450 ਸਾਲਾ ਸਤਾਬਦੀ ਮੌਕੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਮਹਾਨ ਨਗਰ ਕੀਰਤਨ ਭਲਕੇ
ਸ਼ਤਾਬਦੀ ਸਮਾਗਮਾਂ ਦੌਰਾਨ 15 ਤੋਂ 18 ਸਤੰਬਰ ਤੱਕ ਸੰਗਤਾਂ ਲਈ ਵੱਖ-ਵੱਖ ਥਾਵਾਂ ‘ਤੇ ਲੰਗਰਾਂ ਦਾ ਹੋਵੇਗਾ ਖਾਸ ਪ੍ਰਬੰਧ
ਰਾਕੇਸ਼ ਨਈਅਰ
ਤਰਨਤਾਰਨ,13 ਸਤੰਬਰ
ਤੀਸਰੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਦੀ 450 ਸਾਲਾ ਸ਼ਤਾਬਦੀ ਪੂਰੇ ਵਿਸ਼ਵ ਵਿੱਚ ਬੜੇ ਹੀ ਪਿਆਰ,ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।ਇਸ ਸੰਬੰਧ ਵਿੱਚ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ,ਸੰਤ ਬਾਬਾ ਚਰਨ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ 15 ਸਤੰਬਰ ਦਿਨ ਐਤਵਾਰ ਨੂੰ ਸਰਹਾਲੀ ਸਾਹਿਬ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਜਾਵੇਗਾ।ਜ਼ੋ ਸਵੇਰੇ 10 ਵਜੇ ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਤੋਂ ਅਰੰਭ ਹੋ ਕੇ ਵਾਇਆ ਨੌਸ਼ਹਿਰਾ ਪੰਨੂੰਆਂ,ਸ਼ੇਰੋਂ, ਤਰਨਤਾਰਨ,ਸੰਘੇ, ਸ਼ੇਖ਼ਚੱਕ,ਭਰੋਵਾਲ ਤੋਂ ਹੁੰਦਾ ਹੋਇਆ ਸ਼ਾਮ 4 ਵਜੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸਮਾਪਤ ਹੋਵੇਗਾ। ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਸ਼ਤਾਬਦੀ ਸਮਾਗਮਾਂ ਦੌਰਾਨ ਸ਼੍ਰੀ ਗੋਇੰਦਵਾਲ ਸਾਹਿਬ ਆਉਣ-ਜਾਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਪੰਜ ਥਾਵਾਂ ‘ਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ,ਜ਼ੋ 15 ਤੋਂ 18 ਸਤੰਬਰ ਤੱਕ ਗੁਰਦੁਆਰਾ ਸ਼੍ਰੀ ਗੁਰੂ ਅਮਰਦਾਸ ਜੀ,ਨਗਰ ਪਿੰਡੀਆਂ (ਖਡੂਰ ਸਾਹਿਬ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਰੋਡ), ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮੇਨ ਚੌਂਕ ਸ਼੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਪਾਤਸ਼ਾਹੀ ਦਸਵੀਂ,ਮੁੰਡੀ ਮੋੜ ਟੀ ਪੁਆਇੰਟ (ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਰੋਡ), ਗੁਰਦੁਆਰਾ ਅੰਬ ਸਾਹਿਬ ਭਰੋਵਾਲ ਅਤੇ ਡੇਰਾ ਬਾਗ਼ ਵਾਲਾ(ਫਤਿਆਬਾਦ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਰੋਡ) ਵਿਖੇ 24 ਘੰਟੇ ਜਾਰੀ ਰਹਿਣਗੇ,ਜਿਸ ਲਈ ਵੱਖ-ਵੱਖ ਜਥੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਵਹੀਕਲਾਂ ਸਮੇਤ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਸ਼ਤਾਬਦੀ ਸਮਾਗਮਾਂ ਦੀਆਂ ਰੌਣਕਾਂ ਨੂੰ ਵਧਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਫੋਟੋ: ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ।