ਸਿਵਲ ਸਰਜਨ ਨੇ ਸਿਹਤ ਕੇਂਦਰ ਕੌਹਰੀਆਂ ਦੀ ਨਵੀਂ ਬਣ ਰਹੀ ਇਮਾਰਤ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

0
25
ਕੌਹਰੀਆਂ/ਸੰਗਰੂਰ, 15 ਜੂਨ, 2024: ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੌਹਰੀਆਂ ਵਿਖੇ ਸੀ.ਐੱਚ.ਸੀ. ਦੀ ਨਵੀਂ ਬਣ ਰਹੀ ਇਮਾਰਤ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਵਿੱਚ ਹੋਈ ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ‘ਚ ਚੱਲ ਰਹੇ ਨਿਰਮਾਣ ਕਾਰਜਾਂ ਦੀ ਸਮੇਂ ਸਮੇਂ ਸਿਰ ਨਿਗਰਾਨੀ ਕਰਨ ਲਈ ਜਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸੀ ਐੱਚ ਸੀ ਕੌਹਰੀਆਂ ਤੋਂ ਇਲਾਵਾ ਸਿਵਲ ਹਸਪਤਾਲ ਸੰਗਰੂਰ, ਐੱਸ ਡੀ ਐੱਚ ਧੂਰੀ ਅਤੇ ਪੇਂਡੂ ਹਸਪਤਾਲ ਚੀਮਾ ਦਾ ਨਿਰਮਾਣ ਕਾਰਜ ਵੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਇਨ੍ਹਾਂ ਸਿਹਤ ਕੇਂਦਰਾਂ ਨੂੰ ਨਵੀਨਤਮ ਢੰਗ ਨਾਲ ਬਣਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਸੰਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਮੁੱਚੀ ਨਿਰਮਾਣ ਪ੍ਰਕਿਰਿਆ ‘ਤੇ ਨਿਗਰਾਨੀ ਰੱਖਣ।
ਇਸ ਉਪਰੰਤ ਡਾ. ਕਿਰਪਾਲ ਸਿੰਘ ਨੇ ਸਿਹਤ ਕੇਂਦਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ-ਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ, ਸਾਰੀਆਂ ਦਵਾਈਆਂ ਸੰਸਥਾ ਦੇ ਅੰਦਰੋਂ ਹੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾਇਆ ਜਾਵੇ ਅਤੇ ਨਰਮੀ ਨਾਲ ਪੇਸ਼ ਆਇਆ ਜਾਵੇ।

LEAVE A REPLY

Please enter your comment!
Please enter your name here