ਬੀਕੇਯੂ ਉਗਰਾਹਾਂ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ ਦੇ ਫਾਸ਼ੀ ਹਥਕੰਡਿਆਂ ਦੀ ਸਖ਼ਤ ਨਿਖੇਧੀ

0
146
ਬੀਕੇਯੂ ਉਗਰਾਹਾਂ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ ਦੇ ਫਾਸ਼ੀ ਹਥਕੰਡਿਆਂ ਦੀ ਸਖ਼ਤ ਨਿਖੇਧੀ
ਗ੍ਰਿਫਤਾਰ ਕਿਸਾਨ ਤੁਰੰਤ ਰਿਹਾਅ ਕਰਨ ਦੀ ਮੰਗ
ਚੰਡੀਗੜ੍ਹ, 13 ਫਰਵਰੀ, 2024
ਕਈ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਚੱਲੋ ਦੇ ਸੱਦੇ ‘ਤੇ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਹੱਕ ਖੋਹਣ ਲਈ ਸੜਕਾਂ ਉੱਤੇ ਪਥਰੀਲੀਆਂ ਕੰਧਾਂ ਕੱਢਣ, ਕਿੱਲ ਗੱਡਣ ਅਤੇ ਸਾਰੇ ਪੇਂਡੂ ਰਸਤਿਆਂ ਉੱਤੇ ਵੀ ਰੋਕਾਂ ਲਾਉਣ ਵਰਗੇ ਜਾਬਰ ਹਥਕੰਡੇ ਵਰਤਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਕੇਂਦਰ ਦੀ ਮੋਦੀ ਭਾਜਪਾ ਸਰਕਾਰ ਉੱਤੇ ਦੋਸ਼ ਲਾਇਆ ਗਿਆ ਹੈ ਕਿ ਇੱਕ ਪਾਸੇ ਦੇਸ਼ ਅੰਦਰ ਜਮਹੂਰੀਅਤ ਦਾ ਦਾਅਵਾ ਪਰ ਦੂਜੇ ਪਾਸੇ ਸੰਘਰਸ਼ ਕਰਨ ਦੇ ਸੰਵਿਧਾਨਕ ਜਮਹੂਰੀ ਅਧਿਕਾਰ ਦਾ ਘਾਣ ਕੀਤਾ ਜਾ ਰਿਹਾ ਹੈ। ਸੜਕਾਂ ਉੱਤੇ ਸਰਾਸਰ ਗਲਤ ਢੰਗ ਨਾਲ ਰੋਕਾਂ ਲਾਉਣ ਤੋਂ ਇਲਾਵਾ ਹਰਿਆਣਾ ਤੇ ਮੱਧ ਪ੍ਰਦੇਸ਼ ਵਰਗੇ ਭਾਜਪਾ ਸ਼ਾਸਿਤ ਰਾਜਾਂ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹੀਂ ਡੱਕਿਆ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਸਾਰੀਆਂ ਰੋਕਾਂ ਹਟਾਈਆਂ ਜਾਣ ਅਤੇ ਗ੍ਰਿਫਤਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।

LEAVE A REPLY

Please enter your comment!
Please enter your name here