ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਫਰਿਜ਼ਨੋ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਏ ਸਮਾਗਮ
ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਫਰਿਜ਼ਨੋ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਏ ਸਮਾਗਮ
ਫਰਿਜ਼ਨੋ, ਕੈਲੀਫੋਰਨੀਆ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਬੀਤੇ ਦਿਨੀ ਫਰਿਜ਼ਨੋ ਵਿਖੇ ਦਮਦਮੀ ਟਕਸਾਲ ਜੱਥਾ ਭਿੰਡਰਾ ਦੀ ਰਹਿਨੁਮਾਈ ਹੇਠ ਚਲਾਏ ਜਾ ਰਹੇ ਸਥਾਨਕ ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮਨਾਉਦੇ ਹੋਏ ਵਿਸ਼ੇਸ਼ ਸਮਾਗਮ ਕਰਵਾਏ ਗਏ। ਜਿੰਨਾਂ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਬਹੁਤ ਹੀ ਸ਼ਰਧਾ ਤੇ ਭਾਵਨਾਂ ਨਾਲ ਹਾਜ਼ਰੀ ਭਰੀ। ਇਸ ਵਿਸ਼ੇਸ਼ ਸਮਾਗਮਾਂ ਦੇ ਸ਼ੁਰੂਆਤ ਵਿੱਚ ਚੱਲ ਰਹੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਜਿਸ ਤੋਂ ਉਪਰੰਤ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਜੀ ਨੇ ਆਰਤੀ, ਆਰਤਾ ਅਤੇ ਹੋਰ ਸ਼ਬਦ ਕੀਰਤਨ ਕਰਦਿਆਂ ਸੰਗਤਾਂ ਨੂੰ ਰੂਹਾਨੀ ਗੁਰਬਾਣੀ ਨਾਲ ਜੋੜਿਆ।
ਇਸੇ ਲੜੀ ਅਧੀਨ ਕਥਾ ਵਾਚਕ ਗਿਆਨੀ ਜੋਬਨਪ੍ਰੀਤ ਸਿੰਘ (ਵਿਦਿਆਰਥੀ ਦਮਦਮੀ ਟਕਸਾਲ) ਨੇ ਗੁਰੂ ਤੇਗ ਬਹਾਦਰ ਜੀ ਦੇ ਸਲੋਕਾਂ ਨੂੰ ਸੁਣਾਉਂਦੇ ਹੋਏ ਉਨ੍ਹਾਂ ਦੀ ਵਿਆਖਿਆ ਕੀਤੀ। ਇਸ ਤੋਂ ਬਾਅਦ ਕਥਾ ਵਾਚਕ ਗਿਆਨੀ ਫਤਿਹ ਸਿੰਘ (ਵਿਦਿਆਰਥੀ ਦਮਦਮੀ ਟਕਸਾਲ) ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਦੀਆਂ ਸਾਖੀਆਂ ਸੁਣਾਉਂਦੇ ਹੋਏ ਸੰਗਤਾਂ ਨੂੰ ਗੁਰੂ ਜੀ ਦੇ ਵਡਮੁੱਲੇ ਇਤਿਹਾਸ ਨਾਲ ਜੋੜਿਆ।
ਇਸ ਵਿਸ਼ੇਸ਼ ਸਮਾਗਮ ਨੂੰ ਸਮਰਪਿਤ ਚੱਲ ਰਹੇ ਗੁਰਬਾਣੀ ਅਤੇ ਗੁਰ ਇਤਿਹਾਸ ਦੇ ਪ੍ਰਵਾਹ ਵਿੱਚ ਹਾਜ਼ਰੀ ਭਰਦੇ ਹੋਏ ਗਿਆਨੀ ਦਲੀਪ ਸਿੰਘ (ਵਿਦਿਆਰਥੀ ਦਮਦਮੀ ਟਕਸਾਲ) ਨੇ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਕਥਾ ਕਰਕੇ ਸੰਗਤਾਂ ਨੂੰ ਗੁਰੂ ਜੀ ਦੀ ਬੇਮਿਸਾਲ ਕੁਰਬਾਨੀ ਬਾਰੇ ਜਾਣੂ ਕਰਵਾਇਆ। ਭਾਈ ਜਗਰੂਪ ਸਿੰਘ ਗਰੇਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇੰਨ੍ਹਾਂ ਵਿਸ਼ੇਸ਼ ਸਮਾਗਮਾਂ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰਦੇ ਹੋਏ ਜਿੱਥੇ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ, ਉੱਥੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਸੱਚੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਵੀ ਲਈ। ਸਮੁੱਚੇ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤੇ।







