ਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ

0
147

ਕੁੱਟਮਾਰ ਕਰਨ ਵਾਲੇ ਪੁੱਤਰ ਨੂੰਹ ਅਤੇ ਪੋਤੇ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ, 28 ਅਕਤੂਬਰ:

ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਰੋਪੜ ਨੂੰ ਨਿਰਦੇਸ਼ ਦਿੱਤੇ ਕਿ ਅੰਡਰ ਸੈਕਸ਼ਨ 327, 342, 344, 355 ਆਈ ਪੀ ਸੀ ਅਤੇ ਸੈਕਸ਼ਨ 6 ਮੇਨਟੇਨੈਸ ਆਫ ਪੇਰੈਂਟਸ ਐਡ ਵੈਲਫੇਅਰ ਆਫ ਸੀਨੀਅਰ ਸਿਟੀਜਨ ਐਕਟ  ਅਧੀਨ ਕੁੱਟਮਾਰ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸ ਉਪਰੰਤ ਕੁੱਟਮਾਰ ਕਰਨ ਵਾਲੇ ਵਕੀਲ ਅੰਕੁਰ ਵਰਮਾ ਖਿਲਾਫ ਐਫ.ਆਈ.ਆਰ ਦਰਜ਼ ਕਰਕੇ  ਗ੍ਰਿਫ਼ਤਾਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰੋਪੜ੍ਹ ਵਿਖੇ ਵਕੀਲ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ  ਸਬੰਧੀ ਜਾਣਕਾਰੀ ਉਨ੍ਹਾਂ ਨੂੰ ਸਖੀ ਵਨ ਸਟਾਪ ਸੈਂਟਰ ਰਾਹੀਂ ਪ੍ਰਾਪਤ ਹੋਈ ਸੀ। ਸੂਬੇ ਦੇ ਸਖੀ ਵਨ ਸਟਾਪ ਸੈਂਟਰਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਮੁਫ਼ਤ ਸੇਵਾਵਾਂ ਉਪਲਬੱਧ ਕਰਵਾਈਆਂ ਜਾਂਦੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਹ ਮਾਮਲਾ ਸੱਭਿਅਕ ਸਮਾਜ ਵਿੱਚ  ਬਜ਼ੁਰਗਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਬਜ਼ੁਰਗਾਂ ਨੂੰ ਅਣਗੌਲਿਆਂ ਕਰਨ ਵਾਲਾ ਹੈ।

ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਰੋਪੜ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇੱਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋਂ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਹੀ ਨਜ਼ਰੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਇਹੋ  ਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਸਮਾਜਿਕ ਰਿਸ਼ਤੇ ਤਾਰ-ਤਾਰ ਹੁੰਦੇ ਹਨ।

LEAVE A REPLY

Please enter your comment!
Please enter your name here