*ਧੂਰੀ ਸ਼ਹਿਰ ਦੇ 255 ਲਾਭਪਾਤਰੀਆਂ ਨੂੰ ਪੱਕੇ ਮਕਾਨਾਂ ਦੇ ਮਨਜ਼ੂਰੀ ਪੱਤਰ ਸੌਂਪੇ*
*-ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ ਕੋਈ ਵੀ ਯੋਗ ਲਾਭਪਤਾਰੀ : ਓ.ਐਸ.ਡੀ. ਸੁਖਵੀਰ ਸਿੰਘ*
*-ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਦੇ ਖ਼ਜ਼ਾਨੇ ਦਾ ਮੂੰਹ ਹਮੇਸ਼ਾ ਖੁੱਲ੍ਹਾ : ਦਲਵੀਰ ਸਿੰਘ ਢਿੱਲੋਂ*
ਧੂਰੀ/ਸੰਗਰੂਰ, 30 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਸ਼ਹਿਰ ਦੇ 255 ਲਾਭਪਾਤਰੀਆਂ ਨੂੰ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਜਾਂਦੀ ਗ੍ਰਾਂਟ ਦੇ ਪ੍ਰਵਾਨਗੀ ਪੱਤਰਾਂ ਦੀ ਵੰਡ ਕੀਤੀ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਦਾ ਪੁੱਜਦਾ ਕਰ ਰਹੀ ਹੈ ਤੇ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਅੱਜ 255 ਲਾਭਪਾਤਰੀਆਂ ਨੂੰ ਪਹਿਲੇ ਫ਼ੇਜ਼ ਵਿੱਚ ਮਨਜ਼ੂਰੀ ਪੱਤਰ ਪ੍ਰਦਾਨ ਕੀਤੇ ਗਏ ਹਨ ਅਤੇ ਆਉਂਦੇ ਦਿਨਾਂ ਵਿੱਚ ਰਹਿੰਦੇ 195 ਲਾਭਪਾਤਰੀਆਂ ਨੂੰ ਵੀ ਮਨਜ਼ੂਰੀ ਪੱਤਰ ਸੌਂਪੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀਆਂ ਨੂੰ ਕਿਸ਼ਤਾਂ ਵਿੱਚ 2 ਲੱਖ 50 ਹਜ਼ਾਰ ਰੁਪਏ ਕੱਚੇ ਘਰਾਂ ਨੂੰ ਪੱਕੇ ਬਣਾਉਣ ਲਈ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਦੀ ਚੋਣ ਬਿਨਾਂ ਕਿਸੇ ਸਿਫ਼ਾਰਿਸ਼ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਹਨਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ।
ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ”ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ, ਇਸ ਲਈ ਰਾਜ ਦੇ ਹਰੇਕ ਵਰਗ ਦੀਆਂ ਲੋੜਾਂ ਮੁਤਾਬਕ ਪੰਜਾਬ ਸਰਕਾਰ ਯੋਜਨਾਬੱਧ ਢੰਗ ਨਾਲ ਵਿੱਤੀ ਪ੍ਰਬੰਧ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਰਹੀ ਹੈ।”
ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ ਹੋਇਆ ਹੈ, ਜਿਸ ਸਦਕਾ ਧੂਰੀ ਹਲਕੇ ਦੀ ਪਿਛਲੇ ਪੌਣੇ ਚਾਰ ਸਾਲ ਵਿੱਚ ਕਾਇਆ ਕਲਪ ਹੋਈ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਧੂਰੀ ਲਈ ਹੋਰ ਵੱਡੇ ਵਿਕਾਸ ਕਾਰਜ ਅਰੰਭੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਹਿਲੇ ਦਿਨ ਤੋਂ ਹੀ ਵਿਕਾਸ ਲਈ ਪੰਜਾਬ ਸਰਕਾਰ ਦੇ ਖ਼ਜ਼ਾਨੇ ਦਾ ਮੂੰਹ ਖੋਲਿਆ ਹੋਇਆ ਹੈ ਜਿਸ ਸਦਕਾ ਸੂਬੇ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਵੱਧ ਰਿਹਾ ਹੈ।
ਇਸ ਮੌਕੇ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਮੈਂਬਰ ਪੰਜਾਬ ਵਕਫ਼ ਬੋਰਡ ਡਾ. ਅਨਵਰ ਖ਼ਾਨ, ਡਾਇਰੈਕਟਰ ਅਨਿਲ ਮਿੱਤਲ, ਡਾਇਰੈਕਟਰ ਸ਼ੂਗਰ ਫੈਡ ਜਸਪਾਲ ਸਿੰਘ ਭੁੱਲਰ, ਸਤਿੰਦਰ ਸਿੰਘ ਚੱਠਾ, ਸ਼ਾਮ ਸਿੰਗਲਾ, ਬਲਜੀਤ ਕੌਰ, ਅਮਰੀਕ ਸਿੰਘ, ਅਮਰਦੀਪ ਸਿੰਘ ਧਾਂਦਰਾ, ਲਾਭ ਸਿੰਘ, ਪਰਮਿੰਦਰ ਸਿੰਘ ਪੁਨੂੰ, ਗੁਰਿੰਦਰ ਕੌਰ, ਬਲਦੇਵ ਸਿੰਘ, ਸੁਖਪਾਲ ਸਿੰਘ ਪਾਲਾ, ਅਜੈਬ ਸਿੰਘ, ਮਿਲਖ ਰਾਜ, ਵੀਰਭਾਨ, ਨਰੇਸ਼ ਸਿੰਗਲਾ ਸਮੇਤ ਵੱਡੀ ਗਿਣਤੀ ਲਾਭਪਾਤਰੀ ਤੇ ਧੂਰੀ ਵਾਸੀ ਮੌਜੂਦ ਸਨ।







