BKU ਏਕਤਾ ਡਕੌਂਦਾ ਦੇ ਹਜ਼ਾਰਾਂ ਕਿਸਾਨ ਕਾਫ਼ਲੇ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਹੋਏ ਰਵਾਨਾ

0
19

BKU ਏਕਤਾ ਡਕੌਂਦਾ ਦੇ ਹਜ਼ਾਰਾਂ ਕਿਸਾਨ ਕਾਫ਼ਲੇ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਹੋਏ ਰਵਾਨਾ
ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਦੇ ਜਥੇ ਰਾਤ ਨੂੰ ਹੀ ਪਹੁੰਚੇ ਟੋਹਾਣਾ
ਮਹਾਂ ਪੰਚਾਇਤ ਤੇ ਜਾ ਰਹੇ ਤਿੰਨ ਕਿਸਾਨਾਂ ਦੀ ਸ਼ਹਾਦਤ ਲਈ ਸਰਕਾਰ ਦੀਆਂ ਮਾੜੀਆਂ ਨੀਤੀਆਂ ਜ਼ਿੰਮੇਵਾਰ -ਮਨਜੀਤ ਧਨੇਰ

ਚੰਡੀਗੜ੍ਹ, 04 ਜਨਵਰੀ, 2025:

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਰਿਆਣਾ ਦੇ ਸ਼ਹਿਰ ਟੋਹਾਣਾ ਵਿਖੇ ਕੀਤੀ ਗਈ ਕਿਸਾਨ ਮਹਾਂ ਪੰਚਾਇਤ ਵਿੱਚ ਰਿਕਾਰਡ ਤੋੜ ਇਕੱਠ ਹੋਇਆ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਹਜ਼ਾਰਾਂ ਕਿਸਾਨ ਅਤੇ ਔਰਤਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸਵੇਰੇ ਹੀ ਰਵਾਨਾ ਹੋ ਗਏ। ਇਸ ਮਹਾਂ ਪੰਚਾਇਤ ਵਿੱਚ ਹਰਿਆਣੇ ਤੋਂ ਇਲਾਵਾ ਪੰਜਾਬ ਤੋਂ ਵੀ ਦਹਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਔਰਤ ਵਿੰਗ ਦੀ ਕਨਵੀਨਰ ਬੀਬੀ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਉਹਨਾਂ ਦੀ ਜਥੇਬੰਦੀ ਦੇ ਕਾਫ਼ਲੇ ਫਿਰੋਜ਼ਪੁਰ ਅਤੇ ਫਰੀਦਕੋਟ ਤੋਂ ਰਾਤ ਨੂੰ ਹੀ ਪੰਜਾਬ ਮੇਲ ਤੇ ਚੜ ਕੇ ਟੋਹਾਣਾ ਪਹੁੰਚ ਗਏ ਸਨ ਅਤੇ ਉਨਾਂ ਨੇ ਰਾਤ ਹਰਿਆਣਾ ਦੇ ਟੋਹਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਬਤੀਤ ਕੀਤੀ। ਇਸੇ ਤਰ੍ਹਾਂ ਸੰਘਣੀ ਧੁੰਦ ਅਤੇ ਠੰਡ ਦੇ ਬਾਵਜੂਦ ਪੰਜਾਬ ਦੇ 13 ਜ਼ਿਲਿਆਂ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਕਪੂਰਥਲਾ, ਬਠਿੰਡਾ, ਲੁਧਿਆਣਾ ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਮੁਹਾਲੀ ਤੋਂ ਕਿਸਾਨਾਂ ਦੇ ਕਾਫਲੇ ਆਪੋ ਆਪਣੀਆਂ ਗੱਡੀਆਂ ਅਤੇ ਬੱਸਾਂ ਰਾਹੀਂ ਸਵੇਰੇ ਹੀ ਟੋਹਾਣਾ ਨੂੰ ਰਵਾਨਾ ਹੋ ਗਏ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਬਰਨਾਲਾ ਵਿਖੇ ਬੱਸ ਪਲਟਣ ਕਾਰਨ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ, ਆਵਾਜਾਈ ਦੇ ਘਟੀਆ ਪ੍ਰਬੰਧ ਅਤੇ ਫਲਾਈ ਓਵਰਾਂ ਦੇ ਨੁਕਸਦਾਰ ਡਿਜ਼ਾਈਨਾਂ ਕਾਰਨ ਕਿਸਾਨਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਇਸ ਕਿਸਾਨ ਮਹਾਂ ਪੰਚਾਇਤ ਵਿੱਚ ਪਹੁੰਚੇ ਸਾਰੇ ਕਿਸਾਨਾਂ ਅਤੇ ਔਰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੌਮੀ ਖੇਤੀ ਮੰਡੀਕਰਨ ਨੀਤੀ, ਕਰਜ਼ਾ ਮੁਕਤੀ ਅਤੇ ਐਮਐਸ ਪੀ ਤੇ ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਸਮੇਤ ਦਿੱਲੀ ਅੰਦੋਲਨ ਵੇਲੇ ਦੀਆਂ ਰਹਿੰਦੀਆਂ ਮੰਗਾਂ ਤੇ ਘੋਲ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਨੇ ਦੱਸਿਆ ਕਿ 09 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਹੋ ਮੋਗਾ ਵਿਖੇ ਹੋ ਰਹੀ ਕਿਸਾਨ ਮਹਾਂਪੰਚਾਇਤ ਵਿੱਚ ਵੀ ਜਥੇਬੰਦੀ ਵੱਧ ਚੜ੍ਹ ਕੇ ਸ਼ਾਮਿਲ ਹੋਵੇਗੀ।

LEAVE A REPLY

Please enter your comment!
Please enter your name here