ਭ੍ਰਿਸ਼ਟਾਚਾਰ ਖ਼ਿਲਾਫ਼ ਇਨਕਲਾਬ ਦਾ ਨਾਅਰਾ ਦੇਣ ਵਾਲੀ ‘ਆਪ’ ਅੱਜ ਭ੍ਰਿਸ਼ਟਾਚਾਰੀਆਂ ਦੀ ਢਾਲ ਬਣ ਚੁੱਕੀ : ਪ੍ਰੋ. ਸਰਚਾਂਦ ਸਿੰਘ ਖਿਆਲਾ।

0
13
ਭ੍ਰਿਸ਼ਟਾਚਾਰ ਖ਼ਿਲਾਫ਼ ਇਨਕਲਾਬ ਦਾ ਨਾਅਰਾ ਦੇਣ ਵਾਲੀ ‘ਆਪ’ ਅੱਜ ਭ੍ਰਿਸ਼ਟਾਚਾਰੀਆਂ ਦੀ ਢਾਲ ਬਣ ਚੁੱਕੀ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਭ੍ਰਿਸ਼ਟਾਚਾਰ ਖ਼ਿਲਾਫ਼ ਇਨਕਲਾਬ ਦਾ ਨਾਅਰਾ ਦੇਣ ਵਾਲੀ ‘ਆਪ’ ਅੱਜ ਭ੍ਰਿਸ਼ਟਾਚਾਰੀਆਂ ਦੀ ਢਾਲ ਬਣ ਚੁੱਕੀ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਭਾਜਪਾ ਦਫ਼ਤਰਾਂ ’ਤੇ ਹਮਲੇ ਅਤੇ ਗੁੰਡਾਗਰਦੀ ਪੰਜਾਬ ਨੂੰ ਬੰਗਾਲ ਮਾਡਲ ਵੱਲ ਧੱਕਣ ਦੀ ਕੋਸ਼ਿਸ਼।
ਨਸ਼ਾ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਪ੍ਰੈਸ ’ਤੇ ਦਬਾਅ — ਮਾਨ ਸਰਕਾਰ ਹਰ ਮੋਰਚੇ ’ਤੇ ਨਾਕਾਮ।
ਅੰਮ੍ਰਿਤਸਰ, 10 ਮਈ :
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕਾਂਗਰਸ ਦੇ ਭ੍ਰਿਸ਼ਟਾਚਾਰ ਖ਼ਿਲਾਫ਼ “ਇਨਕਲਾਬ ਜ਼ਿੰਦਾਬਾਦ” ਦੇ ਨਾਅਰੇ ਨਾਲ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਅੱਜ ਆਪਣੇ ਹੀ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਬਚਾਉਣ ਲਈ ਸੜਕਾਂ ’ਤੇ ਉਤਰ ਕੇ ਗੁੰਡਾਗਰਦੀ ਦਾ ਨੰਗਾ ਨਾਚ ਕਰ ਰਹੀ ਹੈ। ਇਸ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ‘ਆਪ’ ਦੇ ਸੰਸਥਾਪਕ ਸਿਧਾਂਤ ਸਿਰਫ਼ ਇੱਕ ਰਾਜਨੀਤਿਕ ਮਿੱਥ ਅਤੇ ਜੁਮਲਾ ਸਨ।
ਉਨ੍ਹਾਂ ਕਿਹਾ ਕਿ ਲੰਘੇ ਦਿਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਤੀਜੀ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਪਰ ਹੈਰਾਨੀ ਦੀ ਗਲ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਜਵਾਬਦੇਹੀ ਨਿਭਾਉਣ ਦੀ ਥਾਂ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਵਿੱਚ ਭਾਜਪਾ ਵਿਰੁੱਧ ਮੋਰਚਾ ਖੋਲ੍ਹ ਦਿੱਤਾ। ਜੋ ਲੋਕ ਇਨਕਲਾਬ ਅਤੇ ਪਾਰਦਰਸ਼ਤਾ ਦੀ ਗੱਲ ਕਰਦੇ ਸਨ, ਉਹ ਅੱਜ ਖੁੱਲ੍ਹੇਆਮ ਭ੍ਰਿਸ਼ਟਾਚਾਰੀਆਂ ਦੀ ਪਿੱਠ ’ਤੇ ਖੜ੍ਹੇ ਨਜ਼ਰ ਆ ਰਹੇ ਹਨ।
ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦਫ਼ਤਰਾਂ ਵਿੱਚ ਦਾਖਲ ਹੋ ਕੇ ‘ਆਪ’ ਆਗੂਆਂ ਅਤੇ ਵਰਕਰਾਂ ਵੱਲੋਂ ਕੀਤੀ ਗਈ ਕਥਿਤ ਗੁੰਡਾਗਰਦੀ ਅਤੇ ਤੋੜਫੋੜ ਦੀ ਸਖ਼ਤ ਨਿਖੇਧੀ ਕਰਦਿਆਂ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਬਲਾਚੌਰ ਵਿੱਚ ‘ਆਪ’ ਵਿਧਾਇਕ ਸੁਖਵਿੰਦਰ ਸੁੱਖੀ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਭਾਜਪਾ ਦਫ਼ਤਰ ਅੰਦਰ ਵੜ ਕੇ ਜ਼ਿਲ੍ਹਾ ਪ੍ਰਧਾਨ ਨਾਲ ਕੀਤੀ ਗਈ ਕੁੱਟਮਾਰ ਨਿਮਨ ਪੱਧਰ ਦੀ ਸਿਆਸਤ ਅਤੇ ਨੈਤਿਕ ਪਤਨ ਦੀ ਨਿਸ਼ਾਨੀ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧ ਕਰਨਾ ਸਭ ਦਾ ਹੱਕ ਹੈ, ਪਰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ। ਭਾਜਪਾ ਪੰਜਾਬ ਨੂੰ ਮਮਤਾ ਬੈਨਰਜੀ ਦੇ ਬੰਗਾਲ ਵਾਂਗ ਰਾਜਨੀਤਿਕ ਹਿੰਸਾ ਦਾ ਕੇਂਦਰ ਨਹੀਂ ਬਣਨ ਦੇਵੇਗੀ। ਉਨ੍ਹਾਂ ਪੰਜਾਬ ਪੁਲੀਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਪ੍ਰੋ. ਖਿਆਲਾ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਨੂੰ ਬਦਲਾਖੋਰੀ ਵਰਗੇ ਦੋਸ਼ ਲਗਾਉਣ ਦੀ ਥਾਂ ‘ਆਪ’ ਨੂੰ ਆਪਣੇ ਮੰਤਰੀਆਂ ਅਤੇ ਆਗੂਆਂ ਤੋਂ ਜਵਾਬ ਮੰਗਣਾ ਚਾਹੀਦਾ ਸੀ। ਇਸੇ ਹਫ਼ਤੇ ਈਡੀ ਵੱਲੋਂ ਰੀਅਲ ਅਸਟੇਟ ਗਰੁੱਪਾਂ ’ਤੇ ਕੀਤੀਆਂ ਛਾਪੇਮਾਰੀਆਂ ਦੌਰਾਨ ਮੋਹਾਲੀ ਦੀ ਇੱਕ ਇਮਾਰਤ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠਾ ਕੀਤਾ ਗਿਆ ਪੈਸਾ ਬਰਾਮਦ ਹੋਇਆ। ਬਿਲਡਰ, ਜਿਸ ਨੇ ਬਾਜ਼ਾਰੂ ਕੀਮਤ ਤੋਂ ਕਰੀਬ 170 ਕਰੋੜ ਰੁਪਏ ਘੱਟ ’ਤੇ ਜ਼ਮੀਨ ਖਰੀਦੀ, ਉਹ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਭਾਵੇਂ ਹਰ ਜਾਂਚ ਨੂੰ ਸਿਆਸੀ ਬਦਲਾਖੋਰੀ ਕਹੇ, ਪਰ ਇਹ ਕਾਰਵਾਈਆਂ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹਨ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਨੂੰ ਕੇਵਲ ਰਾਜਨੀਤਿਕ ਨਾਅਰਿਆਂ ਨਾਲ ਨਹੀਂ ਢੱਕਿਆ ਜਾ ਸਕਦਾ।
