25 ਤੋਂ 30 ਨਵੰਬਰ ਤੱਕ ਮਨਾਇਆ ਜਾਵੇਗਾ ਸਪੈਸ਼ਲ ਟੀਕਾਕਰਨ ਹਫ਼ਤਾ -ਡਾ. ਰਣਜੀਤ ਸਿੰਘ ਰਾਏ

0
28

25 ਤੋਂ 30 ਨਵੰਬਰ ਤੱਕ ਮਨਾਇਆ ਜਾਵੇਗਾ ਸਪੈਸ਼ਲ ਟੀਕਾਕਰਨ ਹਫ਼ਤਾ -ਡਾ. ਰਣਜੀਤ ਸਿੰਘ ਰਾਏ

*ਸੰਪੂਰਨ ਟੀਕਾਕਰਨ ਰਾਹੀਂ ਬੱਚਿਆਂ ਨੂੰ ਭਵਿੱਖ ਵਿੱਚ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ-ਸਿਵਲ ਸਰਜਨ
*ਸਪੈਸ਼ਲ ਟੀਕਾਕਰਨ ਹਫ਼ਤੇ ਸਬੰਧੀ ਸਿਵਲ ਸਰਜਨ ਨੇ ਕੀਤੀ ਅਹਿਮ ਮੀਟਿੰਗ

ਮਾਨਸਾ, 12 ਨਵੰਬਰ :

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾ ਹੇਠ ਸਿਹਤ ਵਿਭਾਗ ਮਾਨਸਾ ਵੱਲੋਂ 25 ਤੋਂ 30 ਨਵੰਬਰ 2024 ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਸਬੰਧਤ ਡਾਕਟਰਾਂ ਅਤੇ ਮੁਲਾਜ਼ਮਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਪੰਜ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਹਫਤੇ ਦੌਰਾਨ ਸਪੈਸ਼ਲ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਰਬਨ, ਸਲੱਮ, ਮਾਈਗਰੇਟਰੀ ਆਬਾਦੀ, ਝੁੱਗੀ ਝੋਪੜੀਆਂ, ਭੱਠੇ ਅਤੇ ਸ਼ੈਲਰਾਂ ਆਦਿ ਵਿੱਚ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਤੇ ਗਰਭਵਤੀ ਮਾਵਾਂ ਲਈ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਇਸ ਹਫਤੇ ਦੌਰਾਨ ਜ਼ਿਲ੍ਹੇ ਵਿੱਚ ਮਾਈਕਰੋ ਪਲਾਨ ਅਨੁਸਾਰ ਸਪੈਸ਼ਲ ਕੈਂਪ ਲਗਾ ਕੇ ਟੀਕਾ ਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਸੰਪੂਰਨ ਕੀਤਾ ਜਾਵੇਗਾ।
ਡਾ. ਰਾਏ ਨੇ ਕਿਹਾ ਕਿ ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਪਹਿਲਾ ਵੱਡੀ ਮਾਤਾ ਅਤੇ ਪੋਲਿਓ ਆਦਿ ਤੋਂ ਛੁਟਕਾਰਾ ਪਾਇਆ ਗਿਆ ਹੈ। ਇਸੇ ਤਰ੍ਹਾਂ ਸੰਪੂਰਨ ਟੀਕਾਕਰਨ ਰਾਹੀਂ ਘਾਤਕ ਬਿਮਾਰੀਆਂ ਤੋਂ ਨਿਜ਼ਾਤ ਪਾਈ ਜਾ ਸਕਦੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਸਹੀ ਮਾਈਕਰੋ ਪਲਾਨ ਤਿਆਰ ਕਰਕੇ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ। ਜਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਅਤੇ ਹੋਰ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਇਸ ਮੌਕੇ ਨੋਡਲ ਅਫ਼ਸਰ ਡਾ. ਵਰੁਣ ਮਿੱਤਲ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਮੂਹ ਐੱਲ.ਐਚ.ਵੀ. ਅਤੇ ਮਨਦੀਪ ਸਿੰਘ ਵੈਕਸੀਨ ਮੈਨੇਜ਼ਰ ਹਾਜ਼ਰ ਸਨ।

LEAVE A REPLY

Please enter your comment!
Please enter your name here