ਅਧਿਆਪਕ ਦਿਵਸ ਮੌਕੇ ਰੁਜ਼ਗਾਰ ਮੰਗਦੇ ਬੇਰੁਜਗਾਰ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਡੀਟੀਐੱਫ ਵੱਲੋਂ ਸਖਤ ਨਿਖੇਧੀ

0
109

ਡੀਟੀਐੱਫ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ਼ ਦੀ ਸਖ਼ਤ ਨਿੰਦਾ

ਸੰਗਰੂਰ, 5 ਸਤੰਬਰ, 2023: ਅਧਿਆਪਕ ਦਿਵਸ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਆਪਣੇ ਹੱਕੀ ਰੁਜ਼ਗਾਰ ਮੰਗਣ ਗਏ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਅਤੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ‘ਤੇ ਸੰਗਰੂਰ ਪੁਲਿਸ ਵੱਲੋਂ ਕੀਤੇ ਲਾਠੀਚਾਰਜ਼ ਦੀ ਡੈਮੋਕਰੈਟਿਕ ਟੀਚਰਜ਼ ਫਰੰਟ (ਪੰਜਾਬ) ਨੇ ਸਖਤ ਨਿਖੇਧੀ ਕੀਤੀ ਗਈ ਹੈ।

ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਅਧਿਆਪਕ ਦਿਵਸ ਵਾਲੇ ਦਿਨ ਤੇ ਸਰਕਾਰੀ ਸਕੂਲਾਂ ਵਿਚ ਖਾਲੀ ਹਜ਼ਾਰਾਂ ਅਸਾਮੀਆਂ ‘ਤੇ ਭਰਤੀ ਦੀ ਮੰਗ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੰਜਾਬ ਸਰਕਾਰ ਦੀ ਸ਼ਹਿ ‘ਤੇ ਸੰਗਰੂਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਅਧਿਆਪਕਾਂ ਨਾਲ ਬਦਸਲੂਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਨੂੰ ਦਿੱਤੀ ਖੁੱਲ੍ਹੀ ਛੋਟ ਤਹਿਤ, ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਥਾਂ ਗ਼ੈਰ ਜਮਹੂਰੀ ਅਤੇ ਤਾਨਾਸ਼ਾਹੀ ਵਤੀਰਾ ਅਪਨਾਉਣ ਦਾ ਸਖ਼ਤ ਵਿਰੋਧ ਕਰਦੇ ਹਾਂ।

ਡੀਟੀਐੱਫ ਆਗੂਆਂ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਜਗਪਾਲ ਬੰਗੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਨਿੱਜੀਕਰਨ ਦੀ ਨੀਤੀ ਤਹਿਤ ਅਸਾਮੀਆਂ ਦੀ ਛਾਂਟੀ ਕਰਨ ਦੀ ਥਾਂ ਅਧਿਆਪਕਾਂ ਦੀਆਂ ਖਾਲੀ ਸਾਰੀਆਂ ਹਜ਼ਾਰਾਂ ਅਸਾਮੀਆਂ ਲਈ ਇਕ ਹੀ ਇਸ਼ਤਿਹਾਰ ਫੌਰੀ ਜਾਰੀ ਕਰਦਿਆਂ, ਨਿਯੁਕਤੀ ਪ੍ਰਕਿਰਿਆ ਜੰਗੀ ਪੱਧਰ ‘ਤੇ ਪੂਰੀ ਕਰਨ ਅਤੇ ਲੰਬੇ ਸਮੇਂ ਤੋਂ ਅਸਾਮੀਆਂ ਦਾ ਇੰਤਜ਼ਾਰ ਕਰ ਰਹੇ ਓਵਰੇਜ ਅਧਿਆਪਕਾਂ ਲਈ ਉੱਪਰਲੀ ਉਮਰ ਹੱਦ ਤਰਕਸੰਗਤ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਬੇਰੁਜ਼ਗਾਰ ਅਧਿਆਪਕਾਂ ਲਈ ਚੱਲ ਰਹੀਆਂ ਭਰਤੀ ਪ੍ਰਕਿਰਿਆਵਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ, ਸਰਕਾਰੀ ਸਕੂਲਾਂ ਵਿੱਚ ਪੂਰੇ ਤਨਖਾਹ ਸਕੇਲਾਂ ‘ਤੇ ਘੱਟੋ ਘੱਟ 15,000 ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ਅਤੇ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ।

LEAVE A REPLY

Please enter your comment!
Please enter your name here