ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ- ਵਰਿੰਦਰਪਾਲ ਸਿੰਘ ਬਾਜਵਾ

0
50
ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਲਈ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਖੇਮਕਰਨ 15 ਮਾਰਚ
ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਆਦਰਸ਼ ਚੋਣ ਜਾਬਤੇ ਦੀ ਸੁਚਾਰੂ ਢੰਗ ਨਾਲ ਪਾਲਣਾ ਹਿੱਤ ਅੱਜ ਵਧੀਕ ਡਿਪਟੀ ਕਮਿਸ਼ਨਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗਾਮੀ ਲੋਕ ਸਭਾ ਚੋਣਾਂ-2024 ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਿਤ ਵੱਖ-ਵੱਖ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਸੈਲਾਂ ਅਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਚੋਣਾਂ ਦੌਰਾਨ ਕੀਤੀਆਂ ਜਾਣ ਵਾਲੀਆਂ ਚੋਣ ਸਰਗਰਮੀਆਂ ਦੀ ਅਗਾਊਂ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਸਿੰਗਲ ਵਿੰਡੋ ਸਿਸਟਮ ਸਥਾਪਿਤ ਕੀਤੇ ਗਏ ਹਨ ਜਿਥੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਚੋਣ ਰੈਲੀਆਂ ਅਤੇ ਮੀਟਿੰਗਾਂ ਸਬੰਧੀ ਪ੍ਰਵਾਨਗੀਆਂ ਲੈ ਸਕਣਗੀਆਂ। ਸ੍ਰੀ ਬਾਜਵਾ ਨੇ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਵਸਤਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਨਿਸ਼ਚਿਤ ਕੀਤੇ ਗਏ ਰੇਟ ਅਨੁਸਾਰ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਚੋਣ ਖ਼ਰਚਿਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੁੂੰ ਜਰੂਰੀ ਸੂਚਨਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਹ ਖ਼ਰਚਾ ਉਮੀਦਵਾਰ ਦੇ ਚੋਣ ਖ਼ਰਚੇ ਵਿੱਚ ਸ਼ਾਮਿਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਈ.ਵੀ.ਐਮ.ਮਸ਼ੀਨਾਂ ਨੂੰ ਲਿਆਉਣ ਅਤੇ ਵਾਪਿਸ ਲੈ ਕੇ ਜਾਣ ਤੇ ਤਿਆਰੀ ਸਮੇਂ ਕੀਤੀ ਜਾਣ ਵਾਲੀ ਮੌਕ ਡਰਿੱਲ ਦੌਰਾਨ ਆਪਣਾ ਨੁਮਾਇੰਦਾ ਭੇਜਣ ਤਾਂ ਜੋ ਉਨਾਂ ਦੀ ਨਿਗਰਾਨੀ ਵਿੱਚ ਪ੍ਰਸ਼ਾਸਨ ਵਲੋਂ ਸਾਰੀਆਂ ਕਾਰਵਾਈਆਂ ਨੇਪਰੇ ਚਾੜੀਆਂ ਜਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਹਲਕਾ 022-ਖੇਮਕਰਨ ਦੇ ਈ.ਵੀ.ਐਮ. ਰੱਖਣ ਲਈ ਸਟਰਾਂਗ ਰੂਮ ਪੌਲੀਟੈਕਨਿਕ ਕਾਲਜ ਬਿੱਖੀਵਿੰਡ ਵਿਖੇ ਸਥਿਤ ਪੀ.ਟੀ.ਯੂ. ਦੀ ਬਿਲਡਿੰਗ ਵਿੱਚ ਬਣਾਇਆ ਗਿਆ ਹੈ ਅਤੇ ਇਥੇ ਹੀ ਮਸ਼ੀਨਾਂ ਦੀ ਪੋਲਿੰਗ ਦੀ ਤਿਆਰੀ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਮਾਈ ਭਾਗੋ ਕਾਲਜ ਤਰਨ ਤਾਰਨ 022-ਖੇਮਕਰਨ ਨੂੰ ਕਾਊਂਟਿੰਗ ਸੈਂਟਰ ਅਤੇ ਸਟਰਾਂਗ ਰੂਮ ਵਜੋਂ ਤਿਆਰ ਕੀਤਾ ਗਿਆ ਹੈ ਜਿਥੇ ਮਸ਼ੀਨਾਂ ਵੋਟਾਂ ਤੋਂ ਬਾਅਦ ਤੁਰੰਤ ਸਖ਼ਤ ਸੁਰੱਖਿਆ ਅਧੀਨ ਰੱਖੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਮਸ਼ੀਨਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਗਿਣਤੀ ਕੇਂਦਰਾਂ ਵਿੱਚ ਲਿਆਂਦੀਆਂ ਜਾਣਗੀਆਂ। ਇਸ ਮੌਕੇ ਚੋਣ ਅਮਲੇ ਵਲੋਂ ਵੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।
ਸ੍ਰੀ ਬਾਜਵਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਕਿ ਚੋਣਾਂ ਦੌਰਾਨ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਕਿਸੇ ’ਤੇ ਵੀ ਦੂਸ਼ਣਬਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਨਿਰਪੱਖ ਤੇ ਪਾਰਦਰਸੀ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਡਮੁੱਲਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕ ਚੋਣਾਂ ਦੌਰਾਨ ਕੀਤੀਆਂ ਜਾਣ ਵਾਲੀਆਂ ਚੋਣ ਸਰਗਰਮੀਆਂ ਦੌਰਾਨ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂੰ ਕਰਵਾਉਂਦਿਆਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਉਪ ਪੁਲਿਸ ਕਪਤਾਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਤੋਂ ਇਲਾਵਾ ਬੀ.ਜੇ.ਪੀ. ਤੋਂ ਰਿਤੇਸ਼ ਚੋਪੜਾ, ਕਾਂਗਰਸ ਪਾਰਟੀ ਤੋਂ ਕਮਲਜੀਤ ਸਿੰਘ, ਐਸ.ਏ.ਡੀ.(ਅੰਮ੍ਰਿਤਸਰ) ਤੋਂ ਸਤਿੰਦਰਪਾਲ ਸਿੰਘ, ਆਮ ਆਦਮੀ ਪਾਰਟੀ ਤੋਂ ਰਾਜਬੀਰ ਸਿੰਘ ਤੇ ਅਮਰੀਕ ਸਿੰਘ, ਐਸ.ਏ.ਡੀ.(ਏ) ਤੋਂ ਦਿਆਲ ਸਿੰਘ ਤੇ ਸੰਦੀਪ ਸਿੰਘ  ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਤੋਂ ਅਮਰਜੀਤ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here