ਬੀਕੇਯੂ ਉਗਰਾਹਾਂ ਵੱਲੋਂ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਅਤੇ ਨਰਿੰਦਰ ਮੋਦੀ ਦੇ ਪੁਤਲੇ ਫੂਕ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ

0
141

ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਲਖੀਮਪੁਰ ਖੀਰੀ ਕਤਲ ਕਾਂਡ ਲਈ ਪੂਰੇ ਇਨਸਾਫ਼ ਖਾਤਰ 3 ਅਕਤੂਬਰ ਨੂੰ ਕਾਲ਼ੇ ਦਿਵਸ ਵਜੋਂ ਮਨਾਉਣ ਦਾ ਐਲਾਨ

ਚੰਡੀਗੜ੍ਹ, 2 ਅਕਤੂਬਰ, 2023: ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲਕਾਂਡ ਦੇ ਪੂਰੇ ਇਨਸਾਫ਼ ਲਈ 3 ਅਕਤੂਬਰ ਨੂੰ ਕਾਲੇ ਦਿਵਸ ਵਜੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸਬਡਵੀਜ਼ਨ ਪੱਧਰਾਂ ‘ਤੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਸ ਤਿਆਰੀ ਮੁਹਿੰਮ ਦੌਰਾਨ ਸੈਂਕੜੇ ਪਿੰਡਾਂ ਵਿੱਚ ਮੀਟਿੰਗਾਂ ਰੈਲੀਆਂ ਝੰਡਾ-ਮਾਰਚਾਂ ਦਾ ਤਾਂਤਾ ਬੰਨ੍ਹਿਆ ਗਿਆ ਹੈ। ਔਰਤਾਂ ਅਤੇ ਨੌਜਵਾਨਾਂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਨ੍ਹਾਂ ਪੁਤਲਾ ਫੂਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ। 2 ਸਾਲ ਬੀਤਣ ਮਗਰੋਂ ਵੀ ਨਿਆਂ ਦੇਣ ਤੋਂ ਟਾਲ਼ਾ ਵੱਟ ਰਹੀ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਤਿੱਖੇ ਰੋਸ ਦੇ ਪ੍ਰਗਟਾਵੇ ਵਜੋਂ ਪੁਤਲੇ ਫੂਕਣ ਸਮੇਂ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਕਾਲ਼ੇ ਝੰਡੇ ਅਤੇ ਮੰਗਾਂ ਵਾਲੇ ਬੈਨਰ ਉਠਾਏ ਜਾਣਗੇ। ਬੈਨਰਾਂ ਅਤੇ ਨਾਹਰਿਆਂ ਰਾਹੀਂ ਮੰਗ ਕੀਤੀ ਜਾਵੇਗੀ ਕਿ ਦੋ ਸਾਲ ਪਹਿਲਾਂ ਇਸੇ ਦਿਨ ਲਖੀਮਪੁਰ ਖੀਰੀ (ਯੂ. ਪੀ.) ‘ਚ ਕਿਸਾਨਾਂ ਦੇ ਕਤਲੇਆਮ ਦੇ ਮੁੱਖ ਸਾਜਸ਼ਘਾੜੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਅਤੇ ਕਿਸਾਨਾਂ ਨੂੰ ਗੱਡੀਆਂ ਥੱਲੇ ਮਿੱਧ ਕੇ ਸ਼ਹੀਦ ਕਰਨ ਵਾਲੇ ਉਸਦੇ ਗੁੰਡਾ ਬੇਟੇ ਅਸ਼ੀਸ਼ ਮਿਸ਼ਰਾ ਟੈਣੀ ਸਮੇਤ ਪੂਰੇ ਗੁੰਡਾ ਗ੍ਰੋਹ ਵਿਰੁੱਧ 5 ਕਤਲਾਂ ਅਤੇ ਕਈ ਜ਼ਖਮੀਆਂ ਦਾ ਕੇਸ ਵਿਸ਼ੇਸ਼ ਅਦਾਲਤ ਰਾਹੀਂ ਨਿਪਟਾ ਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਕਾਤਲ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਤੁਰੰਤ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ। ਇਲਾਕੇ ਦੇ ਕਿਸਾਨ ਆਗੂਆਂ ਵਿਰੁੱਧ ਮੜ੍ਹੇ ਗਏ ਸਰਾਸਰ ਨਜਾਇਜ਼ ਕੇਸ ਰੱਦ ਕੀਤੇ ਜਾਣ। ਸ਼ਹੀਦਾਂ ਦੇ ਵਾਰਸ ਪਰਵਾਰਾਂ ਦੇ 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਤੁਰੰਤ ਦਿੱਤੀ ਜਾਵੇ। ਸਾਰੇ ਜ਼ਖਮੀਆਂ ਦੇ ਇਲਾਜ ਦਾ ਪੂਰਾ ਖਰਚਾ ਅਤੇ ਕੰਮ-ਹਰਜਿਆਂ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਪ੍ਰੈੱਸ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਵੱਲੋਂ ਇਸੇ ਦਿਨ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਦੀ ਹਮਾਇਤ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here