ਨਸ਼ਿਆਂ ਤੇ ਪਰਾਲੀ ਸਾੜਨ ਵਰਗੀਆਂ ਬੁਰੀਆਂ ਅਲਾਮਤਾਂ ਨੂੰ ਠੱਲ੍ਹਣ ਲਈ ਸੰਗਰੂਰ ਦੇ 55,000 ਤੋਂ ਵਧੇਰੇ ਵਿਦਿਆਰਥੀਆਂ ਨੇ ਚੁੱਕੀ ਸਹੁੰ

0
260

ਨਸ਼ਿਆਂ ਤੇ ਪਰਾਲੀ ਸਾੜਨ ਵਰਗੀਆਂ ਬੁਰੀਆਂ ਅਲਾਮਤਾਂ ਨੂੰ ਠੱਲ੍ਹਣ ਲਈ ਸੰਗਰੂਰ ਦੇ 55,000 ਤੋਂ ਵਧੇਰੇ ਵਿਦਿਆਰਥੀਆਂ ਨੇ ਚੁੱਕੀ ਸਹੁੰ

ਸਕੂਲੀ ਵਿਦਿਆਰਥੀ ਸਮਾਜ ਬਚਾਉਣ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣਗੇ

ਨਸ਼ਾਖੋਰੀ ਤੇ ਪਰਾਲੀ ਸਾੜਨ ‘ਤੇ ਰੋਕ ਲਾਉਣ ਲਈ ਦੇਣਗੇ ਪ੍ਰਸ਼ਾਸਨ ਦਾ ਸਾਥ: ਡੀ.ਸੀ. ਜਤਿੰਦਰ ਜੋਰਵਾਲ

ਨਸ਼ਾਖੋਰੀ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਵੱਡੀ ਲੋੜ: ਐਸ.ਐਸ.ਪੀ ਸੁਰੇਂਦਰ ਲਾਂਬਾ

ਸੰਗਰੂਰ, 16 ਸਤੰਬਰ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਤਹਿਤ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ‘ਚ ਸੰਗਰੂਰ ਪ੍ਰਸ਼ਾਸਨ ਵੱਲੋਂ ਨਸ਼ਿਆਂ ਅਤੇ ਪਾਰਲੀ ਸਾੜਨ ਵਰਗੀਆਂ ਮਾੜੀਆਂ ਅਲਾਮਤਾਂ ਨੂੰ ਰੋਕਣ ਦੇ ਲਈ ਅੱਜ ਇੱਕ ਵੱਡਾ ਕਦਮ ਪੁੱਟਿਆ ਗਿਆ। ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਦੀ ਅਗਵਾਈ ‘ਚ ਸੰਗਰੂਰ ਜ਼ਿਲ੍ਹੇ ਦੇ 276 ਅਪਰ ਪ੍ਰਾਇਮਰੀ ਸਕੂਲਾਂ ਦੇ 55,000 ਤੋਂ ਵਧੇਰੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਤੇ ਖੇਤਾਂ ‘ਚ ਫਸਲਾਂ ਦੀ ਰਹਿੰਦ-ਖੂਹੰਦ ਸਾੜੇ ਜਾਣ ਵਿਰੁੱਧ ਡੱਟ ਕੇ ਖੜ੍ਹਨ ਦੀ ਸਹੁੰ ਚੁੱਕਵਾਈ ਗਈ।

ਇੱਥੇ ਸਰਕਾਰੀ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਵਿੱਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਰੱਖੇ ਗਏ ਸਮਾਗਮ ਦੌਰਾਨ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸੰਗਰੂਰ ਜ਼ਿਲ੍ਹੇ ‘ਚੋਂ ਨਸ਼ਾ ਖਤਮ ਕਰਨ ਲਈ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਦੀ ਮਾੜੀ ਪ੍ਰਥਾ ਨੂੰ ਠੱਲ੍ਹਣ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਜਿਕ ਅਲਾਮਤਾਂ ਨੂੰ ਮੁੱਢੋਂ ਖਤਮ ਕਰਨ ਲਈ ਕੀਤੇ ਜਾ ਰਹੇ ਬਾਕੀ ਕੰਮਾਂ ਦੇ ਨਾਲ-ਨਾਲ ਵੱਡੇ ਪੱਧਰ ਉੱਪਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਨਾਲ ਜੋੜਨ ਦਾ ਮੁੱਖ ਮਕਸਦ ਹਰ ਘਰ ਤੱਕ ਇਸ ਸੁਨੇਹੇ ਨੂੰ ਪਹੁੰਚਾਉਣਾ ਹੈ ਕਿ ਨਸ਼ਿਆਂ ਦੀ ਵਰਤੋਂ ਤੇ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਡੱਟ ਕੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦਾ ਹਰ ਵਰਗ ਇਨ੍ਹਾਂ ਵਿਰੁੱਧ ਡੱਟ ਕੇ ਇਨ੍ਹਾਂ ਅਲਾਮਤਾਂ ਵਿਰੁੱਧ ਡੱਟ ਕੇ ਖੜ੍ਹੇਂਗਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਨੂੰ ਜੜ੍ਹੋਂ ਖਤਮ ਕਰ ਦਿੱਤਾ ਜਾਵੇਗਾ।

ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੱਜ ਸਹੁੰ ਚੁਕਵਾਉਣ ਦੇ ਨਾਲ-ਨਾਲ ਸਕੂਲਾਂ ਵਿੱਚ ਨਸ਼ਾਖੋਰੀ ਤੇ ਪਰਾਲੀ ਸਾੜਨ ਦੇ ਮੁੱਦਿਆਂ ਉੱਪਰ ਪੇਂਟਿੰਗ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਜਿੱਥੇ ਇਨਾਮ ਦਿੱਤਾ ਜਾਵੇਗਾ ਉੱਥੇ ਚੁਣੀਆਂ ਗਈਆਂ ਉਨ੍ਹਾਂ ਦੀਆਂ ਕਲਾਕਾਰੀਆਂ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਮਹੱਤਵਪੂਰਨ ਥਾਂਵਾਂ ‘ਤੇ ਵੀ ਪ੍ਰਦਰਸ਼ਨੀ ਲਈ ਲਗਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਨਸ਼ਿਆਂ ਨੂੰ ਰੋਕਣ ਲਈ ਪੁਲਿਸ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਊ ਕੇਂਦਰਾਂ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਮੁਫ਼ਤ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਫਸਲਾਂ ਦੀ ਰਹਿੰਦ-ਖੂਹੰਦ ਸਾੜੇ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਇਸਦੇ ਸੁਚੱਜੇ ਪ੍ਰਬੰਧ ਦੇ ਤਰੀਕੇ ਸੁਝਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀ ਮਸ਼ੀਨਰੀ ਵੀ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨੀ ਨੂੰ ਨਸ਼ਿਆਂ ਤੇ ਵਾਤਾਵਰਨ ਨੂੰ ਪਰਾਲੀ ਦੇ ਧੂੰਏਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਤੇ ਇਸ ਸੁਨੇਹੇ ਨੂੰ ਵਿਦਿਆਰਥੀ ਆਪਣੇ ਮਾਪਿਆਂ ਤੱਕ ਜ਼ਰੂਰ ਪਹੁੰਚਾਉਣਗੇ।

ਇਸ ਮੌਕੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੰਗਰੂਰ ਪੁਲਿਸ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਕੱਢਣ ਲਈ ਵੀ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਵੱਡੀ ਲੋੜ ਹੈ ਤਾਂ ਜੋ ਇਸ ਅਲਾਮਤ ਨੂੰ ਹਰ ਪੱਧਰ ‘ਤੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਨਸ਼ਿਆਂ ਵਿਰੁੱਧ ਕੋਈ ਵੀ ਜਾਣਕਾਰੀ ਸਾਂਝੀ ਕਰਨੀ ਹੋਵੇ ਜਾਂ ਨਸ਼ੇ ਛੱਡਣ ਲਈ ਕੋਈ ਮਦਦ ਚਾਹੀਦੀ ਹੋਵੇ ਤਾਂ ਉਹ ਸੰਗਰੂਰ ਪੁਲਿਸ ਦੇ ਹੈਲਪਲਾਈਨ ਨੰਬਰ 80 54 112 112 ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਨੰਬਰ ‘ਤੇ ਸੰਪਰਕ ਕਰਨ ਵਾਲੇ ਹਰ ਵਿਅਕਤੀ ਦਾ ਨਾ ਤੇ ਪਤਾ ਗੁਪਤ ਰੱਖਿਆ ਜਾਵੇਗਾ ਤੇ ਉਸਨੂੰ ਲੋੜੀਂਦੀ ਮਦਦ ਵੀ ਯਕੀਨੀ ਤੌਰ ‘ਤੇ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਡੀ.ਈ.ਓ. ਪ੍ਰੀਤਇੰਦਰ ਘਈ, ਪ੍ਰਿੰਸੀਪਲ ਮੈਰੀਟੋਰੀਅਸ ਸਕੂਲ ਡਾ. ਐੱਮ. ਐੱਮ. ਸ਼ਰਮਾ ਤੇ ਵੱਡੀ ਗਿਣਤੀ ‘ਚ ਸਕੂਲੀ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here