ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

0
8

ਮਾਨਸਾ, 8 ਅਪ੍ਰੈਲ 2026( ਡਾ ਸੰਦੀਪ ਘੰਡ)

ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਥਾਈ ਹੱਲ ਯਕੀਨੀ ਬਣਾਉਣ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ., ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਉਨ੍ਹਾਂ ਵੱਲੋਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕ੍ਰਿਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖਾਨਾ, ਗ੍ਰੀਨ ਵੈਲੀ ਰੋਡ ਅਤੇ ਚਕੇਰੀਆਂ ਫਾਟਕ ਰੋਡ ਉੱਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ।
ਨਿਰੀਖਣ ਦੌਰਾਨ ਕੁਝ ਥਾਵਾਂ ’ਤੇ ਕੰਮ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲਿਆ ਗਿਆ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਰੋਕਣ, ਬੇਵਜ੍ਹਾ ਅੜਚਣਾਂ ਪੈਦਾ ਕਰਨ ਜਾਂ ਲੋਕ ਹਿੱਤਾਂ ਦੇ ਖ਼ਿਲਾਫ਼ ਗਲਤਫ਼ਹਿਮੀਆਂ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲੇ ਕੁਝ ਸਵਾਰਥੀ ਤੱਤ ਲੋਕਾਂ ਦੇ ਸਾਹਮਣੇ ਬੇਨਕਾਬ ਹੋ ਚੁੱਕੇ ਹਨ। ਅਜਿਹੇ ਲੋਕ ਵਿਕਾਸ ਨੂੰ ਰੋਕ ਕੇ ਸਿਰਫ਼ ਰਾਜਨੀਤਿਕ ਲਾਭ ਲੈਣਾ ਚਾਹੁੰਦੇ ਹਨ, ਜਦਕਿ ਸਰਕਾਰ ਦਾ ਇਕੋ ਮਕਸਦ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ।ਉਹਨਾਂ ਦੱਸਿਆ ਕਿ ਇਹ ਲੋਕ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਛੱਡੇ ਹੋਏ ਹਨ ਜਿੰਨਾ ਦਾ ਮਕਸਦ ਕੇਵਲ ਵਿਕਾਸ ਨੂੰ ਰੋਕਣਾ ਹੈ।
ਉਨ੍ਹਾਂ ਕਿਹਾ ਕਿ ਲੋਕ ਹੁਣ ਇਹ ਗੱਲ ਚੰਗੀ ਤਰ੍ਹਾਂ ਸਮਝਦੇ ਹਨ ਕਿ ਮਾਨਸਾ ਦੇ ਵਿਕਾਸ ਨੂੰ ਰੋਕਣ ਵਾਲੇ ਲੋਕ ਸ਼ਹਿਰ ਦੇ ਹਿੱਤ ਵਿੱਚ ਨਹੀਂ, ਸਗੋਂ ਆਪਣੇ ਨਿੱਜੀ ਅਤੇ ਰਾਜਨੀਤਿਕ ਮਕਸਦਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਕਿਸੇ ਵੀ ਕੀਮਤ ’ਤੇ ਰੁਕਣ ਨਹੀਂ ਦੇਵੇਗੀ।
ਵਿਧਾਇਕ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਜਨਤਕ ਧਨ ਦੀ ਬਰਬਾਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਠੇਕੇਦਾਰ ਜਾਂ ਅਧਿਕਾਰੀ ਵੱਲੋਂ ਅਣਗਹਿਲੀ ਪਾਈ ਗਈ ਤਾਂ ਉਸ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਸਿਵਲ ਹਸਪਤਾਲ ਮਾਨਸਾ ਵਿੱਚ ਕਰੀਬ 16.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਅਤਿ-ਆਧੁਨਿਕ ਕਾਰਡੀਅਕ ਕੇਅਰ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ ਗਿਆ। ਵਿਧਾਇਕ ਨੇ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਲਈ ਪਾਰਕਿੰਗ ਵਿਵਸਥਾ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਹਾਲਤ ਵਿੱਚ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਚੱਲ ਰਹੇ ਸਾਰੇ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂੰ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਪ੍ਰਤੀਕ ਸਿੰਗਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਰਜਸਾਧਕ ਅਫਸਰ ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here