰ ਖਿਲਾਫ਼ ਛੇੜੇ ਗਏ ਇਸ ਭੰਡੀ-ਪ੍ਰਚਾਰ ਦੀ ਉਮਰ ਬਹੁਤ ਥੋੜੀ ਸਾਬਤ ਹੋਵੇਗੀ, ਛੇਤੀ ਹੀ ਲੋਕ ਇਸ ਗੁਮਰਾਹਕੁੰਨ ਪ੍ਰਾਪੇਗੰਡੇ ਦੀ ਅਸਲੀਅਤ ਸਮਝ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਇਸ ਗੁੰਮਰਾਹਕੁੰਨ ਪ੍ਰਾਪੇਗੰਡੇ ਤੋਂ ਸਮਾਜ ਨੂੰ ਸੁਚੇਤ ਕਰਨ ਦੀ ਅਪੀਲ ਵੀ ਕੀਤੀ।
ਅੱਜ ਦੇ ਇਕੱਠ ਨੂੰ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨਪਾਲ, ਬੂਟਾ ਸਿੰਘ ਬੁਰਜਗਿੱਲ, ਜੋਗਿੰਦਰ ਉਗਰਾਹਾਂ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਰਾਏ, ਬਲਜੀਤ ਸਿੰਘ ਗਰੇਵਾਲ, ਡਾ. ਸਤਨਾਮ ਅਜਨਾਲਾ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ, ਫੁਰਮਾਨ ਸਿੰਘ ਸੰਧੂ, ਸੁਰਜੀਤ ਸਿੰਘ ਫੂਲ, ਬਲਵਿੰਦਰ ਸਿੰਘ ਰਾਜੂ ਔਲਖ, ਬੂਟਾ ਸਿੰਘ ਸ਼ਾਦੀਪੁਰ, ਵੀਰ ਸਿੰਘ ਬੜਵਾ, ਕਿਰਨਜੀਤ ਸਿੰਘ ਸੇਖੋਂ, ਕੁਲਦੀਪ ਸਿੰਘ ਵਜੀਦਪੁਰ, ਬਿੰਦਰ ਸਿੰਘ ਗੋਲੇਵਾਲਾ, ਮਲੂਕ ਸਿੰਘ ਹੀਰਕੇ, ਹਰਦੇਵ ਸਿੰਘ ਸੰਧੂ, ਹਰਜੀਤ ਸਿੰਘ ਰਵੀ, ਨਿਰਵੈਲ ਸਿੰਘ ਡਾਲੇਕੇ, ਰਾਜਵਿੰਦਰ ਕੌਰ, ਗੁਰਬਖਸ਼ ਸਿੰਘ ਬਰਨਾਲਾ, ਕਿਰਪਾ ਸਿੰਘ ਨੱਥੂਵਾਲਾ, ਭੁਪਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਘੁੰਮਣ ਆਦਿ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here