ਕਿਰਤੀ ਕਿਸਾਨ ਯੂਨੀਅਨ ਵੱਲੋਂ ਅਟਾਰੀ ਅਤੇ ਹੁਸੈਨੀਵਾਲਾ ਵਿਖੇ ਵੱਡੀਆਂ ਕਾਨਫਰੰਸਾਂ ਕਰਨ ਦਾ ਐਲਾਨ

0
176

ਭਾਰਤ-ਪਾਕਿਸਤਾਨ ਵਪਾਰ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲਣ ਦੀ ਕੀਤੀ ਮੰਗ

ਵੀਜ਼ਾ ਸ਼ਰਤਾਂ ਖਤਮ ਕਰਕੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਖੁੱਲ੍ਹ ਦੇਣ ਦੀ ਵਕਾਲਤ

ਅਟਾਰੀ ਵਿਖੇ 18 ਸਤੰਬਰ ਅਤੇ ਹੁਸੈਨੀਵਾਲਾ ਵਿਖੇ 20 ਸਤੰਬਰ ਨੂੰ ਕੀਤੇ ਜਾਣਗੇ ਇਕੱਠ

ਚੰਡੀਗੜ੍ਹ/ਅੰਮ੍ਰਿਤਸਰ, 21 ਅਗਸਤ, 2023: ਕਿਰਤੀ ਕਿਸਾਨ ਯੂਨੀਅਨ ਨੇ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ ਦੀ ਜੋਰਦਾਰ ਮੰਗ ਕੀਤੀ ਹੈ। ਜੱਥੇਬੰਦੀ ਨੇ ਇਸ ਮੰਗ ਨੂੰ ਲੈ ਕੇ 18 ਸਤੰਬਰ ਨੂੰ ਅਟਾਰੀ ਵਿਖੇ ਅਤੇ 20 ਸਤੰਬਰ ਨੂੰ ਹੁਸੈਨੀਵਾਲਾ ਵਿਖੇ ਅਤੇ ਸੂਬੇ ਦੇ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ ਅਤੇ ਮੋਗਾ ਆਦਿ ਜ਼ਿਲ੍ਹਿਆਂ ਵਿੱਚ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਹੈ।

ਜੱਥੇਬੰਦੀ ਨੇ ਇਹ ਐਲਾਨ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਰਨਲ ਸਕੱਤਰ ਰਾਜਿੰਦਰ ਸਿੰਘ ਦੀਪਸਿੰਘਵਾਲਾ, ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ , ਸਤਬੀਰ ਸਿੰਘ ਸੁਲਤਾਨੀ ਅਤੇ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਸਮੇਤ ਹੋਰ ਸੂਬਾਈ ਆਗੂ ਟੀਮ ਦੇ ਮੈਂਬਰ ਸ਼ਾਮਲ ਸਨ। ਯੂਨੀਅਨ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਸੜਕੀ ਰਸਤਿਆਂ ਰਾਹੀਂ ਵੀਜ਼ਾ ਸ਼ਰਤਾਂ ਖਤਮ ਕਰਕੇ ਪਾਕਿਸਤਾਨ ਤੱਕ ਆਪਣੀ ਉਪਜ ਵੇਚਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ।

‘ਵਰਣਨਯੋਗ ਹੈ ਕਿ ਭਾਰਤ ਸਰਕਾਰ ਨੇ 2019 ’ਚ ਪਾਕਿਸਤਾਨ ਨੂੰ ਵਪਾਰ ਲਈ ਅਨੁਕੂਲ ਦੇਸ਼ਾਂ ਦੀ ਸੂਚੀ ਵਿੱਚੋਂ ਖਾਰਜ ਕਰਕੇ ਗੈਰ-ਜ਼ਰੂਰੀ ਵਸਤਾਂ ਉੱਪਰ 200% ਰੈਗੂਲੇਟਰੀ ਡਿਊਟੀ ਲਗਾ ਦਿੱਤੀ ਸੀ। ਇਸਦੇ ਬਾਵਜੂਦ ਦੋਵੇਂ ਦੇਸ਼ਾਂ ਵਿਚਕਾਰ 1.35 ਅਰਬ ਡਾਲਰ ਦੀ ਰਕਮ ਦੇ ਲਗਭਗ ਵਪਾਰ ਹੋ ਰਿਹਾ ਹੈ ਜਿਸ ਵਿੱਚ ਭਾਰਤ ਤੋਂ ਖੰਡ, ਕਪਾਹ ਸਮੇਤ ਕਈ ਵਸਤਾਂ ਪਾਕਿਸਤਾਨ ਭੇਜੀਆਂ ਜਾਂਦੀਆਂ ਹਨ। ਪ੍ਰੰਤੂ ਇਹ ਵਪਾਰ ਜਿਆਦਾਤਰ ਮੁੰਦਰਾ ਬੰਦਰਗਾਹ (ਗੁਜਰਾਤ) ਤੋਂ ਸਮੁੰਦਰੀ ਰਸਤੇ ਰਾਹੀਂ ਹੁੰਦਾ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਬਿਆਨ ਜਾਰੀ ਕਰਦਿਆਂ ਜੱਥੇਬੰਦੀ ਦੇ ਸੂਬਾਈ ਅਹੁਦੇਦਾਰਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੋਹਾਂ ਮੁਲਕਾਂ ਵਿਚਕਾਰ 80% ਵਪਾਰ ਸਮੁੰਦਰੀ ਰਸਤਿਆਂ ਰਾਹੀਂ ਜਾਂ ਅਸਿੱਧੇ ਰੂਪ ਵਿੱਚ ਡੁਬਈ ਰਾਹੀਂ ਹੋ ਰਿਹਾ ਹੈ ਜੋ ਕਿ ਬਹੁਤ ਮਹਿੰਗਾ ਪੈਂਦਾ ਹੈ। ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਰਸਤਿਆਂ ਰਾਹੀਂ ਸਿੱਧਾ ਵਪਾਰ ਨਾ ਸਿਰਫ ਸਸਤਾ ਪਵੇਗਾ ਬਲਕਿ ਉੱਤਰ-ਭਾਰਤ ਖਾਸ ਕਰਕੇ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਟਰੱਕ ਉਪਰੇਟਰਾਂ ਅਤੇ ਮਜ਼ਦੂਰਾਂ ਲਈ ਨਵੇਂ ਰੁਜ਼ਗਾਰ ਦਾ ਅਤੇ ਆਰਥਿਕ ਖੁਸ਼ਹਾਲੀ ਦਾ ਸਾਧਨ ਬਣ ਸਕਦਾ ਹੈ।

ਕਿਰਤੀ ਕਿਸਾਨ ਯੂਨੀਅਨ ਨੇ ਕਿਹਾ ਹੈ ਕਿ ਦੋਵੇਂ ਦੇਸ਼ਾਂ ਵਿਚਕਾਰ 350 ਦੇ ਲਗਭਗ ਵਸਤਾਂ ਦਾ ਵਪਾਰ ਹੁੰਦਾ ਰਿਹਾ ਹੈ ਜੋ ਕਿ ਸਾਬਤ ਕਰਦਾ ਹੈ ਕਿ ਦੋਵੇਂ ਦੇਸ਼ ਵਪਾਰ ਦੇ ਮਾਮਲੇ ਵਿੱਚ ਇੱਕ-ਦੂਜੇ ’ਤੇ ਕਿੰਨੇ ਅੰਤਰ-ਨਿਰਭਰ ਹਨ। ਭਾਜਪਾ ਦੀ ਕੇਂਦਰ ਸਕਰਾਰ ਦੇ ਵਪਾਰ ਅਤੇ ਸਨਅਤ ਦੀ ਰਾਜ ਮੰਤਰੀ ਅਨੁਪ੍ਰੀਯਾ ਪਟੇਲ ਦੇ ਲੋਕ ਸਭਾ ਵਿੱਚ ਦਿੱਤੇ ਲਿਖਤੀ ਉੱਤਰ ਦੇ ਹਵਾਲੇ ਨਾਲ ਕਿਸਾਨ ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿੱਚ ਮੌਜੂਦਾ ਸਮੇਂ 1.35 ਅਰਬ ਡਾਲਰ ਦਾ ਵਪਾਰ ਹੋ ਰਿਹਾ ਹੈ, ਜੇਕਰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਰਸਤਿਆਂ ਰਾਹੀਂ ਇਹ ਖੋਲ੍ਹਿਆ ਜਾਵੇ ਤਾਂ ਇਸਦੇ ਵਾਧੇ ਦੀਆਂ ਅਸੀਮ ਸੰਭਾਵਨਾਵਾਂ ਹਨ।

ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅੱਜ ਕਿਸਾਨੀ ਅਤੇ ਪੰਜਾਬ ਦੀ ਖੇਤੀ ਅਧਾਰਿਤ ਆਰਥਿਕਤਾ ਸੰਕਟਗ੍ਰਸਤ ਹੈ, ਇਸਨੂੰ ਪੈਰਾਂ ਸਿਰ ਕਰਨ ਦੀ ਫੌਰੀ ਲੋੜ ਹੈ ਜਦੋਂਕਿ ਪਾਕਿਸਤਾਨ ਬੀਤੇ ਸਮੇਂ ਤੋਂ ਖੁਰਾਕੀ ਵਸਤਾਂ ਦੀ ਥੁੜ ਅਤੇ ਮਹਿੰਗਾਈ ਨਾਲ ਜੂਝ ਰਿਹਾ ਹੈ। ਸਾਡੇ ਇੱਥੋਂ ਅਨਾਜ, ਫ਼ਲ-ਗਿਰੀਆਂ, ਸਬਜੀਆਂ ਸਮੇਤ ਟਮਾਟਰ-ਪਿਆਜ, ਕਪਾਹ, ਜੀਰਾ, ਖਜੂਰਾਂ, ਕੇਲਾ ਅਤੇ ਹੋਰ ਖੁਰਾਕੀ ਵਸਤਾਂ ਦੀ ਪਾਕਿਸਤਾਨ ਵਿੱਚ ਵੱਡੀ ਮਾਤਰਾ ’ਚ ਖਪਤ ਹੋ ਸਕਦੀ ਹੈ। ਫ਼ਸਲੀ ਵਿਭਿੰਨਤਾ ਨੂੰ ਧਿਆਨ ’ਚ ਰੱਖਦਿਆਂ ਜੇਕਰ ਪੰਜਾਬ ’ਚ ਇਨ੍ਹਾਂ ਦੀ ਪੈਦਾਵਾਰ ਲਈ ਕਿਸਾਨਾਂ ਨੂੰ ਲਾਹੇਵੰਦ ਭਾਅ ਦੇ ਕੇ ਉਤਸ਼ਾਹਿਤ ਕੀਤਾ ਜਾਵੇ ਤਾਂ ਪਾਣੀ ਦੀ ਬਚਤ ਦੇ ਨਾਲ-ਨਾਲ ਇਹ ਪੰਜਾਬ ਅਤੇ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦਾ ਸਾਧਨ ਵੀ ਬਣੇਗਾ। ਉਨ੍ਹਾਂ ਕਿਹਾ ਕਿ ਵੀਜ਼ਾ ਸ਼ਰਤਾਂ ਖਤਮ ਕਰਕੇ ਕਿਸਾਨਾਂ ਨੂੰ ਆਪਣੀ ਉਪਜ ਉਧਰ ਵੇਚਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ।

ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅੱਜ ਤੁਸ਼ਟੀਕਰਨ ਦੇ ਨਾਂ ਹੇਠ ਦੇਸ਼ ਵਿੱਚ ਭਾਜਪਾ ਵੱਲੋਂ ਘੱਟ ਗਿਣਤੀਆਂ ਅਤੇ ਆਦਿਵਾਸੀਆਂ ਨੂੰ ਨਿਸ਼ਾਨਾ ਬਣਾ ਕੇ ਫਿਰਕੂ-ਧਰੁਵੀਕਰਨ ਦੇ ਯਤਨਾਂ ਵਿੱਚ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੀ ਮੰਗ ਕਰਨ ਵਾਲਿਆਂ ਨੂੰ ਅਕਸਰ ਦੇਸ਼ ਵਿਰੋਧੀ ਗਰਦਾਰ ਦਿੱਤਾ ਜਾਂਦਾ ਪ੍ਰੰਤੂ ਹਕੀਕਤ ਇਹ ਹੈ ਕਿ ਦੋਵੇਂ ਦੇਸ਼ਾਂ ਵਿਚਕਾਰ ਸਮੁੰਦਰੀ ਰਸਤਿਆਂ ਰਾਹੀਂ ਵਪਾਰ ਹੋ ਰਿਹਾ ਹੈ। ਭਾਰਤ ਦੇ ਪਕਿਸਤਾਨ ਵਿਚਲੇ ਡਿਪਟੀ ਹਾਈ ਕਮਿਸ਼ਨਰ ਸੁਰੇਸ਼ ਕੁਮਾਰ ਵੱਲੋਂ 17 ਮਾਰਚ 2023 ਨੂੰ ਲਾਹੌਰ ਵਿਖੇ ਇੱਕ ਸਮਾਗਮ ਵਿੱਚ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਜੱਥੇਬੰਦੀ ਦੇ ਆਗੂਆਂ ਨੇ ਸਵਾਲ ਕੀਤਾ ਕਿ ਜੇਕਰ ਮੁੰਦਰਾ ਬੰਦਰਗਾਹ ਤੋਂ ਵਪਾਰ ਹੋ ਸਕਦਾ ਹੈ ਤਾਂ ਫਿਰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਰਸਤਿਆਂ ’ਤੇ ਰੋਕਾਂ ਕਿਉਂ ਹਨ?

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੱਥੇਬੰਦੀ ਇਨ੍ਹਾਂ ਕਾਨਫਰੰਸਾਂ ਦੀ ਕਾਮਯਾਬੀ ਲਈ ਸੂਬੇ ਦੇ ਪਿੰਡਾਂ ’ਚ ਪ੍ਰਚਾਰ-ਮੁਹਿੰਮ ਚਲਾਵੇਗੀ ਅਤੇ ਕਾਨਫਰੰਸਾਂ ਨੂੰ ਸਫਲ ਕਰਨ ਦਾ ਹੋਕਾ ਦੇਵੇਗੀ। ਇਸ ਮੌਕੇ ਯੂਨੀਅਨ ਦੇ ਔਰਤ ਵਿੰਗ ਦੇ ਕਨਵੀਨਰ ਹਰਦੀਪ ਕੌਰ ਕੋਟਲਾ, ਸੂਬਾ ਆਗੂ ਬਲਵਿੰਦਰ ਸਿੰਘ ਭੁੱਲਰ , ਨਛੱਤਰ ਸਿੰਘ ਤਰਨਤਾਰਨ ਅਤੇ ਯੂਥ ਵਿੰਗ ਦੇ ਆਗੂ ਸੁਖਦੇਵ ਸਿੰਘ ਤੋਂ ਇਲਾਵਾ ਮੇਜ਼ਰ ਸਿੰਘ ਕੜਿਆਲ, ਰਵਿੰਦਰ ਸਿੰਘ ਛੱਜਲਵੱਡੀ ਅਤੇ ਸਤਨਾਮ ਸਿੰਘ ਝੰਡੇਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here