ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

0
7

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

2300 ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ

ਖੇਤੀ ਜ਼ਮੀਨ ‘ਚੋਂ ਗਾਰ ਅਤੇ ਮਲਬਾ ਹਟਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ 24 ਘੰਟੇ ਕੰਮ ਕਰ ਰਹੀ

ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾ ਰਿਹੈ ਜਾਗਰੂਕ

ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ ਟੀਕਾਕਰਨ ਕੀਤਾ ਜਾ ਰਿਹੈ

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਲਈ ਵਚਨਬੱਧ

ਚੰਡੀਗੜ੍ਹ, 14 ਸਤੰਬਰ 2025:

ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖ਼ਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।

ਇਹ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿੱਚ 56 ਕੀਮਤੀ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦੇ ਦਿੱਤਾ ਜਾਵੇਗਾ। ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਲਬੇ ਦੀ ਸਫਾਈ ਅਤੇ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਾਲਾਤ ਆਮ ਵਰਗੇ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 2300 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਕਾਰਜ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਗਾਰ ਅਤੇ ਮਲਬੇ ਨੂੰ ਹਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਅਗਵਾਈ ਵਿੱਚ ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਜਾਨਵਰਾਂ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਈਓਜ਼ ਦੀ ਸਹਾਇਤਾ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਫ਼ਾਈ ਦਾ ਕੰਮ ਤੇਜ਼ੀ ਨਾਲ ਹੋ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਜਾਂਚ ਲਈ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਅਤੇ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਠੋਸ ਯਤਨ ਕੀਤੇ ਜਾ ਰਹੇ ਹਨ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਪੰਜ ਦਿਨਾਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ ਹੈ ਤਾਂ ਜੋ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here