ਬੰਗਲਾ ਸਾਹਿਬ ਮਾਮਲੇ ’ਚ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਬੇਤੁਕੀ ਤੇ ਗੁਮਰਾਹਕੁਨ: ਪ੍ਰੋ. ਸਰਚਾਂਦ ਸਿੰਘ ਖਿਆਲਾ

0
12

ਅੰਮ੍ਰਿਤਸਰ, 12 ਅਕਤੂਬਰ: ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲੇ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਮੰਗ ਨੂੰ ਬੇਤੁਕੀ ਅਤੇ ਗੁਮਰਾਹਕੁਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਧਾਰਮਿਕ ਮਰਿਆਦਾ ਦੇ ਨਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਮਰਾਹ ਕਰਨ ਦੇ ਦੋਸ਼ ਹੇਠ ‘ਆਪ’ ਵਿਧਾਇਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ।
ਪ੍ਰੋ. ਖਿਆਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਵੀ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਤੱਥਾਂ ਦੇ ਆਧਾਰ ’ਤੇ ਮਾਮਲੇ ਦੀ ਘੋਖ ਕਰਨ ਅਤੇ ਧਾਰਮਿਕ ਮਰਿਆਦਾ ਦੇ ਨਾਂ ’ਤੇ ਸਿਆਸੀ ਲਾਹਾ ਲੈਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਰਿਆਦਾ ਪ੍ਰਤੀ ਸਤਿਕਾਰ ਰੱਖਦਿਆਂ ਹਰ ਮਾਮਲੇ ਵਿੱਚ ਇਕਸਾਰ ਮਾਪਦੰਡ ਅਪਣਾਏ ਜਾਣੇ ਚਾਹੀਦੇ ਹਨ ਅਤੇ ਕਿਸੇ ਵੀ ਧਿਰ ਨੂੰ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਹਿੱਤਾਂ ਲਈ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਦਿੱਲੀ ਪੁਲਿਸ ਅਸ਼ੋਕਾ ਰੋਡ ਵਾਲੇ ਗੇਟ ਰਾਹੀਂ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਈ ਅਤੇ ਦੂਜੇ ਪਾਸੇ ਤੋਂ ਬਾਹਰ ਨਿਕਲ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨਾ ਤਾਂ ਜੁੱਤੀਆਂ ਪਾ ਕੇ ਚਰਨ ਗੰਗਾ ਪਾਰ ਕਰਦਿਆਂ ਦਰਬਾਰ ਹਾਲ ਵਿੱਚ ਦਾਖ਼ਲ ਹੋਈ ਅਤੇ ਨਾ ਹੀ ਜੁੱਤੀਆਂ ਪਾ ਕੇ ਲੰਗਰ ਹਾਲ ਵਿੱਚ ਗਈ। ਇਸ ਲਈ ਮਰਿਆਦਾ ਭੰਗ ਹੋਣ ਦੇ ਦਾਅਵੇ ਬਾਰੇ ਤੱਥਾਂ ਦੇ ਆਧਾਰ ’ਤੇ ਵਿਚਾਰ ਕਰਨਾ ਚਾਹੀਦਾ ਹੈ। ਪ੍ਰੋ. ਖਿਆਲਾ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਵਿਰੁੱਧ ਨੈਰੇਟਿਵ ਸਿਰਜਣ ਲਈ ਇੱਕ ਸਾਜ਼ਿਸ਼ ਤਹਿਤ ਧਾਰਮਿਕ ਭਾਵਨਾਵਾਂ ਨੂੰ ਸਿਆਸੀ ਲਾਹੇ ਲਈ ਵਰਤਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਫੜੀਆਂ ਤਖ਼ਤੀਆਂ ਅਤੇ ਨਾਅਰੇਬਾਜ਼ੀ ਤੋਂ ਸਪੱਸ਼ਟ ਹੁੰਦਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਸਿਆਸੀ ਮੰਚ ਵਜੋਂ ਵਰਤਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਸਿਆਸੀ ਅਖਾੜਾ ਬਣਾਉਣਾ ਅਤੇ ਉੱਥੇ ਸਿਆਸੀ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰਨਾ ਹੀ ਧਾਰਮਿਕ ਮਰਿਆਦਾ ਦੇ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰਦੁਆਰਾ ਕੰਪਲੈਕਸ ਨੂੰ ਧਰਨੇ ਦੇ ਸਥਾਨ ਵਜੋਂ ਵਰਤਣਾ ਕੇਜਰੀਵਾਲ ਦੀ ਉਸ ਸਿਆਸੀ ਰਣਨੀਤੀ ਦਾ ਹਿੱਸਾ ਸੀ, ਜਿਸ ਰਾਹੀਂ ਭਾਜਪਾ ਵਿਰੁੱਧ ਨੈਰੇਟਿਵ ਸਿਰਜਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਵਿਰੁੱਧ ਐੱਫਆਈਆਰ ਦਰਜ ਕੀਤੇ ਜਾਣ ਦਾ ਸਵਾਗਤ ਕੀਤਾ।