ਪ੍ਰੋ. ਖਿਆਲਾ ਨੇ ਕਿਹਾ ਕਿ ‘ਆਪ’ ਨੇ ਸਿਸਟਮ ਬਦਲਣ ਦਾ ਵਾਅਦਾ ਕੀਤਾ ਸੀ, ਪਰ ਬਦਲਿਆ ਕੁਝ ਨਹੀਂ। ਸਗੋਂ ਪਾਰਟੀ ਦੇ ਅੰਦਰਲੇ “ਬ੍ਰੇਨ ਡਰੇਨ” ਨੇ ਅਰਵਿੰਦ ਕੇਜਰੀਵਾਲ ਨੂੰ ਰਾਜਨੀਤਿਕ ਤੌਰ ’ਤੇ ਅਲੱਗ-ਥਲੱਗ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਵਿੱਚ ਭਗਵੰਤ ਮਾਨ ਨੂੰ ਸੱਤਾ ਸੌਂਪੀ ਸੀ, ਪਰ ਉਹ ਪੰਜਾਬ ਦੀ ਬਾਂਹ ਮਜ਼ਬੂਤੀ ਨਾਲ ਫੜ ਨਹੀਂ ਸਕੇ। ਕੇਜਰੀਵਾਲ ਵੱਲੋਂ ਬਾਹਰੀ ਰਾਜਨੀਤਿਕ ਤਰਜੀਹਾਂ ਲਈ ਪੰਜਾਬ ਦੇ ਸਰੋਤਾਂ ਦੀ ਨਾਜਾਇਜ਼ ਵਰਤੋਂ ਕੀਤੀ ਗਈ ਅਤੇ ਭਗਵੰਤ ਮਾਨ ਮੂਕ ਦਰਸ਼ਕ ਬਣੇ ਰਹੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਜੋ ਅਜੇ ਵੀ ਜਾਰੀ ਹੈ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਪਾਈ ਗਈ ਝਾੜ ਨਾਲ ਸਰਕਾਰ ਦੀ ਪ੍ਰਸ਼ਾਸਨਿਕ ਜੜਤਾ ਸਪਸ਼ਟ ਹੋ ਗਈ ਹੈ। ਨਾਲ ਹੀ ਗੈਂਗਸਟਰ ਗਤੀਵਿਧੀਆਂ ਦਾ ਦੁਬਾਰਾ ਉਭਾਰ, ਟਾਰਗੈਟ ਕਿਲਿੰਗ, ਜਬਰੀ ਵਸੂਲੀ ਦੇ ਨੈੱਟਵਰਕ ਅਤੇ ਜੇਲ੍ਹਾਂ ਦੇ ਅੰਦਰੋਂ ਚੱਲ ਰਹੀਆਂ ਅਪਰਾਧਿਕ ਸਰਗਰਮੀਆਂ ਨੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕੀਤਾ ਹੈ।
ਮੀਡੀਆ ਦੀ ਆਜ਼ਾਦੀ ’ਤੇ ਚਿੰਤਾ ਜਤਾਉਂਦਿਆਂ ਪ੍ਰੋ. ਖਿਆਲਾ ਨੇ ਕਿਹਾ ਕਿ ਪੰਜਾਬ ਵਿੱਚ ਸੁਤੰਤਰ ਪੱਤਰਕਾਰਾਂ ਅਤੇ ਨਿਗਰਾਨੀ ਸਮੂਹਾਂ ’ਤੇ ਦਬਾਅ ਬਣਾਉਣ ਲਈ ‘ਆਪ’ ਸਰਕਾਰ ਵੱਲੋਂ ਮਾਣਹਾਨੀ ਨੋਟਿਸ, ਐਫਆਈਆਰ ਅਤੇ ਕਾਪੀਰਾਈਟ ਦਾਅਵਿਆਂ ਵਰਗੇ ਕਾਨੂੰਨੀ ਅਤੇ ਅਰਧ-ਕਾਨੂੰਨੀ ਹੱਥਕੰਡੇ ਵਰਤੇ ਜਾ ਰਹੇ ਹਨ। ਇਸ ਸਾਲ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਵਰਤੋਂ ਸਬੰਧੀ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਅਤੇ ਕਾਰਕੁਨਾਂ ਵਿਰੁੱਧ ਦਰਜ ਕੀਤੀਆਂ ਗਈਆਂ ਐਫਆਈਆਰਾਂ ਨੂੰ ਉਨ੍ਹਾਂ ਨੇ “ਬਿਰਤਾਂਤ ਪੁਲਿਸਿੰਗ” ਦਾ ਖ਼ਤਰਨਾਕ ਰੂਪ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਵਿਰੁੱਧ ਐਫਆਈਆਰ ਦਰਜ ਕਰਨਾ ਸੰਵਿਧਾਨ ਦੇ ਅਨੁਛੇਦ 19(1)(A) ਤਹਿਤ ਮਿਲੀ ਅਭਿਵਿਅਕਤੀ ਅਤੇ ਪ੍ਰੈਸ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼ ਹੈ।
ਅੰਤ ਵਿੱਚ ਪ੍ਰੋ. ਖਿਆਲਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ‘ਆਪ’ ਵੱਲੋਂ ਕੀਤੀ ਜਾ ਰਹੀ ਪੰਜਾਬ ਦੀ ਲੁੱਟ ਦਾ ਜਵਾਬ ਪੰਜਾਬ ਦੇ ਲੋਕ ਲੋਕਤੰਤਰਿਕ ਤਰੀਕੇ ਨਾਲ ਜ਼ਰੂਰ ਦੇਣਗੇ।

LEAVE A REPLY

Please enter your comment!
Please enter your name here