5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0
13

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ, 20 ਅਪ੍ਰੈਲ, 2024 –
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
——–
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ’ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ
– ਸੂਬੇ ’ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ – ਗਿਰੀਸ਼ ਦਿਆਲਨ
– ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦ੍ਰਿੜ ਵਚਨਬੱਧਤਾ ਦੁਹਰਾਈ
ਖੰਨਾ/ਲੁਧਿਆਣਾ, 20 ਅਪ੍ਰੈਲ (000) – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ।
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਮੌਕੇ ਗਿਰੀਸ਼ ਦਿਆਲਨ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ। ਸ੍ਰੀ ਦਿਆਲਨ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਜ਼ਿਲਿ੍ਹਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮਦ ਅਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ, ਇਸ ਲਈ ਅਧਿਕਾਰੀਆਂ ਨੂੰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੀ ਲੋੜ ਹੈ।
ਬਾਅਦ ਵਿੱਚ ਅਧਿਕਾਰੀਆਂ ਨੇ ਸਮਰਾਲਾ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਸਦਕਾ ਅਨਾਜ ਮੰਡੀਆਂ ਵਿੱਚ ਪਈ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਇਆ ਜਾ ਸਕਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਅਨਾਜ ਮੰਡੀਆਂ ਵਿੱਚ 42372.90 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 77 ਫੀਸਦੀ ਏਜੰਸੀਆਂ ਵੱਲੋਂ ਖਰੀਦੀ ਗਈ ਹੈ।  ਕਿਸਾਨਾਂ ਨੂੰ 44.982 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਂਦੀ ਜਾਵੇ ਤਾਂ ਜੋ ਉਸਦੀ ਤੁਰੰਤ ਖਰੀਦ ਕੀਤੀ ਜਾ ਸਕੇ।
——

LEAVE A REPLY

Please enter your comment!
Please enter your name here