*ਪੰਜਾਬ ਵਿੱਚ ਹੁਣ ਗੈਂਗਸਟਰਾਂ ਦੀ ਖ਼ੈਰ ਨਹੀਂ, ‘ਆਪ’ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਅਪਰਾਧੀਆਂ ਦੇ ਤਾਬੂਤ ਵਿੱਚ ਆਖਰੀ ਕਿੱਲ ਹੋਵੇਗੀ ਸਾਬਤ : ਪਵਨ ਟੀਨੂੰ*
*’ਆਪ’ ਸਰਕਾਰ ਨੇ ਜੇਲ੍ਹਾਂ ਤੋਂ ਗੈਂਗ ਅਤੇ ਵਿਦੇਸ਼ਾਂ ਤੋਂ ਅਪਰਾਧ ਚਲਾਉਣ ਵਾਲਿਆਂ ‘ਤੇ ਕੱਸਿਆ ਸ਼ਿਕੰਜਾ, ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਦਾ ਕੀਤਾ ਗਠਨ: ਟੀਨੂੰ*
*ਗੈਂਗਸਟਰਾਂ ਖ਼ਿਲਾਫ਼ ਸੂਚਨਾ ਦੇਣ ਲਈ 9394693946 ਹੈਲਪਲਾਈਨ ਨੰਬਰ ਜਾਰੀ, ਜਾਣਕਾਰੀ ਦੇਣ ਵਾਲੇ ਦੀ ਪਛਾਣ ਰਹੇਗੀ ਗੁਪਤ: ਟੀਨੂੰ*
ਜਲੰਧਰ/ਚੰਡੀਗੜ੍ਹ, 20 ਜਨਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਸਫਲ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ “ਗੈਂਗਸਟਰਾਂ ਤੇ ਵਾਰ” ਮੁਹਿੰਮ ਦੀ ਸ਼ਲਾਘਾ ਕੀਤੀ ਹੈ।
ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟੀਨੂੰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਅਤੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤਰਨਦੀਪ ਸਿੰਘ ਸੰਨੀ, ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ, ਮੀਡੀਆ ਕੋਆਰਡੀਨੇਟਰ ਅਨਮੋਲ ਖੰਨਾ ਅਤੇ ਮੀਡੀਆ ਕੋਆਰਡੀਨੇਟਰ ਨਰੇਸ਼ ਕੁਮਾਰ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ‘ਆਪ’ ਸਰਕਾਰ ਦੀ ਪਹਿਲ ਹੈ। ਜੋ ਕੋਈ ਵੀ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
‘ਆਪ’ ਆਗੂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਗੈਂਗਸਟਰਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਪਰ ਹੁਣ ਪੰਜਾਬ ਸਰਕਾਰ ਨੇ ਇਸ ਸ਼ਬਦ ਨੂੰ ਹੀ ਖ਼ਤਮ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ, ਹਜ਼ਾਰਾਂ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਅਤੇ ਉਨ੍ਹਾਂ ਦੀ ਨਜਾਇਜ਼ ਕਮਾਈ ਨਾਲ ਖੜ੍ਹੀਆਂ ਕੀਤੀਆਂ ਇਮਾਰਤਾਂ ਨੂੰ ਜ਼ਮੀਨਦੋਜ਼ ਕੀਤਾ ਗਿਆ, ਉਸੇ ਮਜ਼ਬੂਤੀ ਅਤੇ ਇੱਛਾ ਸ਼ਕਤੀ ਨਾਲ ਹੁਣ ਗੈਂਗਸਟਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹਾਂ ਵਿੱਚ ਬੈਠ ਕੇ ਗੈਂਗ ਚਲਾਉਣ ਵਾਲੇ ਗੈਂਗਸਟਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠ ਕੇ ਫਿਰੌਤੀ, ਧਮਕੀਆਂ ਅਤੇ ਸੰਗਠਿਤ ਅਪਰਾਧ ਚਲਾਉਣ ਵਾਲੇ ਗੈਂਗਸਟਰਾਂ ਖ਼ਿਲਾਫ਼ ਵੀ ਪੰਜਾਬ ਪੁਲਿਸ ਨੇ ਇੱਕ ਠੋਸ ਅਤੇ ਵਿਆਪਕ ਐਕਸ਼ਨ ਪਲਾਨ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਵਾਲੇ ਲੋਕ ਚਾਹੇ ਉਹ ਫੰਡਿੰਗ ਕਰ ਰਹੇ ਹੋਣ, ਉਨ੍ਹਾਂ ਨੂੰ ਪਨਾਹ ਦੇ ਰਹੇ ਹੋਣ ਜਾਂ ਸੂਚਨਾ ਲੀਕ ਕਰ ਰਹੇ ਹੋਣ ਸਾਰਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਟੀਨੂੰ ਨੇ ਸਪੱਸ਼ਟ ਕੀਤਾ ਕਿ ਜੋ ਟ੍ਰੈਵਲ ਏਜੰਟ ਗੈਂਗਸਟਰਾਂ ਨੂੰ ਨਜਾਇਜ਼ ਤਰੀਕੇ ਨਾਲ ਵਿਦੇਸ਼ ਭੇਜਣ ਵਿੱਚ ਮਦਦ ਕਰ ਰਹੇ ਹਨ ਜਾਂ ਉਨ੍ਹਾਂ ਨੂੰ ਕਾਨੂੰਨ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਉਨ੍ਹਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਧੁਨਿਕ ਤਕਨੀਕ, ਇੰਟੈਲੀਜੈਂਸ ਨੈੱਟਵਰਕ ਅਤੇ ਹਾਈ-ਟੈਕ ਸਾਧਨਾਂ ਦੀ ਵਰਤੋਂ ਕਰਕੇ ਗੈਂਗਸਟਰਾਂ ਦੀ ਕਮਰ ਤੋੜਨ ਜਾ ਰਹੀ ਹੈ। ਇਹ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਇੱਕ ਵਿਲੱਖਣ ਮੁਹਿੰਮ ਹੈ।
ਉਨ੍ਹਾਂ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਸੂਚਨਾ ਦੇਣ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 9394693946 ਜਾਰੀ ਕੀਤਾ ਗਿਆ ਹੈ। ਇਸ ਨੰਬਰ ‘ਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਗੈਂਗਸਟਰਵਾਦ ਵਿਰੁੱਧ ਇਕਜੁੱਟ ਹੋ ਕੇ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ।
ਪਵਨ ਟੀਨੂੰ ਨੇ ਕਿਹਾ ਕਿ ਆਮ ਅਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰ ਸੱਭਿਆਚਾਰ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ।







