ਬੇਅਦਬੀ ਦੀਆਂ ਘਟਨਾਵਾਂ ਰਾਜ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੀ ਗੈਰ ਸੰਜੀਦਗੀ ਦਾ ਨਤੀਜਾ : ਪ੍ਰੋ. ਸਰਚਾਂਦ ਸਿੰਘ ।

0
137

ਮੋਰਿੰਡਾ ਦੇ ਗੁ: ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ ।

ਅੰਮ੍ਰਿਤਸਰ 24 ਅਪ੍ਰੈਲ
ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨਾਲ ਸੰਬੰਧਿਤ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਹਿਰਦੇਵੇਧਕ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਨੇ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਰਾਜ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸੰਬੰਧਿਤ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ’ਚ ਅਣਗਹਿਲੀ ਅਤੇ ਗੈਰ ਸੰਜੀਦਗੀ ਦਾ ਨਤੀਜਾ ਹਨ । ਸਾਡੇ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਇਕ ਬੰਦਾ ਜੋੜਿਆਂ ਸਮੇਤ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰੇਆਮ ਬੇਅਦਬੀ ਕਰਦਾ ਹੈ ਅਤੇ ਅਖੰਡ ਪਾਠ ਕਰ ਰਹੇ ਪਾਠੀ ਸਿੰਘਾਂ ਦੀ ਕੁੱਟ ਮਾਰ ਕਰ ਕੇ ਚਲਾ ਜਾਂਦਾ ਹੈ। ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿੱਲਮੱਠ ਵਾਲੀ ਨੀਤੀ ਕਾਰਨ ਦੋਸ਼ੀ ਅਤੇ ਸ਼ਰਾਰਤੀ ਅਨਸਰ ਸ਼ਰੇਆਮ ਬੇਖ਼ੌਫ ਹੋ ਕੇ ਬੇਅਦਬੀ ਵਰਗੇ ਕਾਰਿਆਂ ਨੂੰ ਅੰਜਾਮ ਦੇ ਰਹੇ ਹਨ, ਜਿਸ ਨਾਲ ਸਿੱਖ ਹਿਰਦੇ ਵਾਰ ਵਾਰ ਵਲੂੰਧਰੇ ਜਾ ਰਹੇ ਹਨ।
ਪ੍ਰੋ: ਸਰਚਾਂਦ ਸਿੰਘ ਨੇ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵੀ ਰਾਜ ਸਰਕਾਰ ਦੀ ਤਰਾਂ ਬੇਅਦਬੀ ਦੀਆਂ ਘਟਨਾਵਾਂ ਅਤੇ ਡੂੰਘੀਆਂ ਸਾਜ਼ਿਸ਼ਾਂ ਨੂੰ ਕਦੀ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਾਰਨ ਸਮਾਜ ਵਿਰੋਧੀ ਅਤੇ ਫੁੱਟ ਪਾਊ ਅਨਸਰਾਂ ਵੱਲੋਂ ਪਾਵਨ ਸਰੂਪਾਂ ਦੀ ਲਗਾਤਾਰ ਬੇਅਦਬੀ ਕਰ ਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ।
ਪ੍ਰੋ: ਸਰਚਾਂਦ ਸਿੰਘ ਨੇ ਰਾਜ ਸਰਕਾਰ ਨੂੰ ਬੇਅਦਬੀ ਦੇ ਪਿੱਛੇ ਦੀਆਂ ਤਾਕਤਾਂ ਨੂੰ ਬੇਨਕਾਬ ਕਰਨ ਦੀ ਅਪੀਲ ਕਰਦਿਆਂ ਚਿਤਾਵਨੀ ਵੀ ਦਿੱਤੀ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਹੋਵੇਗਾ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਅਤੇ ਲੋੜ ਪੈਣ ’ਤੇ ਸਖ਼ਤ ਕਾਨੂੰਨ ਲਿਆਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬੇਅਦਬੀਆਂ ਦੀਆਂ ਘਟਨਾਵਾਂ ਅਤੇ ਲਗਾਤਾਰ ਹੋ ਰਹੀਆਂ ਸਾਜ਼ਿਸ਼ਾਂ ਨੂੰ ਰੋਕਣ ਲਈ ਸਮੂਹ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਦੇ ਨਾਲ ਨਾਲ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਸਿੱਖ ਆਗੂਆਂ ਨੂੰ ਵੀ ਬਿਨਾ ਕਿਸੇ ਭੇਦ ਭਾਵ ਦੇ ਇਕੱਤਰਤਾਵਾਂ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ। ਅਤੇ ਘਟਨਾਵਾਂ ਨੂੰ ਗੰਭੀਰਤਾ ਨਾਲ ਵਿਚਾਰ ਕੇ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜਾਵਾਂ ਦੇ ਕੇ ਸਬਕ ਸਿਖਾਇਆ ਜਾਵੇ, ਤਾਂ ਕਿ ਕੋਈ ਵੀ ਗੁਰੂ ਦੋਖੀ ਬੇਅਦਬੀ ਕਰਨ ਬਾਰੇ ਸੋਚ ਵੀ ਨਾ ਸਕੇ। ਉਨ੍ਹਾਂ ਸਿੱਖ ਸੰਗਤਾਂ ਨੂੰ ਭਵਿੱਖ ’ਚ ਬੇਅਦਬੀ ਦੀਆਂ ਸਾਜ਼ਿਸ਼ਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ, ਪਾਵਨ ਗੁਰਬਾਣੀ ਪੋਥੀਆਂ ਦੀ ਸੇਵਾ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ ਤੋਂ ਇਲਾਵਾ ਸੂਬੇ ‘ਚ ਅਮਨ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ।

LEAVE A REPLY

Please enter your comment!
Please enter your name here