8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0
66

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 18 ਦਸੰਬਰ 2025:

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਗਈ ਸੀ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਚਿੰਤਪੁਰਨੀ ਰੋਡ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਉਸ ਵੱਲੋਂ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਪਿੰਡ ਬਡਾਲਾ, ਤਹਿਸੀਲ ਦਸੂਹਾ ਵਿਖੇ ਸਥਿਤ ਜੱਦੀ ਜਾਇਦਾਦ ਦੇ ਇੰਤਕਾਲ ਸਬੰਧੀ ਅਰਜ਼ੀ ਸੇਵਾ ਕੇਂਦਰ, ਦਸੂਹਾ ਵਿਖੇ ਜਮ੍ਹਾਂ ਕਰਵਾਈ ਗਈ ਸੀ।

ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਸਰਕਾਰੀ ਫੀਸ 1,200/- ਰੁਪਏ ਹੈ, ਜਿਸਦੇ ਬਾਵਜੂਦ ਵੀ ਉਸਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਇੰਤਕਾਲ ਕਰਨ ਲਈ 8,000 ਰੁਪਏ ਦੀ ਗੈਰ-ਕਾਨੂੰਨੀ ਰਿਸ਼ਵਤ ਮੰਗੀ, ਜਿਸਦੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਅਤੇ ਦੋਸ਼ਾਂ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here