ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਵੱਡੀ ਗਿਣਤੀ ਕਲੋਨੀਆਂ ਦੇ ਵਸਨੀਕਾਂ ਨੂੰ ਮਿਲੇਗਾ ਫਾਇਦਾ
ਸੰਗਰੂਰ, 9 ਦਸੰਬਰ, 2022: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੇ ਨਿਵਾਸੀਆਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਇਸ ਲੜੀ ਤਹਿਤ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਵਿੱਚ ਵਿਸਥਾਰ ਤੇ ਸੁਧਾਰ ਲਈ ਸਰਕਾਰ ਵੱਲੋਂ 39.44 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਵਿਧਾਇਕਾ ਸੰਗਰੂਰ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਕੰਮ ਪ੍ਰਗਤੀ ਅਧੀਨ ਹੈ।
ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੰਗਰੂਰ ਲਈ ਸੀਵਰੇਜ ਵਿਵਸਥਾ ਵਿੱਚ ਵਿਸਥਾਰ ਤੇ ਸੁਧਾਰ ਲਈ 39.44 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸੀਵਰੇਜ ਦੇ ਵਿਸਥਾਰ ਤਹਿਤ ਕਰੀਬ 56 ਕਿਲੋਮੀਟਰ ਖੇਤਰ ਕਵਰ ਕੀਤਾ ਜਾਵੇਗਾ। ਵਿਧਾਇਕਾ ਸ਼੍ਰੀਮਤੀ ਭਰਾਜ ਨੇ ਦੱਸਿਆ ਕਿ ਭੱਠਲ ਕਲੋਨੀ, ਰਾਮ ਨਗਰ, ਉਭਾਵਾਲ ਰੋਡ, ਉਪਲੀ ਰੋਡ, ਬਾਬਾ ਜੀਵਨ ਸਿੰਘ ਨਗਰ, ਸੁਨਾਮ ਰੋਡ, ਨਿਊ ਜੀਵਨ ਸਿੰਘ ਨਗਰ, ਅਜੀਤ ਨਗਰ, ਸ਼ਿਵਮ ਕਲੋਨੀ ਅਤੇ ਅਫ਼ਸਰ ਕਲੋਨੀ ਦੇ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਨੂੰ ਇਸ ਸਬੰਧੀ ਕੰਮ ਵਿੱਚ ਤੇਜ਼ੀ ਲਿਆਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਨਿਰਧਾਰਿਤ ਸਮੇਂ ਅੰਦਰ ਸਮੁੱਚੇ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕਰਨ ਵਿੱਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ।