6 ਸਤੰਬਰ ਨੂੰ ਜੰਡਿਆਲਾ ਗੁਰੂ ਵਿਖੇ ਲਗਾਇਆ ਜਾਵੇਗਾ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

0
177

ਅੰਮ੍ਰਿਤਸਰ,ਰਾਜਿੰਦਰ ਰਿਖੀ
ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਿਲ੍ਹਾ ਅੰਮ੍ਰਿਤਸਰ ਵੱਲੋਂ 06 ਸਤੰਬਰ 2023 ਦਿਨ ਬੁੱਧਵਾਰ ਨੂੰ ਦਾਣਾ ਮੰਡੀ, ਜੰਡਿਆਲਾ ਗੁਰੂ ਵਿਖੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।

ਡਾ. ਗਿੱਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ (ਬਿਜਲੀ ਤੇ ਲੋਕ ਨਿਰਮਾਣ ਵਿਭਾਗ ਪੰਜਾਬ) ਇਸ ਕੈਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਹ ਕਿਸਾਨ ਕੈਂਪ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਚੱਲੇਗਾ। ਇਸ ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਵੱਖ-ਵੱਖ ਵਿਭਾਗਾਂ ਤੋਂ ਖੇਤੀ ਸਾਇੰਸਦਾਨ/ਮਾਹਿਰ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਤੇ ਨਵੀਆਂ ਖੇਤੀ ਵਿਕਾਸ ਤਕਨੀਕਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦੇਣਗੇ। ਇਸ ਕਿਸਾਨ ਮੇਲੇ ਦੌਰਾਨ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਕੈਂਪ ਵਿੱਚ ਭਾਗ ਲੈਣ ਪਹੁੰਚੇ ਕਿਸਾਨਾਂ ਲਈ ਵਿਭਾਗ ਵੱਲੋਂ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਹਿੱਸਾ ਲਿਆ ਜਾਵੇ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕੀਤੀ ਜਾਵੇ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ, ਸੈਲਫ ਹੈਲਪ ਗੁਰੱਪਾਂ, ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆ।

LEAVE A REPLY

Please enter your comment!
Please enter your name here