*ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਸਮੀਖਿਆ ਮੀਟਿੰਗ ਹੋਈ*
ਮਾਨਸਾ, 24 ਜੂਨ 2025:
ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਹੋਈ।
ਡਾ. ਰਾਏ ਨੇ ਮੈਡੀਕਲ ਪੇਸ਼ੇਵਰਾਂ ਵਿਰੁੱਧ ਵਧ ਰਹੇ ਹਿੰਸਾ ਦੇ ਮਾਮਲਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਦੀ ਐਂਟਰੀ ਅਤੇ ਬਾਹਰ ਜਾਣ ਦੇ ਰਸਤਿਆਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਗਿਣਤੀ ਵਧਾਈ ਜਾਵੇ। ਡਿਊਟੀ ’ਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਮੁਕੰਮਲ ਵਰਦੀ ਅਤੇ ਪਹਿਚਾਣ ਪੱਤਰ ਪਹਿਨਣੇ ਯਕੀਨੀ ਬਣਾਏ ਜਾਣ।
ਉਨ੍ਹਾਂ ਕਿਹਾ ਕਿ ਦਾਖਲ ਮਰੀਜ਼ਾਂ ਦੇ ਵਾਰਸਾਂ ਨੂੰ ਗੇਟ ਪਾਸ ਜਾਰੀ ਕੀਤੇ ਜਾਣ ਤਾਂ ਜੋਂ ਕੋਈ ਅਣਜਾਣ ਵਿਅਕਤੀ ਹਸਪਤਾਲ ਵਿਚ ਦਾਖਲ ਨਾ ਹੋਵੇ ਅਤੇ ‘ਹਿੰਸਾ ਦੀ ਰੋਕਥਾਮ ਅਤੇ ਜਾਇਦਾਦ ਨੂੰ ਨੁਕਸਾਨ’ ਐਕਟ 2008 ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ ਹਸਪਤਾਲਾਂ ਵਿਚ ਸੁਰੱਖਿਆ ਕਰਮੀ ਅਤੇ ਫੈਸਿਲਿਟੀ ਮੈਨੇਜਰ ਦੀ ਭਰਤੀ ਪੰਜਾਬ ਸਰਕਾਰ ਵੱਲੋਂ ਜਲਦ ਕੀਤੀ ਜਾ ਰਹੀ ਹੈ।
ਇਸ ਮੌਕੇ ਡਾ. ਮਯੰਕ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਬਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਪ੍ਰਤਾਪ ਸਿੰਘ ਸੁਪਰਡੰਟ, ਸੰਦੀਪ ਸਿੰਘ ਸੀਨੀਅਰ ਸਹਾਇਕ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।