ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਰਕਾਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਨੀਤ ਕੌਰ ਦਾ ਸਨਮਾਨ

0
9
ਲਹਿਰਾਗਾਗਾ, 12 ਅਪ੍ਰੈਲ, 2026:
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਉੱਚ ਮਿਆਰ ਸਥਾਪਿਤ ਕਰਨ ਅਤੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਸਰਕਾਰੀ ਮਿਡਲ ਸਕੂਲ, ਅੜਕਵਾਸ ਦੀ ਹੋਣਹਾਰ ਵਿਦਿਆਰਥਣ ਜਪਨੀਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜਪਨੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ 600 ਵਿੱਚੋਂ 598 ਅੰਕ ਪ੍ਰਾਪਤ ਕਰ ਕੇ ਸੂਬੇ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਜਪਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਉਪਲਬਧੀ ਸਿਰਫ਼ ਉਸਦੀ ਆਪਣੀ ਮਿਹਨਤ ਦਾ ਨਹੀਂ, ਸਗੋਂ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਵੀ ਪ੍ਰਤੀਕ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚਾਗਤ ਸੁਧਾਰ, ਸਮਾਰਟ ਕਲਾਸਰੂਮ, ਆਧੁਨਿਕ ਲੈਬੋਰਟਰੀਆਂ ਅਤੇ ਹੋਰ ਆਧੁਨਿਕ ਸੁਵਿਧਾਵਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਵਾਤਾਵਰਨ ਮਿਲ ਰਿਹਾ ਹੈ।
ਸ੍ਰੀ ਗੋਇਲ ਨੇ ਦੱਸਿਆ ਕਿ ਅਧਿਆਪਕਾਂ ਦੀ ਯੋਗਤਾ ਵਿੱਚ ਨਿਰੰਤਰ ਵਾਧਾ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਤਹਿਤ ਅਧਿਆਪਕਾਂ ਨੂੰ ਦੇਸ਼ ਦੇ ਪ੍ਰਮੁੱਖ ਸਿੱਖਿਆ ਸੰਸਥਾਨਾਂ ਵਿੱਚ ਟਰੇਨਿੰਗ ਦੇਣ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਉੱਚ ਪੱਧਰੀ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ, ਤਾਂ ਜੋ ਉਹ ਨਵੀਆਂ ਸਿੱਖਣ-ਸਿਖਾਉਣ ਦੀਆਂ ਤਕਨੀਕਾਂ ਅਤੇ ਵਿਸ਼ਵ ਪੱਧਰੀ ਤਜਰਬੇ ਨਾਲ ਲੈਸ ਹੋ ਸਕਣ।
ਉਹਨਾਂ ਹੋਰ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਹਰ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਵੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆ ਰਹੇ ਸਕਾਰਾਤਮਕ ਬਦਲਾਅ ਦਾ ਸਪਸ਼ਟ ਪ੍ਰਮਾਣ ਹੈ।
ਸ੍ਰੀ ਗੋਇਲ ਨੇ ਇਸ ਗੱਲ ‘ਤੇ ਵੀ ਖੁਸ਼ੀ ਜਤਾਈ ਕਿ ਜਪਨੀਤ ਕੌਰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਹੈ ਅਤੇ ਉਸ ਨੇ ਸਕੂਲ ਨੈਸ਼ਨਲ ਖੇਡਾਂ ਵਿੱਚ 200 ਮੀਟਰ ਦੌੜ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਹਨਾਂ ਕਿਹਾ ਕਿ ਐਸੇ ਹੋਣਹਾਰ ਵਿਦਿਆਰਥੀ ਹੋਰਾਂ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ।
ਕੈਬਨਿਟ ਮੰਤਰੀ ਵੱਲੋਂ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੌਰਾਨ ਮੰਤਰੀ ਨੇ ਜਪਨੀਤ ਕੌਰ ਦੇ ਪਿਤਾ ਕੁਲਦੀਪ ਸਿੰਘ ਅਤੇ ਮਾਤਾ ਜਗਦੀਪ ਕੌਰ, ਜੋ ਕਿ ਦੋਵੇਂ ਸਰਕਾਰੀ ਅਧਿਆਪਕ ਹਨ, ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਮਾਪਿਆਂ ਦੀ ਸਹੀ ਦਿਸ਼ਾ-ਨਿਰਦੇਸ਼ ਅਤੇ ਮਿਹਨਤ ਨਾਲ ਹੀ ਬੱਚੇ ਉੱਚੀਆਂ ਮੰਜਿਲਾਂ ਤਕ ਪਹੁੰਚਦੇ ਹਨ।
ਇਸ ਮੌਕੇ ਜਪਨੀਤ ਕੌਰ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੀ ਕਠਿਨ ਮਹਿਨਤ, ਮਾਪਿਆਂ ਦੀ ਪ੍ਰੇਰਣਾ ਅਤੇ ਅਧਿਆਪਕਾਂ ਦੀ ਰਹਿਨੁਮਾਈ ਨੂੰ ਦਿੱਤਾ। ਉਸ ਨੇ ਕਿਹਾ ਕਿ ਉਸ ਦੇ ਅਧਿਆਪਕਾਂ ਵੱਲੋਂ ਮਿਲੀ ਲਗਾਤਾਰ ਸਹਾਇਤਾ ਅਤੇ ਸਹੀ ਦਿਸ਼ਾ-ਨਿਰਦੇਸ਼ ਨੇ ਉਸ ਨੂੰ ਇਹ ਉਪਲਬਧੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਜਪਨੀਤ ਨੇ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਬਿਹਤਰ ਸੁਵਿਧਾਵਾਂ, ਸਮਾਰਟ ਕਲਾਸਰੂਮ ਅਤੇ ਉੱਚ ਗੁਣਵੱਤਾ ਵਾਲਾ ਸਿੱਖਿਆ ਮਾਹੌਲ ਉਪਲਬਧ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਅੱਗੇ ਵੱਧਣ ਲਈ ਵੱਡੀ ਮਦਦ ਮਿਲ ਰਹੀ ਹੈ।
ਇਸ ਮੌਕੇ ਜਪਨੀਤ ਕੌਰ ਦੀ ਭੈਣ ਮਨਨੀਤ ਕੌਰ,ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਐਡਵੋਕੇਟ ਗੌਰਵ ਗੋਇਲ ਸਮੇਤ ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here