ਜ਼ਿਲ੍ਹਾ ਸੰਗਰੂਰ ਵਿੱਚ ਮਾਲ ਵਿਭਾਗ ਵੱਲੋਂ ਲਗਾਏ ਵਿਸ਼ੇਸ਼ ਕੈਂਪਾਂ ਦੌਰਾਨ 1093 ਲੰਬਿਤ ਇੰਤਕਾਲ ਦਰਜ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

0
61
ਸੰਗਰੂਰ, 6 ਜਨਵਰੀ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਚਲਾਈ। ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਇਆ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਸ ਅਹਿਮ ਪਹਿਲ ਨੂੰ ਲੋਕ ਹਿੱਤ ਵਿੱਚ ਸਾਰਥਕ ਕਦਮ ਕਰਾਰ ਦਿੱਤਾ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਆਯੋਜਿਤ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਅੱਜ ਛੁੱਟੀ ਵਾਲੇ ਦਿਨ ਵੀ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਰਹੇ ਅਤੇ 1093 ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 603 ਵਿਅਕਤੀਆਂ ਨੇ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ਦੀ ਅਗਵਾਈ ਕਰਦਿਆਂ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਖੁਦ ਅਧਿਕਾਰੀਆਂ ਅਤੇ ਲੋਕਾਂ ਨਾਲ ਤਾਲਮੇਲ ਰੱਖਦੇ ਰਹੇ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ।
ਅੱਜ ਆਯੋਜਿਤ ਵਿਸ਼ੇਸ਼ ਕੈਂਪਾਂ ਦੌਰਾਨ ਸਬ ਡਵੀਜ਼ਨ ਸੰਗਰੂਰ ਵਿਖੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸੰਗਰੂਰ ਤਹਿਸੀਲ ਵਿੱਚ 242, ਲੌਂਗੋਵਾਲ ਵਿਚ 50, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਅਗਵਾਈ ਹੇਠ ਸੁਨਾਮ ਤਹਿਸੀਲ ਵਿੱਚ 160 ਅਤੇ ਚੀਮਾ ਵਿਖੇ 34, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਤਹਿਸੀਲ ਦਿੜ੍ਹਬਾ ਵਿਖੇ 45, ਐਸ.ਡੀ.ਐਮ ਮੂਨਕ ਤੇ ਲਹਿਰਾ ਸੂਬਾ ਸਿੰਘ ਦੀ ਅਗਵਾਈ ਹੇਠ ਤਹਿਸੀਲ ਮੂਨਕ ਵਿਚ 93, ਖਨੌਰੀ ਵਿੱਚ 25 ਅਤੇ ਲਹਿਰਾ ਵਿੱਚ 121, ਐਸ.ਡੀ.ਐਮ ਧੂਰੀ ਅਮਿਤ ਗੁਪਤਾ ਦੀ ਅਗਵਾਈ ਹੇਠ ਤਹਿਸੀਲ ਧੂਰੀ ਵਿਖੇ 148 ਅਤੇ ਸ਼ੇਰਪੁਰ ਵਿਖੇ 60 ਜਦਕਿ ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਦੀ ਅਗਵਾਈ ਹੇਠ ਤਹਿਸੀਲ ਭਵਾਨੀਗੜ੍ਹ ਵਿਖੇ 115 ਇੰਤਕਾਲ ਦਰਜ ਕੀਤੇ ਗਏ ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸੇ ਉਦੇਸ਼ ਤਹਿਤ ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿੱਚ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਵੀ ਮਾਲ ਵਿਭਾਗ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਂਦਾ ਹੈ।

ਫੋਟੋਆਂ: ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਇੰਤਕਾਲਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਵਿਸ਼ੇਸ਼ ਕੈਂਪਾਂ ਦੀਆਂ ਤਸਵੀਰਾਂ।

LEAVE A REPLY

Please enter your comment!
Please enter your name here