ਪ੍ਰੋ. ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਆਮ ਆਦਮੀ ਪਾਰਟੀ ਦੇ ਗੁਰਸਿੱਖ ਵਿਧਾਇਕਾਂ ਨੂੰ ਆਪਣੇ ਸਟੈਂਡ ’ਤੇ ਕਾਇਮ ਰਹਿਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਹ ਸੱਚਮੁੱਚ ਗੁਰੂ ਸਾਹਿਬ ਨੂੰ ਸਮਰਪਿਤ ਹਨ ਤਾਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ 23 ਨਵੰਬਰ 2023 ਨੂੰ ਹੋਈ ਪੁਲਿਸ ਕਾਰਵਾਈ ਬਾਰੇ ਵੀ ਜਵਾਬ ਦੇਣ। ਉਨ੍ਹਾਂ ਦੋਸ਼ ਲਾਇਆ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਕਬਜ਼ੇ ਦੇ ਵਿਵਾਦ ਦੌਰਾਨ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਵੱਲ 1,000 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਵਿੱਚ ਇੱਕ ਹੋਮ ਗਾਰਡ ਜਵਾਨ ਦੀ ਮੌਤ ਹੋਈ ਅਤੇ ਕਈ ਹੋਰ ਜ਼ਖ਼ਮੀ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਈ ਅਤੇ ਅਖੰਡ ਪਾਠ ਸਾਹਿਬ ਦੀ ਮਰਿਆਦਾ ਭੰਗ ਹੋਈ, ਜੋ ਗੁਰੂ ਘਰ ਦੀ ਮਰਿਆਦਾ ਦੀ ਘੋਰ ਉਲੰਘਣਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੜਤਾਲ ਕਰਵਾਈ ਗਈ ਸੀ। ਰਿਪੋਰਟ ’ਤੇ ਵਿਚਾਰ ਕਰਨ ਮਗਰੋਂ ਜਥੇਦਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋਸ਼ੀ ਪਾਇਆ ਸੀ। ਪ੍ਰੋ. ਖਿਆਲਾ ਨੇ ਸਵਾਲ ਉਠਾਇਆ ਕਿ ਇਸ ਮਾਮਲੇ ਵਿੱਚ ਅੱਜ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਮੁੱਖ ਮੰਤਰੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਪ੍ਰੋ. ਖਿਆਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਇਸ ਸਮੇਂ ਕਈ ਗੰਭੀਰ ਮਾਮਲਿਆਂ ਵਿੱਚ ਘਿਰੀਆਂ ਹੋਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਮਾਮਲੇ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਹੇਠ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਿਰੁੱਧ ਹਾਈ ਕੋਰਟ ਵਿੱਚ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦਾ ਮਾਮਲਾ ਅਤੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵਿਰੁੱਧ ਸੀਬੀਆਈ ਵੱਲੋਂ ਦਰਜ ਐੱਫਆਈਆਰ ਰੱਦ ਕਰਨ ਤੋਂ ਸੁਪਰੀਮ ਕੋਰਟ ਵੱਲੋਂ ਇਨਕਾਰ ਕੀਤੇ ਜਾਣ ਦਾ ਮਾਮਲਾ ਸਰਕਾਰ ਲਈ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਆਮ ਆਦਮੀ ਪਾਰਟੀ ਧਾਰਮਿਕ ਅਤੇ ਭਾਵਨਾਤਮਕ ਮੁੱਦਿਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ, ਪਰ ਉਸ ਦੀ ਇਹ ਕੋਸ਼ਿਸ਼ ਸਫ਼ਲ ਨਹੀਂ ਹੋਵੇਗੀ।

LEAVE A REPLY

Please enter your comment!
Please enter your name here