ਭਾਕਿਯੂ ਉਗਰਾਹਾਂ ਵੱਲੋਂ ਦਾਗੀ ਦਾਣਿਆਂ ਬਹਾਨੇ ਕੇਂਦਰ ਸਰਕਾਰ ਦੁਆਰਾ ਕਣਕ ਦੇ ਰੇਟ ‘ਚ ਕਟੌਤੀ ਦੀ ਸਖ਼ਤ ਨਿਖੇਧੀ

0
176

ਫੈਸਲਾ ਵਾਪਸ ਕਰਾਉਣ ਲਈ ਅੰਦੋਲਨ ਦਾ ਐਲਾਨ

ਚੰਡੀਗੜ੍ਹ, 12 ਅਪ੍ਰੈਲ, 2023: ਭਾਰੀ ਮੀਂਹਾਂ/ਗੜੇਮਾਰੀ ਨਾਲ ਕਣਕ ਦੇ ਝਾੜ ਵਿੱਚ ਹੋਈ ਕਮੀ ਦਾ ਪੂਰਾ ਮੁਆਵਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਦਾਗੀ ਦਾਣਿਆਂ ਦੇ ਬਹਾਨੇ ਬਾਕੀ ਬਚੀ ਕਣਕ ਦੇ ਰੇਟ ਵਿੱਚ ਵੀ 5.31 ਤੋਂ ਲੈ ਕੇ 31.86 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਹ ਫੈਸਲਾ ਤੁਰੰਤ ਵਾਪਸ ਕਰਾਉਣ ਲਈ 12,13,14 ਅਪ੍ਰੈਲ ਨੂੰ ਡੀ ਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਸ ਸੰਬੰਧੀ ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਈ ਥਾਈਂ 37 ਰੁਪਏ ਪ੍ਰਤੀ ਕੁਇੰਟਲ ਤੱਕ ਕਟੌਤੀ ਵਾਲੇ ਜੇ-ਫਾਰਮ ਵੀ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਮਾਨਸਾ ਜ਼ਿਲ੍ਹੇ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੇ ਡੀ ਸੀ ਦਫ਼ਤਰ ਅੱਗੇ ਧਰਨਾ ਲਾਇਆ ਹੈ ਅਤੇ ਆਉਂਦੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਧਰਨੇ ਲਾਏ ਜਾਣਗੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਇਸ ਕਿਸਾਨ-ਮਾਰੂ ਫੈਸਲੇ ਨੇ ਕੇਂਦਰੀ ਭਾਜਪਾ ਹਕੂਮਤ ਦਾ ਕਿਸਾਨ-ਦੁਸ਼ਮਣ ਕਿਰਦਾਰ ਇੱਕ ਵਾਰ ਫਿਰ ਉਘਾੜਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਦੀ ਆਪ ਸਰਕਾਰ ਨੇ ਵੀ ਕਣਕ ਦੀ 75 ਤੋਂ 100% ਯਾਨੀ ਮੁਕੰਮਲ ਤਬਾਹੀ ਦਾ ਮੁਆਵਜ਼ਾ ਸਿਰਫ਼ 15000 ਰੁਪਏ ਪ੍ਰਤੀ ਏਕੜ ਐਲਾਨ ਕਰ ਕੇ ਕਿਸਾਨਾਂ ਨਾਲ਼ ਕੋਝਾ ਮਜ਼ਾਕ ਹੀ ਕੀਤਾ ਹੈ, ਪ੍ਰੰਤੂ ਕੇਂਦਰ ਸਰਕਾਰ ਨੇ ਮੁਆਵਜ਼ਾ ਤਾਂ ਕੀ ਦੇਣਾ ਸੀ ਉਲਟਾ ਮਿਥੇ ਹੋਏ ਘਾਟੇਵੰਦੇ ਰੇਟ ਵਿੱਚੋਂ ਵੀ ਕਟੌਤੀ ਕਰ ਮਾਰੀ ਹੈ। ਕੁਦਰਤੀ ਆਫ਼ਤ ਰਾਹੀਂ ਹੋਈ ਇਸ ਮੁਕੰਮਲ ਤਬਾਹੀ ਦਾ ਮੁਆਵਜ਼ਾ ਤਾਂ ਘੱਟੋ ਘੱਟ 50-55000 ਰੁਪਏ ਪ੍ਰਤੀ ਏਕੜ ਬਣਦਾ ਹੈ, ਜਿਸ ਵਿੱਚ ਕਿਸਾਨ ਦਾ ਭੋਰਾ ਵੀ ਕਸੂਰ ਨਹੀਂ। ਇਸ ਤਬਾਹੀ ਦਾ ਬਹੁਤਾ ਭਾਰ ਪਹਿਲਾਂ ਹੀ ਕਰਜ਼ਿਆਂ ਥੱਲੇ ਕੁਚਲੇ ਜਾ ਰਹੇ ਕਿਸਾਨਾਂ ਉੱਤੇ ਪਾਉਣ ਦੀ ਥਾਂ ਸਰਕਾਰੀ ਖਜ਼ਾਨੇ ਰਾਹੀਂ ਪੂਰੇ ਦੇਸ਼ ਦੁਆਰਾ ਸਾਰੇ ਦਾ ਸਾਰਾ ਭਾਰ ਵੰਡਾਉਣਾ ਬਣਦਾ ਹੈ, ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਅੰਨਦਾਤਾ ਹੈ। ਬਿਆਨ ਅਨੁਸਾਰ ਜਥੇਬੰਦੀ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਇਹ ਸੱਦਾ ਵੀ ਦਿੱਤਾ ਗਿਆ ਹੈ ਕਿ ਰੇਟ ‘ਚ ਕਟੌਤੀ ਵਾਲਾ ਜੇ-ਫਾਰਮ ਕੱਟਣ ਵਾਲੇ ਅਧਿਕਾਰੀਆਂ ਦੇ ਥਾਂਓਂ-ਥਾਂਈਂ ਘਿਰਾਓ ਕੀਤੇ ਜਾਣ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਆਮ ਕਿਸਾਨਾਂ ਨੂੰ ਖੇਤੀ ਕਿੱਤੇ ‘ਚੋਂ ਬਾਹਰ ਧੱਕ ਕੇ ਅਤੇ ਰੁਜ਼ਗਾਰ ਦੇ ਵਸੀਲੇ ਖ਼ਤਮ ਕਰਕੇ ਕਾਰਪੋਰੇਟ ਖੇਤੀ ਮਾਡਲ ਮੜ੍ਹਨ ਦੀ ਨੀਤੀ ਤਹਿਤ ਹੀ ਅਜਿਹੇ ਕਿਸਾਨ ਮਾਰੂ ਫੈਸਲੇ ਕੀਤੇ ਜਾ ਰਹੇ ਹਨ। ਇਨ੍ਹਾਂ ਨੀਤੀਆਂ ਦੇ ਸਿੱਟੇ ਵਜੋਂ ਹੀ ਪਾਕਿਸਤਾਨ ਸਮੇਤ ਦੁਨੀਆਂ ਦੇ ਦਰਜਨਾਂ ਦੇਸ਼ਾਂ ਦੇ ਅਰਬਾਂ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ।

ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਹੈ ਕਿ ਇਸ ਤਿੰਨ ਰੋਜ਼ਾ ਅੰਦੋਲਨ ਦੀ ਆਵਾਜ਼ ਅਣਸੁਣੀ ਕਰਨ ਦੀ ਸੂਰਤ ਵਿੱਚ ਅਗਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਇਨ੍ਹਾਂ ਦੇਸ਼ਧ੍ਰੋਹੀ ਫੈਸਲਿਆਂ ਵਿਰੁੱਧ ਪ੍ਰਵਾਰਾਂ ਸਮੇਤ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here