ਅੰਮ੍ਰਿਤਸਰ 26 ਜਨਵਰੀ 2025 —
ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼–ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।
ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਤਿਰੰਗਾ ਲਹਿਰਾਇਆ ਅਤੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਹੀਦ ਫੌਜੀ ਜਵਾਨਾਂ ਅਤੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਰਾਸ਼ੀ ਦੁੱਗਣੀ ਕਰ ਦਿੱਤੀ ਹੈ।
ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੋਈ ਹੈ। ਮੌਜੂਦਾ ਸਰਕਾਰ ਵੱਲੋਂ ਸ਼ਹੀਦ–ਏ–ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਨਾਲ ਹੀ ਸੂਬੇ ਦੀ ਭਲਾਈ ਲਈ ਕਾਰਜਾਂ ਦੀ ਸ਼ੁਰੂਆਤ ਕੀਤੀ ਸੀ ਅਤੇ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ–ਪੱਖੀ ਪਹਿਲਕਦਮੀਆਂ ਕੀਤੀਆਂ ਹਨ।
ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਧਰਮੀ ਫੌਜੀਆਂ ਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ, ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਤੋਂ ਵਧਾ ਕੇ 11000 ਰੁਪਏ ਅਤੇ ਸਵਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੂੰ ਸਰਕਾਰੀ ਭਰਤੀ ਵਿੱਚ 1 ਫੀਸਦੀ ਦਾ ਰਾਖਵਾਂਕਰਨ ਦਿੱਤਾ ਹੈ।
ਉਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ 34 ਮਹੀਨਿਆਂ ਦੌਰਾਨ 50 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਰੋਜ਼ਗਾਰ, ਸਿਹਤ, ਸਿੱਖਿਆ, ਮੁਫਤ ਬਿਜਲੀ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ ਹਨ।
ਇਸੇ ਤਹਿਤ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਉਂਦਿਆਂ ਸਾਡੀ ਸਰਕਾਰ ਨੇ ਹੁਣ ਤੱਕ 881 ਆਮ ਆਦਮੀ ਕਲੀਨਿਕ ਚਲਾ ਦਿੱਤੇ ਹਨ, ਜਿੱਥੇ ਰੋਜ਼ਾਨਾ ਲੱਖਾਂ ਲੋਕ ਮੁਫਤ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਇਸੇ ਤਰ੍ਹਾਂ ਸਿੱਖਿਆ ਖੇਤਰ ਵਿੱਚ ਵੀ ਸਾਡੀ ਸਰਕਾਰ ਨੇ ਨਵੇਂ ਮੁਕਾਮ ਹਾਸਲ ਕੀਤੇ ਹਨ। ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ 118 ਸਕੂਲ ਆਫ ਐਮੀਨੈਂਸ ਚੱਲ ਰਹੇ ਹਨ।
ਪ੍ਰਸ਼ਾਸ਼ਨਿਕ ਸੁਧਾਰਾਂ ਦੀ ਗੱਲ ਕਰਦੇ ਉਨਾਂ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਦਰਾਂ ਉਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਦਿੱਤੀਆਂ ਜਾ ਰਹੀਆਂ ਹਨ। ਹੁਣ ਨਾਗਰਿਕ ਕਿਸੇ ਵੀ ਸਰਕਾਰੀ ਦਫ਼ਤਰ ਦੇ ਚੱਕਰ ਲਗਾਉਣ ਦੀ ਬਜਾਏ ਆਪਣੇ ਘਰ ਬੈਠੇ ਹੀ 1076 ਉਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਸੇਵਾ ਹਾਸਲ ਕਰ ਸਕਦੇ ਹਨ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੀ ਵਚਨਬੱਧ ਹੈ। ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ। 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਆਈ ਭਾਰਤੀ ਹਾਕੀ ਟੀਮ ਦੇ 8 ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ-ਇਕ ਕਰੋੜ ਰੁਪਏ ਦੇ ਇਨਾਮ ਦਿੱਤੇ ਹਨ। ਇਹ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਪੰਜ ਖਿਡਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਲ 2024 ਦੌਰਾਨ ਸੈਰ-ਸਪਾਟੇ ਨਾਲ ਸਬੰਧਤ ਅਤੇ ਸੱਭਿਆਚਾਰ ਨਾਲ ਜੁੜੀਆਂ ਪੁਰਾਤਨ ਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ, ਨਵੀਨਤਾ ਅਤੇ ਆਧੁਨਿਕੀਕਰਨ ਲਈ 73 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚੀ ਗਈ ਹੈ।
ਉਨਾਂ ਨਿਵੇਸ਼ਕਾਂ ਨੂੰ ਸੱਦਾ ਦਿੰਦੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਸਾਡੀ ਸਰਕਾਰ ਵੱਧ ਤੋਂ ਵੱਧ ਕਾਰੋਬਾਰੀਆਂ ਨੂੰ ਆਪਣੀਆਂ ਸਨਅਤਾਂ ਪੰਜਾਬ ਵਿੱਚ ਸ਼ੁਰੂ ਕਰਨ ਦਾ ਸੱਦਾ ਦਿੰਦੀ ਹੈ।
ਅੰਮ੍ਰਿਤਸਰ ਦੀ ਗੱਲ ਕਰਦੇ ਉਨਾਂ ਜ਼ਿਲ੍ਹੇ ਦੇ 100 ਪਰਾਲੀ ਨਾ ਸਾੜ੍ਹਨ ਵਾਲੇ ਕਿਸਾਨਾਂ ਨੂੰ ਕਿਸਾਨ ਹੀਰੋ ਸਨਮਾਨ ਪੱਤਰ ਨਾਲ ਨਿਵਾਜਣ, ਜ਼ਿਲ੍ਹੇ ਨੂੰ ਟੀ.ਬੀ ਮੁਕਤ ਕਰਨ ਲਈ 1700 ਟੀ.ਬੀ ਮਰੀਜਾਂ ਨੂੰ ਗੋਦ ਲੈਣ, ਲੜਕੀਆਂ ਦੇ ਸੈਲਫ ਹੈਲਪ ਗਰੁੱਪਾਂ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ ਯਤਨ ਕਰਨ ਅਤੇ ਸਕੂਲੀ ਬੱਚਿਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਵਿੱਚ ਮਾਈਂਡ ਸਪਾਰਕ ਲੈਬਾਂ ਦੀ ਸ਼ੁਰੂਆਤ ਕਰਨ ਵਰਗੇ ਪ੍ਰੋਜੈਕਟਾਂ ਦੀ ਸਰਾਹਨਾ ਕੀਤੀ। ਇਸ ਮੌਕੇ ਉਨਾਂ ਅੰਮ੍ਰਿਤਸਰ ਵਿੱਚ ਬੱਚਿਆਂ ਅਤੇ ਵੱਡਿਆਂ ਨੂੰ ਕਾਰੋਬਾਰ ਕਰਨ ਲਈ ਸਹਾਇਤਾ ਦੇਣ ਵਾਲਾ ਪ੍ਰੋਜੈਕਟ ਫਿਊਚਰ ਟਾਈਕੋਨ ਅਤੇ ਰੀਹੈਬਲੀਟੇਸ਼ਨ ਸੈਂਟਰ ਦਾ ਹੈਲਪਲਾਈਨ ਨੰਬਰ ਵੀ ਲਾਂਚ ਕੀਤਾ।
ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਵਿਧਾਇਕ ਮੈਡਮ ਜੀਵਨ ਜੋਤ ਕੌਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਏ.ਡੀ.ਜੀ.ਪੀ. ਸ੍ਰੀ ਏ.ਐਸ.ਰਾਏ, ਡੀ.ਆਈ.ਜੀ. ਸ: ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਸਾਬਕਾ ਮੰਤਰੀ ਸ੍ਰੀਮਤੀ ਲਸ਼ਮੀਕਾਂਤਾ ਚਾਵਲਾ, ਸ੍ਰੀ ਮਨੀਸ਼ ਅਗਰਵਾਲ, ਸ੍ਰੀ ਅਸ਼ੋਕ ਤਲਵਾਰ, ਸ੍ਰੀ ਰਵਿੰਦਰ ਹੰਸ, ਸ੍ਰੀ ਸਤਪਾਲ ਸੋਖੀ, ਸ੍ਰੀ ਅਰਵਿੰਦਰ ਭੱਟੀ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।
ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਕਾਲਜਾਂ ਨੂੰ ਕੱਲ 27 ਜਨਵਰੀ ਦੀ ਰਹੇਗੀ ਛੁੱਟੀ
ਕੈਬਨਿਟ ਮੰਤਰੀ ਸ: ਸੌਂਦ ਨੇ ਬੱਚਿਆਂ ਦੇ ਪ੍ਰੋਗਰਾਮ ਤੋਂ ਖੁਸ਼ ਹੋ ਕੇ ਐਲਾਨ ਕੀਤਾ ਕਿ ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਹੈ ਉਨਾਂ ਨੂੰ ਕੱਲ 27 ਜਨਵਰੀ ਦੀ ਛੁੱਟੀ ਰਹੇਗੀ।
 
                



