ਲਾਂਘਾ ਖੁਲ੍ਹਣ ਉਪਰੰਤ ਸ਼ਰਧਾਲੂਆਂ ਦਾ ਪਹਿਲਾ ਜਥਾ ਹੋਇਆ ਗੁਰਦੁਆਰਾ ਕਰਤਾਰਪੁਰ ਸਾਹਿਬ ਨਤਮਸਤਕ

0
373

ਅੰਮ੍ਰਿਤਸਰ/ਲਾਹੌਰ (ਸਾਂਝੀ ਸੋਚ ਬਿਊਰੋ)- ਤਕਰੀਬਨ 20 ਮਹੀਨਿਆਂ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ ਲੰਘੇ ਬੁੱਧਵਾਰ 28 ਭਾਰਤੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਇਆ। ਕਰੋਨਾ ਮਹਾਮਾਰੀ ਉਪਰੰਤ ਮਾਰਚ 2020 ਨੂੰ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ। 2500 ਤੋਂ ਵੱਧ ਸਿੱਖ ਸ਼ਰਧਾਲੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ। ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਬੁਲਾਰੇ ਆਮਿਰ ਹਾਸ਼ਮੀ ਨੇ ਇਹ ਜਾਣਕਾਰੀ ਦਿੱਤੀ। ਹਾਸ਼ਮੀ ਨੇ ਕਿਹਾ ਕਿ ਪਾਕਿਸਤਾਨ ਨੇ 2890 ਭਾਰਤੀ ਸਿੱਖਾਂ ਨੂੰ ਵੀਜ਼ੇ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚੋਂ 2500 ਤੋਂ ਵੱਧ ਇੱਥੇ ਪੁੱਜੇ ਹਨ। 552ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਬੁੱਧਵਾਰ ਦੇਰ ਸ਼ਾਮ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਾ, ਜਿਥੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਨ੍ਹਾਂ ਦੇ ਭੋਗ ਗੁਰਪੁਰਬ ਵਾਲੇ ਦਿਨ 19 ਨਵੰਬਰ ਨੂੰ ਪੈਣਗੇ। ਗੁ: ਨਨਕਾਣਾ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਸੁੰਦਰ ਦੀਪਮਾਲਾ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਔਕਾਫ ਬੋਰਡ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੇ ਆਗੂਆਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਜਥੇ ਦੇ ਸਵਾਗਤ ਮੌਕੇ ਪੀਐਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਮੈਂਬਰਾਂ ਤੋਂ ਇਲਾਵਾ ਔਕਾਫ ਬੋਰਡ ਦੇ ਅਧਿਕਾਰੀ ਹਾਜ਼ਰ ਸਨ। ਅਮੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀ ਸਿੱਖ ਆਵਾਮ ਵੱਲੋਂ ਭਾਰਤ ਸਰਕਾਰ ਤੋਂ ਇਹ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋ ਗਈ ਹੈ। ਔਕਾਫ ਬੋਰਡ ਦੇ ਅਧਿਕਾਰੀਆਂ ਨੇ ਵੀ ਸ਼ਰਧਾਲੂਆਂ ਨੂੰ ਖੁਸ਼ਆਮਦੀਦ ਕਹੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਆਪਣੀ ਵਜ਼ਾਰਤ ਨਾਲ ਅੱਜ ( ਵੀਰਵਾਰ) ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ।
ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦੀ ਅਪੀਲ: ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਦੇ ਪ੍ਰਧਾਨ ਹਰਭਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਔਕਾਫ਼ ਬੋਰਡ ਪਾਕਿਸਤਾਨ ਦੇ ਚੇਅਰਮੈਨ ਨੂੰ ਇੱਕ ਪੱਤਰ ਭੇਜ ਕੇ ਪ੍ਰਕਾਸ਼ ਪੁਰਬ ਮੌਕੇ ਇੱਕ ਮੀਲ ਇਲਾਕੇ ਵਿੱਚ ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੰਗ ਕੀਤੀ ਭਾਈ ਮਰਦਾਨਾ ਜੀ ਦੇ ਘਰ ਦੀ ਮੁੜ ਉਸਾਰੀ ਲਈ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਨੂੰ ਸੇਵਾ ਦਾ ਮੌਕਾ ਦਿੱਤਾ ਜਾਵੇ।
ਸ਼੍ਰੋਮਣੀ ਕਮੇਟੀ ਦਾ 855 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਅੰਮ੍ਰਿਤਸਰ-ਲੰਘੇ ਬੁੱਧਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੇ ਰਾਮਪਾਲ ਸਿੰਘ ਬਹਿਣੀਵਾਲ, ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਰਵਿੰਦਰ ਕੌਰ ਅਜਰਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਦੱਸਣਯੋਗ ਹੈ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਕਰੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 855 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ।
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ 28 ਸ਼ਰਧਾਲੂ ਪਰਤੇ ਡੇਰਾ ਬਾਬਾ ਨਾਨਕ-ਪਹਿਲੇ ਦਿਨਰ ਬੁੱਧਵਾਰ ਨੂੰ ਪਾਕਿਸਤਾਨ ਜਾਣ ਲਈ ਲਗਪਗ 49 ਸ਼ਰਧਾਲੂਆਂ ਨੇ ਆਪਣਾ ਨਾਂਅ ਰਜਿਸਟਰਡ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਸਿਰਫ਼ 28 ਸ਼ਰਧਾਲੂ ਹੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਗਏ ਹਨ। ਦਿੱਲੀ ਤੋਂ ਆਏ ਜਸਪਾਲ ਸਿੰਘ ਚੰਢੋਕ ਨੇ ਕਿਹਾ ਕਿ ਉਹ ਪਾਕਿਸਤਾਨ ਜਾ ਕੇ ਕਰਤਾਰਪੁਰ ਸਾਹਿਬ ਦਰਸ਼ਨ ਕਰਕੇ ਆਏ ਹਨ, ਜਿਸ ਕਾਰਨ ਉਹ ਬਹੁਤ ਖੁਸ਼ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਲੋਕਾਂ ਵੱਲੋਂ ਸਿੱਖ ਸ਼ਰਧਾਲੂਆਂ ਉਪਰ ਫੁੱਲਾਂ ਦੀ ਵਰਖ਼ਾ ਕੀਤੀ ਗਈ। ਕੁਝ ਸ਼ਰਧਾਲੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪਾਕਿਸਤਾਨ ਜਾਣ ਦੀ ਪ੍ਰਕਿਰਿਆ ਸੁਖਾਲੀ ਕਰ ਦੇਣੀ ਚਾਹੀਦੀ ਹੈ ਅਤੇ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here